ਪੰਜਾਬ ਕੈਬਨਿਟ ਦੇ ਵੱਡੇ ਫੈਸਲੇ: ਆਊਟਸੋਰਸ ਮੁਲਾਜ਼ਮਾਂ ਲਈ ਮਨੀ ਬਿੱਲ, ਸਕੂਲ ਫੀਸਾਂ ‘ਤੇ ਸਖ਼ਤੀ- 3 ਡਿਜੀਟਲ ਯੂਨੀਵਰਸਿਟੀਆਂ ਨੂੰ ਹਰੀ ਝੰਡੀ

Top Trending News ਪੰਜਾਬ
  • ਪੰਜਾਬ ਕੈਬਨਿਟ ਦੇ ਵੱਡੇ ਫੈਸਲੇ: ਆਊਟਸੋਰਸ ਮੁਲਾਜ਼ਮਾਂ ਲਈ ਮਨੀ ਬਿੱਲ, ਸਕੂਲ ਫੀਸਾਂ ‘ਤੇ ਸਖ਼ਤੀ- 3 ਡਿਜੀਟਲ ਯੂਨੀਵਰਸਿਟੀਆਂ ਨੂੰ ਹਰੀ ਝੰਡੀ

ਚੰਡੀਗੜ੍ਹ, 5 ਅਗਸਤ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਲੋਕ-ਹਿਤ ਨਾਲ ਜੁੜੇ ਕਈ ਅਹਿਮ ਫੈਸਲਿਆਂ ਨੂੰ ਮਨਜ਼ੂਰੀ ਦਿੱਤੀ ਗਈ। ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸਰਕਾਰ ਨੇ ਆਊਟਸੋਰਸ ਮੁਲਾਜ਼ਮਾਂ, ਨਿੱਜੀ ਸਕੂਲਾਂ ਦੀਆਂ ਫੀਸਾਂ, ਉੱਚ ਸਿੱਖਿਆ ਅਤੇ ਵਾਤਾਵਰਨ ਸੁਰੱਖਿਆ ਸਬੰਧੀ ਮਹੱਤਵਪੂਰਨ ਕਦਮ ਚੁੱਕੇ ਹਨ।

ਕੈਬਨਿਟ ਨੇ ਠੇਕੇਦਾਰਾਂ ਰਾਹੀਂ ਕੰਮ ਕਰ ਰਹੇ ਆਊਟਸੋਰਸ ਮੁਲਾਜ਼ਮਾਂ ਨੂੰ ਸਿੱਧੇ ਸਰਕਾਰੀ ਕੰਟਰੈਕਟ ਹੇਠ ਲਿਆਉਣ ਲਈ ਮਨੀ ਬਿੱਲ ਨੂੰ ਮਨਜ਼ੂਰੀ ਦਿੱਤੀ ਹੈ। ਇਹ ਬਿੱਲ ਰਾਜਪਾਲ ਦੀ ਪੂਰਵ-ਮਨਜ਼ੂਰੀ ਤੋਂ ਬਾਅਦ ਵਿਧਾਨ ਸਭਾ ਵਿੱਚ ਪੇਸ਼ ਕੀਤਾ ਜਾਵੇਗਾ।

ਨਿੱਜੀ ਸਕੂਲਾਂ ਦੀ ਮਨਮਾਨੀ ਫੀਸ ਵਾਧੇ ‘ਤੇ ਰੋਕ ਲਗਾਉਣ ਲਈ ਆਰਡੀਨੈਂਸ ਨੂੰ ਵਿਧਾਨ ਸਭਾ ਬਿੱਲ ਵਿੱਚ ਤਬਦੀਲ ਕਰਨ ਦੀ ਵੀ ਪ੍ਰਵਾਨਗੀ ਦਿੱਤੀ ਗਈ ਹੈ। 5 ਫੀਸਦੀ ਤੋਂ ਵੱਧ ਫੀਸ ਵਧਾਉਣ ਲਈ ਰੈਗੂਲੇਟਰੀ ਬਾਡੀ ਦੀ ਮਨਜ਼ੂਰੀ ਲਾਜ਼ਮੀ ਹੋਵੇਗੀ ਅਤੇ ਲੋੜ ਪੈਣ ‘ਤੇ ਫੋਰੈਂਸਿਕ ਆਡਿਟ ਵੀ ਕਰਵਾਇਆ ਜਾ ਸਕੇਗਾ।

ਕੈਬਨਿਟ ਨੇ ਪੰਜਾਬ ਵਿੱਚ ਤਿੰਨ ਨਵੀਆਂ ਪ੍ਰਾਈਵੇਟ ਡਿਜੀਟਲ ਓਪਨ ਯੂਨੀਵਰਸਿਟੀਆਂ ਸਥਾਪਿਤ ਕਰਨ ਦਾ ਵੀ ਫੈਸਲਾ ਕੀਤਾ ਹੈ, ਜਿਨ੍ਹਾਂ ਨਾਲ ਆਧੁਨਿਕ ਡਿਜੀਟਲ ਸਿੱਖਿਆ ਨੂੰ ਉਤਸ਼ਾਹ ਮਿਲੇਗਾ।

ਵਾਤਾਵਰਨ ਦੀ ਸੁਰੱਖਿਆ ਲਈ ‘ਪੰਜਾਬ ਪ੍ਰੋਟੈਕਸ਼ਨ ਆਫ ਟ੍ਰੀਜ਼ ਬਿੱਲ’ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਤਹਿਤ ਰੁੱਖ ਕੱਟਣ ਵਾਲੇ ਨੂੰ 10 ਨਵੇਂ ਪੌਦੇ ਲਗਾਉਣੇ ਹੋਣਗੇ, ਜਦਕਿ ਨਿਯਮਾਂ ਦੀ ਉਲੰਘਣਾ ਕਰਨ ‘ਤੇ 10 ਹਜ਼ਾਰ ਤੋਂ 50 ਹਜ਼ਾਰ ਰੁਪਏ ਤੱਕ ਜੁਰਮਾਨਾ ਲਗਾਇਆ ਜਾਵੇਗਾ। ਇਸ ਤੋਂ ਇਲਾਵਾ ਕੁਝ ਕਰਮਚਾਰੀਆਂ ਦੀਆਂ ਸੇਵਾਵਾਂ ਵਿੱਚ ਇੱਕ ਸਾਲ ਦਾ ਵਾਧਾ ਅਤੇ ਲੋਕ ਨਿਰਮਾਣ ਵਿਭਾਗ ਵਿੱਚ ਸਿੱਧੀ ਭਰਤੀ ਨੂੰ ਵੀ ਮਨਜ਼ੂਰੀ ਦਿੱਤੀ ਗਈ।