ਅੰਮ੍ਰਿਤਸਰ ਦੇ ਤਿੰਨ ਪੁਲਿਸ ਥਾਣਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਅਲਰਟ
ਅੰਮ੍ਰਿਤਸਰ, 6 ਅਗਸਤ 2026
ਬੁੱਧਵਾਰ ਨੂੰ ਇੱਕ ਧਮਕੀ ਭਰੀ ਈਮੇਲ ਮਿਲਣ ਤੋਂ ਬਾਅਦ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਚੌਕਸ ਹੋ ਗਈਆਂ ਹਨ। ਈਮੇਲ ਵਿੱਚ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਦੇ ਥਾਣਾ ਹਵਾਈ ਅੱਡਾ, ਪੁਲਿਸ ਸਟੇਸ਼ਨ ਡੀ ਡਿਵੀਜ਼ਨ ਅਤੇ ਪੁਲਿਸ ਸਟੇਸ਼ਨ ਈ ਡਿਵੀਜ਼ਨ (ਕੋਤਵਾਲੀ) ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ।
ਧਮਕੀ ਭਰੇ ਸੁਨੇਹੇ ਵਿੱਚ ਆਜ਼ਾਦੀ ਦਿਵਸ ਤੋਂ ਪਹਿਲਾਂ ਲੋਕਾਂ ਨੂੰ ਆਪਣੇ ਘਰਾਂ ਵਿੱਚ ਰਹਿਣ, ਬੱਚਿਆਂ ਨੂੰ ਸਕੂਲ ਨਾ ਭੇਜਣ ਅਤੇ 15 ਅਗਸਤ ਨਾਲ ਸੰਬੰਧਿਤ ਕਿਸੇ ਵੀ ਸਮਾਗਮ ਵਿੱਚ ਸ਼ਾਮਲ ਨਾ ਹੋਣ ਦੀ ਚੇਤਾਵਨੀ ਵੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਈਮੇਲ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਲੁਧਿਆਣਾ, ਅੰਮ੍ਰਿਤਸਰ ਅਤੇ ਬਠਿੰਡਾ ਵੱਲ ਜਾਣ ਵਾਲੀਆਂ ਰੇਲਗੱਡੀਆਂ ਨੂੰ ਨਿਸ਼ਾਨਾ ਬਣਾਇਆ ਜਾਵੇਗਾ ਅਤੇ ਅੰਬਾਲਾ ਰੇਲ ਟ੍ਰੈਕ ‘ਤੇ ਆਈਈਡੀ ਧਮਾਕੇ ਕੀਤੇ ਜਾਣਗੇ। ਲੋਕਾਂ ਨੂੰ ਰੇਲ ਯਾਤਰਾ ਤੋਂ ਵੀ ਦੂਰ ਰਹਿਣ ਲਈ ਕਿਹਾ ਗਿਆ ਹੈ।
ਧਮਕੀ ਭਰੀ ਈਮੇਲ ਦੇ ਅੰਤ ਵਿੱਚ ਕੁਝ ਅੱਤਵਾਦੀ ਸੰਗਠਨਾਂ ਦੇ ਨਾਮ ਵੀ ਲਿਖੇ ਗਏ ਹਨ। ਹਾਲਾਂਕਿ, ਇਸ ਪੜਾਅ ‘ਤੇ ਇਨ੍ਹਾਂ ਦਾਵਿਆਂ ਦੀ ਅਧਿਕਾਰਕ ਤੌਰ ‘ਤੇ ਪੁਸ਼ਟੀ ਨਹੀਂ ਹੋਈ ਹੈ ਅਤੇ ਜਾਂਚ ਜਾਰੀ ਹੈ।
ਈਮੇਲ ਮਿਲਣ ਤੋਂ ਬਾਅਦ ਪੁਲਿਸ ਨੇ ਸੰਬੰਧਿਤ ਥਾਣਿਆਂ ਅਤੇ ਹੋਰ ਸੰਵੇਦਨਸ਼ੀਲ ਥਾਵਾਂ ‘ਤੇ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਹਨ। ਬੰਬ ਨਿਰੋਧਕ ਦਸਤੇ ਅਤੇ ਹੋਰ ਸੁਰੱਖਿਆ ਟੀਮਾਂ ਨੂੰ ਵੀ ਅਲਰਟ ‘ਤੇ ਰੱਖਿਆ ਗਿਆ ਹੈ। ਸਾਈਬਰ ਮਾਹਿਰ ਧਮਕੀ ਭੇਜਣ ਵਾਲੇ ਦੀ ਪਛਾਣ ਕਰਨ ਅਤੇ ਈਮੇਲ ਦੇ ਸਰੋਤ ਦਾ ਪਤਾ ਲਗਾਉਣ ਲਈ ਜਾਂਚ ਕਰ ਰਹੇ ਹਨ।
ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ ‘ਤੇ ਵਿਸ਼ਵਾਸ ਨਾ ਕਰਨ, ਸ਼ੱਕੀ ਗਤੀਵਿਧੀ ਜਾਂ ਲਾਵਾਰਿਸ ਵਸਤੂ ਦੀ ਸੂਚਨਾ ਤੁਰੰਤ ਪੁਲਿਸ ਨੂੰ ਦੇਣ ਅਤੇ ਸਿਰਫ਼ ਅਧਿਕਾਰਕ ਜਾਣਕਾਰੀ ‘ਤੇ ਹੀ ਭਰੋਸਾ ਕਰਨ।



