ਸਰਕਾਰ ਨੇ ਹਰ ਵਰਗ ਨਾਲ ਕੀਤੀ ਵਾਅਦਾਖ਼ਿਲਾਫ਼ੀ, ਕਰਮਚਾਰੀਆਂ ਨੂੰ ਹੱਕਾਂ ਲਈ ਕੋਰਟ ਜਾਣਾ ਪਿਆ: ਭਾਜਪਾ

Top Trending News ਪੰਜਾਬ

 

ਸਰਕਾਰ ਨੇ ਹਰ ਵਰਗ ਨਾਲ ਕੀਤੀ ਵਾਅਦਾਖ਼ਿਲਾਫ਼ੀ, ਕਰਮਚਾਰੀਆਂ ਨੂੰ ਹੱਕਾਂ ਲਈ ਕੋਰਟ ਜਾਣਾ ਪਿਆ: ਭਾਜਪਾ

ਜਲੰਧਰ, 6 ਅਗਸਤ 2026: ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨੇ ਜਲੰਧਰ ਵਿੱਚ ਪ੍ਰੈੱਸ ਕਾਨਫ਼ਰੰਸ ਦੌਰਾਨ ਭਗਵੰਤ ਮਾਨ ਸਰਕਾਰ ‘ਤੇ ਤਿੱਖਾ ਹਮਲਾ ਬੋਲਦਿਆਂ ਦੋਸ਼ ਲਗਾਇਆ ਕਿ ਸਰਕਾਰ ਨੇ ਆਪਣੇ ਚੋਣ ਵਾਅਦਿਆਂ ਨੂੰ ਪੂਰਾ ਕਰਨ ਦੀ ਬਜਾਏ ਪੰਜਾਬ ਦੇ ਹਰ ਵਰਗ ਨਾਲ ਵਾਅਦਾਖ਼ਿਲਾਫ਼ੀ ਕੀਤੀ ਹੈ। ਉਨ੍ਹਾਂ ਕਿਹਾ ਕਿ ਉਦਯੋਗਪਤੀਆਂ, ਵਪਾਰੀਆਂ, ਕਿਸਾਨਾਂ, ਨੌਜਵਾਨਾਂ, ਔਰਤਾਂ, ਵਿਦਿਆਰਥੀਆਂ ਅਤੇ ਸਰਕਾਰੀ ਕਰਮਚਾਰੀਆਂ ਨੂੰ ਸਰਕਾਰ ਨੇ ਨਿਰਾਸ਼ ਕੀਤਾ ਹੈ।

ਮਲਿਕ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੂਬੇ ਦੇ ਲਗਭਗ 6 ਲੱਖ ਕਰਮਚਾਰੀਆਂ ਅਤੇ ਪੈਨਸ਼ਨਰਾਂ ਦਾ ਬਕਾਇਆ ਮਹਿੰਗਾਈ ਭੱਤਾ (ਡੀਏ) ਅਤੇ ਮਹਿੰਗਾਈ ਰਾਹਤ (ਡੀਆਰ) 15 ਦਿਨ ਤੋਂ ਇੱਕ ਮਹੀਨੇ ਦੇ ਅੰਦਰ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਸਮੇਂ ਸਿਰ ਭੁਗਤਾਨ ਨਾ ਹੋਣ ਦੀ ਸੂਰਤ ਵਿੱਚ ਸਰਕਾਰ ਨੂੰ ਬਕਾਇਆ ਰਕਮ ‘ਤੇ 6 ਫ਼ੀਸਦੀ ਸਾਲਾਨਾ ਸਾਧਾਰਨ ਵਿਆਜ ਦੇਣਾ ਪਵੇਗਾ। ਇਸ ਦੇ ਨਾਲ ਹੀ ਮੁੱਖ ਸਕੱਤਰ ਨੂੰ 31 ਅਗਸਤ ਤੱਕ ਅਦਾਲਤ ਵਿੱਚ ਅਨੁਪਾਲਨਾ ਹਲਫ਼ਨਾਮਾ ਦਾਖ਼ਲ ਕਰਨ ਲਈ ਕਿਹਾ ਗਿਆ ਹੈ।

ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰੀ ਕਰਮਚਾਰੀਆਂ ਨੂੰ ਆਪਣੀਆਂ ਜਾਇਜ਼ ਮੰਗਾਂ ਲਈ ਲਗਾਤਾਰ ਸੰਘਰਸ਼ ਕਰਨਾ ਪੈ ਰਿਹਾ ਹੈ ਅਤੇ ਕਈ ਥਾਵਾਂ ‘ਤੇ ਉਨ੍ਹਾਂ ‘ਤੇ ਲਾਠੀਚਾਰਜ ਅਤੇ ਵਾਟਰ ਕੈਨਨ ਵਰਗੇ ਕਦਮ ਵੀ ਚੁੱਕੇ ਗਏ। ਉਨ੍ਹਾਂ ਬਰਨਾਲਾ ਲਾਠੀਚਾਰਜ ਅਤੇ ਮੁੱਖ ਮੰਤਰੀ ਦੀ ਰਿਹਾਇਸ਼ ਬਾਹਰ ਵੋਕੇਸ਼ਨਲ ਅਧਿਆਪਕਾਂ ਖ਼ਿਲਾਫ਼ ਕੀਤੀ ਕਾਰਵਾਈ ਦਾ ਵੀ ਜ਼ਿਕਰ ਕੀਤਾ।

ਸ਼ਵੇਤ ਮਲਿਕ ਨੇ ਕਿਹਾ ਕਿ ਭਾਜਪਾ ਦੀ ਸਰਕਾਰ ਬਣਨ ‘ਤੇ ਕਰਮਚਾਰੀਆਂ ਦੇ ਸਾਰੇ ਜਾਇਜ਼ ਹੱਕ ਪਹਿਲ ਦੇ ਆਧਾਰ ‘ਤੇ ਦਿੱਤੇ ਜਾਣਗੇ ਅਤੇ ਕਿਸੇ ਵੀ ਕਰਮਚਾਰੀ ਜਾਂ ਮਜ਼ਦੂਰ ਦੀ ਤਨਖ਼ਾਹ ਵਿੱਚ ਦੇਰੀ ਨਹੀਂ ਹੋਣ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਦਿੱਲੀ ਦੇ ਨੇਤਾਵਾਂ ਦੇ ਰਿਮੋਟ ਕੰਟਰੋਲ ‘ਤੇ ਚੱਲ ਰਹੀ ਹੈ।