ਵੱਡੀ ਵਾਰਦਾਤ! ਮਾਨਸਾ ‘ਚ ਨੌਜਵਾਨ ਨੂੰ ਬੇਰਹਿਮੀ ਨਾਲ ਕਤਲ

Top Trending News ਪੰਜਾਬ

 

ਵੱਡੀ ਵਾਰਦਾਤ! ਮਾਨਸਾ ‘ਚ ਨੌਜਵਾਨ ਨੂੰ ਬੇਰਹਿਮੀ ਨਾਲ ਕਤਲ

ਮਾਨਸਾ, 7 ਅਗਸਤ 2026

ਮਾਨਸਾ ਸ਼ਹਿਰ ਦੀ ਜੋਤਾਂ ਵਾਲੀ ਗਲੀ ਵਿੱਚ 36 ਸਾਲਾ ਸਤਨਾਮ ਸਿੰਘ ਦੀ ਕਥਿਤ ਤੌਰ ‘ਤੇ ਬੇਰਹਿਮੀ ਨਾਲ ਕੁੱਟਮਾਰ ਕੀਤੇ ਜਾਣ ਤੋਂ ਬਾਅਦ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਸਿਟੀ-2 ਮਾਨਸਾ ਦੀ ਪੁਲਿਸ ਨੇ ਮ੍ਰਿਤਕ ਦੀ ਮਾਤਾ ਦੇ ਬਿਆਨਾਂ ਦੇ ਆਧਾਰ ‘ਤੇ ਉਸ ਦੀ ਪਤਨੀ ਰਮਨਦੀਪ ਕੌਰ ਅਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਮ੍ਰਿਤਕ ਦੀ ਮਾਤਾ ਸੁਰਜੀਤ ਕੌਰ, ਪਤਨੀ ਗੁਰਦੇਵ ਸਿੰਘ ਵਾਸੀ ਅਲੀਸ਼ੇਰ ਕਲਾਂ ਨੇ ਦੱਸਿਆ ਕਿ 4 ਅਗਸਤ 2026 ਨੂੰ ਉਸ ਦਾ ਪੁੱਤਰ ਸਤਨਾਮ ਸਿੰਘ ਆਪਣੀ ਦਵਾਈ ਲੈਣ ਲਈ ਮਾਨਸਾ ਸ਼ਹਿਰ ਗਿਆ ਸੀ। ਦੇਰ ਸ਼ਾਮ ਤੱਕ ਘਰ ਨਾ ਪਰਤਣ ‘ਤੇ ਪਰਿਵਾਰ ਨੂੰ ਪੁਲਿਸ ਵੱਲੋਂ ਸੂਚਨਾ ਮਿਲੀ ਕਿ ਸਤਨਾਮ ਸਿੰਘ ਦੀ ਮੌਤ ਹੋ ਚੁੱਕੀ ਹੈ ਅਤੇ ਉਸ ਦੀ ਲਾਸ਼ ਸਿਵਲ ਹਸਪਤਾਲ ਮਾਨਸਾ ਵਿੱਚ ਰੱਖੀ ਗਈ ਹੈ।

ਸ਼ਿਕਾਇਤਕਰਤਾ ਅਨੁਸਾਰ, 5 ਅਗਸਤ ਨੂੰ ਪਰਿਵਾਰ ਵੱਲੋਂ ਕੀਤੀ ਗਈ ਪੜਤਾਲ ਦੌਰਾਨ ਜਾਣਕਾਰੀ ਮਿਲੀ ਕਿ ਕੁਝ ਵਿਅਕਤੀਆਂ ਨੇ ਸਤਨਾਮ ਸਿੰਘ ਨੂੰ ਚੋਰ ਸਮਝ ਕੇ ਕੇਬਲ ਦੀ ਤਾਰ ਨਾਲ ਬੰਨ੍ਹ ਦਿੱਤਾ ਅਤੇ ਉਸ ਨਾਲ ਕਥਿਤ ਤੌਰ ‘ਤੇ ਬੇਰਹਿਮੀ ਨਾਲ ਕੁੱਟਮਾਰ ਕੀਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ।

ਸੁਰਜੀਤ ਕੌਰ ਨੇ ਆਪਣੇ ਬਿਆਨਾਂ ਵਿੱਚ ਦੋਸ਼ ਲਗਾਇਆ ਕਿ ਪਰਿਵਾਰਕ ਅਣਬਣ ਕਾਰਨ ਉਨ੍ਹਾਂ ਨੂੰ ਸ਼ੱਕ ਹੈ ਕਿ ਇਹ ਘਟਨਾ ਰਮਨਦੀਪ ਕੌਰ ਦੇ ਕਹਿਣ ‘ਤੇ ਵਾਪਰੀ। ਹਾਲਾਂਕਿ, ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਇਹ ਦੋਸ਼ ਸ਼ਿਕਾਇਤਕਰਤਾ ਦੇ ਬਿਆਨਾਂ ਦਾ ਹਿੱਸਾ ਹਨ ਅਤੇ ਇਨ੍ਹਾਂ ਦੀ ਪੁਸ਼ਟੀ ਜਾਂਚ ਤੋਂ ਬਾਅਦ ਹੀ ਹੋਵੇਗੀ।

ਪੁਲਿਸ ਨੇ ਮੁਕੱਦਮਾ ਨੰਬਰ 180 ਤਹਿਤ ਧਾਰਾ 105, 61(2) ਅਤੇ 3(5) ਬੀਐੱਨਐੱਸ ਅਧੀਨ ਕੇਸ ਦਰਜ ਕਰ ਲਿਆ ਹੈ। ਮਾਮਲੇ ਦੀ ਅਗਲੇਰੀ ਜਾਂਚ ਸਹਾਇਕ ਥਾਣੇਦਾਰ (ਐੱਸਆਈ) ਦਰਸ਼ਨ ਸਿੰਘ ਵੱਲੋਂ ਕੀਤੀ ਜਾ ਰਹੀ ਹੈ।