ਮੌਸਮ ਵਿਭਾਗ ਵੱਲੋਂ ਪੰਜਾਬ ਦੇ 3 ਜ਼ਿਲ੍ਹਿਆਂ ‘ਚ ਮੀਂਹ ਪੈਣ ਬਾਰੇ ਯੈਲੋ ਅਲਰਟ ਜਾਰੀ
ਚੰਡੀਗੜ੍ਹ, 9 ਅਗਸਤ 2026
ਪਿਛਲੇ ਦੋ-ਤਿੰਨ ਦਿਨਾਂ ਤੋਂ ਹੋ ਰਹੀ ਬਾਰਿਸ਼ ਕਾਰਨ ਪੰਜਾਬ ਭਰ ਦੇ ਮੌਸਮ ਵਿੱਚ ਵੱਡਾ ਬਦਲਾਅ ਦੇਖਣ ਨੂੰ ਮਿਲਿਆ ਹੈ। ਲਗਾਤਾਰ ਮੀਂਹ ਪੈਣ ਕਾਰਨ ਜਿੱਥੇ ਲੋਕਾਂ ਨੂੰ ਗਰਮੀ ਅਤੇ ਹੁੰਮਸ ਤੋਂ ਰਾਹਤ ਮਿਲੀ ਹੈ, ਉੱਥੇ ਹੀ ਕਈ ਇਲਾਕਿਆਂ ਵਿੱਚ ਮੌਸਮ ਕਾਫ਼ੀ ਸੁਹਾਵਣਾ ਹੋ ਗਿਆ ਹੈ। ਮੀਂਹ ਦੇ ਪ੍ਰਭਾਵ ਕਾਰਨ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਦਿਨ ਦੇ ਤਾਪਮਾਨ ਵਿੱਚ ਵੀ ਕਰੀਬ 4 ਤੋਂ 5 ਡਿਗਰੀ ਸੈਲਸੀਅਸ ਤੱਕ ਦੀ ਗਿਰਾਵਟ ਦਰਜ ਕੀਤੀ ਗਈ ਹੈ।
ਮੌਸਮ ਵਿਭਾਗ ਵੱਲੋਂ ਅੱਜ 9 ਅਗਸਤ ਨੂੰ ਪੰਜਾਬ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਗਿਆਨੀਆਂ ਮੁਤਾਬਕ ਇਸ ਦੌਰਾਨ ਭਾਰੀ ਮੀਂਹ ਦਾ ਪ੍ਰਭਾਵ ਸੂਬੇ ਦੇ ਸਾਰੇ ਹਿੱਸਿਆਂ ਵਿੱਚ ਇੱਕੋ ਜਿਹਾ ਨਹੀਂ ਰਹੇਗਾ। ਖਾਸ ਤੌਰ ’ਤੇ ਉੱਤਰੀ-ਪੂਰਬੀ ਪਹਾੜੀ ਖੇਤਰਾਂ ਨਾਲ ਲੱਗਦੇ ਪੰਜਾਬ ਦੇ ਤਿੰਨ ਜ਼ਿਲ੍ਹਿਆਂ ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ।
ਇਨ੍ਹਾਂ ਇਲਾਕਿਆਂ ਵਿੱਚ ਮੌਸਮ ਨੂੰ ਲੈ ਕੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ। ਹਾਲਾਂਕਿ ਸੂਬੇ ਦੇ ਬਾਕੀ ਜ਼ਿਲ੍ਹਿਆਂ ਵਿੱਚ ਮੌਸਮ ਆਮ ਰਹਿਣ ਦੀ ਸੰਭਾਵਨਾ ਹੈ ਅਤੇ ਇੱਥੇ ਭਾਰੀ ਮੀਂਹ ਦਾ ਪ੍ਰਭਾਵ ਘੱਟ ਰਹਿਣ ਦੀ ਉਮੀਦ ਹੈ। ਮੀਂਹ ਕਾਰਨ ਕਿਸਾਨਾਂ ਅਤੇ ਆਮ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਆਉਣ ਵਾਲੇ ਦਿਨਾਂ ਵਿੱਚ ਵੀ ਮੌਸਮ ਦੇ ਬਦਲਦੇ ਰੁਖ ’ਤੇ ਨਜ਼ਰ ਰੱਖਣ ਦੀ ਲੋੜ ਹੈ।



