ਭਾਜਪਾ ਦੇਸ਼ ਦੀਆਂ ਸਿਆਸੀ ਪਾਰਟੀਆਂ ਨੂੰ ਤੋੜਨ ਅਤੇ ਖ਼ਤਮ ਕਰਨ ਚ ਰੁੱਝੀ: ਭੁਪੇਸ਼ ਬਘੇਲ
ਚੰਡੀਗੜ੍ਹ, 9 ਅਗਸਤ 2026
ਪੰਜਾਬ ਕਾਂਗਰਸ ਦੇ ਇੰਚਾਰਜ ਅਤੇ ਸੀਨੀਅਰ ਕਾਂਗਰਸੀ ਆਗੂ ਭੁਪੇਸ਼ ਬਘੇਲ ਨੇ ਕੇਂਦਰ ਦੀ ਮੋਦੀ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਸਰਕਾਰ ਦੀ ਕਥਿਤ ਤਾਨਾਸ਼ਾਹੀ ਖ਼ਿਲਾਫ਼ ਹੁਣ ਦੇਸ਼ ਦੀ ਜਨਤਾ ਖੜ੍ਹੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਜੰਤਰ-ਮੰਤਰ ’ਤੇ ਚੱਲੇ ਮੋਰਚੇ ਵਿੱਚ ਨੌਜਵਾਨਾਂ ਦੀ ਵੱਡੀ ਸ਼ਮੂਲੀਅਤ ਭਾਰਤੀ ਲੋਕਤੰਤਰ ਲਈ ਸ਼ੁਭ ਸੰਕੇਤ ਹੈ।
ਬਘੇਲ ਨੇ ਦਾਅਵਾ ਕੀਤਾ ਕਿ ਨੌਜਵਾਨਾਂ ਦੇ ਰੋਹ ਅੱਗੇ ਪ੍ਰਧਾਨ ਮੰਤਰੀ ਨੂੰ ਆਪਣੇ ਸਿੱਖਿਆ ਮੰਤਰੀ ਨੂੰ ਵਜ਼ਾਰਤ ’ਚੋਂ ਹਟਾਉਣਾ ਪਿਆ। ਉਨ੍ਹਾਂ ਭਾਜਪਾ ’ਤੇ ਦੇਸ਼ ਦੀਆਂ ਸਿਆਸੀ ਪਾਰਟੀਆਂ ਨੂੰ ਤੋੜਨ ਅਤੇ ਉਨ੍ਹਾਂ ਨੂੰ ਕਮਜ਼ੋਰ ਕਰਕੇ ਖ਼ਤਮ ਕਰਨ ਦੀ ਕੋਸ਼ਿਸ਼ ਕਰਨ ਦਾ ਦੋਸ਼ ਵੀ ਲਾਇਆ। ਬਘੇਲ ਨੇ ਕਿਹਾ ਕਿ ਕਾਂਗਰਸ ਲੋਕਤੰਤਰ ਅਤੇ ਸੰਵਿਧਾਨਕ ਸੰਸਥਾਵਾਂ ਦੀ ਰੱਖਿਆ ਲਈ ਆਪਣੀ ਲੜਾਈ ਜਾਰੀ ਰੱਖੇਗੀ।
ਪੰਜਾਬ ਵਿੱਚ ਕਾਂਗਰਸ ਵੱਲੋਂ ਚਲਾਈ ਜਾ ਰਹੀ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ਬਾਰੇ ਬਘੇਲ ਨੇ ਕਿਹਾ ਕਿ ਇਸ ਨੂੰ ਸੂਬੇ ਭਰ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ 21 ਜੁਲਾਈ ਤੋਂ ਸ਼ੁਰੂ ਕੀਤੀ ਗਈ ਇਸ ਮੁਹਿੰਮ ਤਹਿਤ ਹੁਣ ਤੱਕ 18 ਜ਼ਿਲ੍ਹਿਆਂ ਵਿੱਚ ਪਾਰਟੀ ਵਰਕਰਾਂ ਅਤੇ ਆਗੂਆਂ ਵੱਲੋਂ ਸਰਗਰਮੀਆਂ ਕੀਤੀਆਂ ਜਾ ਚੁੱਕੀਆਂ ਹਨ।
ਉਨ੍ਹਾਂ ਕਿਹਾ ਕਿ ਪਾਰਟੀ ਅੰਦਰ ਮੌਜੂਦ ਕਥਿਤ ‘ਸਲੀਪਰ ਸੈੱਲਾਂ’ ਦੀ ਪਛਾਣ ਕੀਤੀ ਜਾਵੇਗੀ ਅਤੇ ਅਨੁਸ਼ਾਸਨ ਵਿਰੁੱਧ ਗਤੀਵਿਧੀਆਂ ਵਿੱਚ ਸ਼ਾਮਲ ਲੋਕਾਂ ਨੂੰ ਕਾਂਗਰਸ ’ਚੋਂ ਬਾਹਰ ਦਾ ਰਸਤਾ ਦਿਖਾਇਆ ਜਾਵੇਗਾ। ਬਘੇਲ ਨੇ ਵਰਕਰਾਂ ਨੂੰ ਪਾਰਟੀ ਦੀ ਮਜ਼ਬੂਤੀ ਲਈ ਇਕਜੁੱਟ ਹੋ ਕੇ ਕੰਮ ਕਰਨ ਦਾ ਸੱਦਾ ਦਿੱਤਾ।



