ਕੁੜੀ ਨੂੰ ਲੈ ਕੇ ਵਿਦਿਆਰਥੀਆਂ ਦੇ ਦੋ ਗੁੱਟਾਂ ‘ਚ ਖੂਨੀ ਝੜਪ, 18 ਸਾਲਾ ਸਟੂਡੈਂਟ ਦੀ ਮੌਤ
ਫਤਹਿਗੜ੍ਹ ਸਾਹਿਬ ਵਿਖੇ ਪੁਰਾਣੀ ਰੰਜਿਸ਼ ਨੇ ਲਿਆ ਖੂਨੀ ਰੂਪ, 18 ਸਾਲਾ ਵਿਦਿਆਰਥੀ ਦੀ ਮੌਤ
ਫਤਹਿਗੜ੍ਹ ਸਾਹਿਬ, 9 ਅਗਸਤ 2026
ਲੜਕੀ ਨੂੰ ਲੈ ਕੇ ਨੌਜਵਾਨਾਂ ਦੇ ਦੋ ਗੁੱਟਾਂ ਵਿਚਾਲੇ ਚੱਲ ਰਹੀ ਪੁਰਾਣੀ ਰੰਜਿਸ਼ ਨੇ ਸ਼ੁੱਕਰਵਾਰ ਦੇਰ ਰਾਤ ਖੂਨੀ ਰੂਪ ਧਾਰ ਲਿਆ। ਇਸ ਦੌਰਾਨ BA ਦੂਜੇ ਸਾਲ ਦੇ 18 ਸਾਲਾ ਵਿਦਿਆਰਥੀ ਅੰਕੁਸ਼ ਦੀ ਕਥਿਤ ਤੌਰ ’ਤੇ ਡੰਡਿਆਂ ਨਾਲ ਕੁੱਟਮਾਰ ਕੀਤੀ ਗਈ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।
ਜਾਣਕਾਰੀ ਅਨੁਸਾਰ ਅੰਕੁਸ਼ ਆਪਣੇ ਇੱਕ ਦੋਸਤ ਨਾਲ ਬਾਈਕ ’ਤੇ ਜਾ ਰਿਹਾ ਸੀ। ਇਸੇ ਦੌਰਾਨ ਕੁਝ ਨੌਜਵਾਨਾਂ ਨੇ ਉਸ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਹਮਲਾਵਰਾਂ ਨੇ ਚੱਲਦੀ ਬਾਈਕ ’ਤੇ ਡੰਡੇ ਨਾਲ ਵਾਰ ਕੀਤਾ, ਜਿਸ ਕਾਰਨ ਬਾਈਕ ਬੇਕਾਬੂ ਹੋ ਕੇ ਸੜਕ ਕਿਨਾਰੇ ਲੱਗੇ ਦਰੱਖਤ ਨਾਲ ਟਕਰਾ ਗਈ। ਹਾਦਸੇ ਤੋਂ ਬਾਅਦ ਅੰਕੁਸ਼ ਜ਼ਮੀਨ ’ਤੇ ਡਿੱਗ ਗਿਆ, ਜਿਸ ਮਗਰੋਂ ਹਮਲਾਵਰਾਂ ਨੇ ਉਸ ਨੂੰ ਘੇਰ ਕੇ ਕੁੱਟਮਾਰ ਕੀਤੀ।
ਘਟਨਾ ਵਿੱਚ ਅੰਕੁਸ਼ ਦੇ ਨਾਲ ਮੌਜੂਦ ਦੂਜਾ ਨੌਜਵਾਨ ਵੀ ਗੰਭੀਰ ਜ਼ਖ਼ਮੀ ਹੋਇਆ। ਉਸ ਦੀ ਹਾਲਤ ਨੂੰ ਦੇਖਦਿਆਂ ਡਾਕਟਰਾਂ ਨੇ ਉਸ ਨੂੰ ਰਾਜਿੰਦਰਾ ਹਸਪਤਾਲ, ਪਟਿਆਲਾ ਰੈਫਰ ਕਰ ਦਿੱਤਾ।
ਪੁਲਿਸ ਨੇ ਮ੍ਰਿਤਕ ਦੀ ਮਾਂ ਦੇ ਬਿਆਨਾਂ ਅਤੇ ਉਸ ਦੇ ਦੋਸਤ ਦੀ ਸ਼ਿਕਾਇਤ ਦੇ ਆਧਾਰ ’ਤੇ 9-10 ਨੌਜਵਾਨਾਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕੀਤਾ ਹੈ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਸ਼ਨੀਵਾਰ ਨੂੰ ਫੋਰੈਂਸਿਕ ਟੀਮ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਕੀਤੀ ਅਤੇ ਸਬੂਤ ਇਕੱਠੇ ਕੀਤੇ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।



