ਵਾਅਦੇ ਪੂਰੇ ਨਾ ਕਰਨ ਦੇ ਦੋਸ਼ ’ਚ ਖੇਤੀਬਾੜੀ ਮੰਤਰੀ ਖੁੱਡੀਆਂ ਦੇ ਘਰ ਅੱਗੇ 20 ਅਗਸਤ ਤੋਂ ਅਣਮਿੱਥੇ ਸਮੇਂ ਲਈ ਧਰਨਾ
ਸ੍ਰੀ ਮੁਕਤਸਰ ਸਾਹਿਬ, 10 ਅਗਸਤ 2026
ਪੰਜਾਬ ਸਰਕਾਰ ਅਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ’ਤੇ ਵਾਅਦਾ ਖ਼ਿਲਾਫ਼ੀ ਦੇ ਦੋਸ਼ ਲਾਉਂਦਿਆਂ ਪੰਜਾਬ ਖੇਤ ਮਜ਼ਦੂਰ ਯੂਨੀਅਨ ਅਤੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਨੇ 20 ਅਗਸਤ ਤੋਂ ਉਨ੍ਹਾਂ ਦੇ ਪਿੰਡ ਖੁੱਡੀਆਂ ਸਥਿਤ ਘਰ ਅੱਗੇ ਅਣਮਿੱਥੇ ਸਮੇਂ ਲਈ ਧਰਨਾ ਲਗਾਉਣ ਦਾ ਐਲਾਨ ਕੀਤਾ ਹੈ। ਇਹ ਫ਼ੈਸਲਾ ਦੋਵਾਂ ਜਥੇਬੰਦੀਆਂ ਦੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਇਕਾਈਆਂ ਦੇ ਆਗੂਆਂ ਅਤੇ ਕਾਰਕੁਨਾਂ ਦੀ ਸਾਂਝੀ ਮੀਟਿੰਗ ਦੌਰਾਨ ਲਿਆ ਗਿਆ।
ਕਿਸਾਨ ਆਗੂ ਗੁਰਭਗਤ ਸਿੰਘ ਭਲਾਈਆਣਾ ਅਤੇ ਖੇਤ ਮਜ਼ਦੂਰ ਆਗੂ ਬਾਜ਼ ਸਿੰਘ ਭੁੱਟੀਵਾਲਾ ਨੇ ਦੱਸਿਆ ਕਿ ਮੀਟਿੰਗ ਨੂੰ ਸੰਬੋਧਨ ਕਰਦਿਆਂ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਅਤੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ ਨੇ ਸਰਕਾਰ ’ਤੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਦੇ ਦੋਸ਼ ਲਾਏ।
ਆਗੂਆਂ ਨੇ ਕਿਹਾ ਕਿ ਮਾਰਚ 2022 ਵਿੱਚ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਨੁਕਸਾਨੀ ਗਈ ਨਰਮੇ ਦੀ ਫ਼ਸਲ ਦਾ ਮੁਆਵਜ਼ਾ ਲੈਣ ਲਈ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਵੱਲੋਂ ਅੰਦੋਲਨ ਕੀਤਾ ਗਿਆ ਸੀ। ਇਸ ਦੌਰਾਨ ਪੁਲੀਸ ਵੱਲੋਂ ਅੰਦੋਲਨਕਾਰੀਆਂ ’ਤੇ ਲਾਠੀਚਾਰਜ ਵੀ ਕੀਤਾ ਗਿਆ ਸੀ। ਆਗੂਆਂ ਅਨੁਸਾਰ ਉਸ ਸਮੇਂ ਸਰਕਾਰ ਵੱਲੋਂ ਅੰਦੋਲਨਕਾਰੀਆਂ ਖ਼ਿਲਾਫ਼ ਦਰਜ ਕੀਤੇ ਗਏ ਮਾਮਲੇ ਵਾਪਸ ਲੈਣ ਅਤੇ ਪ੍ਰਭਾਵਿਤ ਕਿਸਾਨਾਂ ਤੇ ਮਜ਼ਦੂਰਾਂ ਨੂੰ ਬਣਦਾ ਮੁਆਵਜ਼ਾ ਦੇਣ ਦਾ ਭਰੋਸਾ ਦਿੱਤਾ ਗਿਆ ਸੀ।
ਜਥੇਬੰਦੀਆਂ ਦਾ ਦੋਸ਼ ਹੈ ਕਿ ਸਰਕਾਰ ਵੱਲੋਂ ਦਿੱਤਾ ਗਿਆ ਇਹ ਭਰੋਸਾ ਲੰਮਾ ਸਮਾਂ ਬੀਤ ਜਾਣ ਦੇ ਬਾਵਜੂਦ ਅਮਲ ਵਿੱਚ ਨਹੀਂ ਲਿਆਂਦਾ ਗਿਆ। ਇਸ ਦੇ ਰੋਸ ਵਜੋਂ ਦੋਵਾਂ ਜਥੇਬੰਦੀਆਂ ਨੇ 20 ਅਗਸਤ ਤੋਂ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਘਰ ਅੱਗੇ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ। ਆਗੂਆਂ ਨੇ ਕਿਹਾ ਕਿ ਮੰਗਾਂ ਪੂਰੀਆਂ ਹੋਣ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ।



