ਮੁੱਖ ਮੰਤਰੀ ਭਗਵੰਤ ਮਾਨ ਨੂੰ ਵਿਧਾਨ ਸਭਾ ਸੈਸ਼ਨ ਦੋਰਾਨ ਆਜ਼ਾਦੀ ਘੁਲਾਟੀਆਂ ਦੇ ਵਫ਼ਦ ਨੇ ਦਿੱਤਾ ਮੈਮੋਰੰਡਮ

Top Trending News ਪੰਜਾਬ
  • ਮੁੱਖ ਮੰਤਰੀ ਨੇ ਕਿਹਾ,ਸਨਮਾਨ ਸਹੂਲਤਾਂ ਨੂੰ ਵਿਚਾਰਿਆ ਜਾਵੇਗਾ

ਚੰਡੀਗੜ੍ਹ 10 ਅਗਸਤ (ਦੇਸ਼ ਕਲਿੱਕ ਬਿਊਰੋ): ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਦੇਸ਼ ਭਗਤਾਂ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਵਫ਼ਦ ਵੱਲੋਂ ਅੱਜ ਵਿਧਾਨ ਸਭਾ ਸੈਸ਼ਨ ਦੋਰਾਨ ਆਜ਼ਾਦੀ ਘੁਲਾਟੀਆਂ ਦੀਆਂ ਸਨਮਾਨ ਸਹੂਲਤਾਂ ਨੂੰ ਲਾਗੂ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਜਥੇਬੰਦੀ ਦੇ ਆਗੂਆਂ ਸੂਬਾ ਜਨਰਲ ਸਕੱਤਰ ਇੰਦਰਪਾਲ ਸਿੰਘ ਧਾਲੀਵਾਲ ਸੋਨੀ ਅਤੇ ਸੂਬਾ ਆਗੂ ਮਨਜੀਤ ਸਿੰਘ ਵਿਰਕ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਨਮਾਨ ਸਹੂਲਤਾਂ ਸਬੰਧੀ ਜਾਣੂ ਕਰਵਾਇਆ।

ਜ਼ਿਕਰਯੋਗ ਹੈ ਕਿ ਪਿਛਲੇ ਲੰਮੇ ਸਮੇਂ ਤੋਂ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲਾਗੂ ਕਰਵਾਉਣ ਲਈ ਸੰਘਰਸ਼ ਕੀਤਾ ਜਾ ਰਿਹਾ ਹੈ। ਸੁਤੰਤਰਤਾ ਸੰਗਰਾਮੀ ਉਤਰਾਧਿਕਾਰੀ ਐਸੋਸੀਏਸ਼ਨ ਪੰਜਾਬ ਰਜਿ 234 ਦੀ ਅਗਵਾਈ ਹੇਠ ਵਿਧਾਨ ਸਭਾ ਪਹੁੰਚੇਂ ਆਜ਼ਾਦੀ ਘੁਲਾਟੀਆਂ ਦੇ ਵਾਰਿਸਾਂ ਨੇ ਮੁੱਖ ਮੰਤਰੀ ਕੋਲ ਆਜ਼ਾਦੀ ਘੁਲਾਟੀਆਂ ਦੀ ਚੋਥੀ ਪੀੜ੍ਹੀ ਨੂੰ ਕਾਨੂੰਨੀ ਵਾਰਿਸਾਂ ਵਿੱਚ ਸ਼ਾਮਲ ਕਰਨ ਦੀ ਤਜਵੀਜ਼ ਰੱਖੀ। ਮੁੱਖ ਮੰਤਰੀ ਨੇ ਆਜ਼ਾਦੀ ਘੁਲਾਟੀਆਂ ਦੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਮੈਮੋਰੰਡਮ ਵਿੱਚ ਸ਼ਾਮਲ ਸਨਮਾਨ ਸਹੂਲਤਾਂ ਨੂੰ ਲਾਗੂ ਕਰਨ ਲਈ ਜਲਦ ਹੀ ਫੈਸਲਾ ਲਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਸਰਕਾਰ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ ਹੈ। ਵਫ਼ਦ ਵੱਲੋਂ ਚਾਰ ਪ੍ਰਮੁੱਖ ਸਨਮਾਨ ਸਹੂਲਤਾਂ ਜਿੰਨਾ ਵਿੱਚ ਆਜ਼ਾਦੀ ਘੁਲਾਟੀਆਂ ਦੇ ਬੇਰੋਜ਼ਗਾਰ ਵਿਆਹੇ ਪੁੱਤਰ ਨੂੰ ਪੈਨਸ਼ਨ ਸਕੀਮ ਵਿੱਚ ਸ਼ਾਮਲ ਕਰਨ, ਵੱਖਰਾ ਪ੍ਰਮੋਸ਼ਨ ਚੈਨਲ , ਨੋਕਰੀਆਂ ਵਿੱਚ ਰਾਖਵਾਂਕਰਨ ਪੰਜ ਪ੍ਰਤਿਸ਼ਤ ਕਰਨ , ਚੋਥੀ ਪੀੜ੍ਹੀ ਨੂੰ ਕਾਨੂੰਨੀ ਮਾਨਤਾ ਦੇਣ ਸਬੰਧੀ ਆਪਣੀ ਆਵਾਜ਼ ਮੁੱਖ ਮੰਤਰੀ ਤੱਕ ਪਹੁੰਚਾਈ ਗਈ।15 ਅਗਸਤ ਤੋਂ ਪਹਿਲਾਂ ਮੁੱਖ ਸਕੱਤਰ ਸਿਨਹਾ ਵਲੋਂ ਵੀ ਆਜ਼ਾਦੀ ਘੁਲਾਟੀਆਂ ਦੀ ਜਥੇਬੰਦੀ ਨਾਲ ਮੀਟਿੰਗ ਦੌਰਾਨ ਸਨਮਾਨ ਸਹੂਲਤਾਂ ਵਿਚਾਰਨ ਦੀ ਗੱਲ ਕੀਤੀ ਗਈ।