ਪੰਜਾਬ ’ਚ ਮਾਮੂਲੀ ਤਕਰਾਰ ਨੇ ਧਾਰਿਆ ਖੂਨੀ ਰੂਪ, 25 ਸਾਲਾ ਨੌਜਵਾਨ ਦੀ ਚਾਕੂ ਮਾਰ ਕੇ ਹੱਤਿਆ
ਪਟਿਆਲਾ, 11 ਅਗਸਤ 2026
ਪਟਿਆਲਾ ਦੇ ਨੇੜਲੇ ਕਸਬੇ ਸਨੌਰ ਵਿੱਚ ਮਾਮੂਲੀ ਤਕਰਾਰ ਤੋਂ ਬਾਅਦ 25 ਸਾਲਾ ਨੌਜਵਾਨ ਦੀ ਚਾਕੂ ਮਾਰ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਸਨੌਰ ਦੇ ਫਤਿਹਪੁਰ ਰੋਡ ਵਾਸੀ ਜਸ਼ਨ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਦੋਵੇਂ ਕਥਿਤ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਜਸ਼ਨ ਸੋਮਵਾਰ ਸ਼ਾਮ ਕਰੀਬ 7 ਵਜੇ ਆਪਣੀ ਕਾਰ ਲੈ ਕੇ ਖਾਲਸਾ ਕਾਰ ਵਾਸ਼ਿੰਗ ਸੈਂਟਰ ’ਤੇ ਪਹੁੰਚਿਆ ਸੀ। ਉੱਥੇ ਕਿਸੇ ਗੱਲ ਨੂੰ ਲੈ ਕੇ ਉਸ ਦੀ ਇੱਕ ਨੌਜਵਾਨ ਨਾਲ ਮਾਮੂਲੀ ਝੜਪ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਸ ਤੋਂ ਬਾਅਦ ਉਕਤ ਨੌਜਵਾਨ ਨੇ ਆਪਣੇ ਭਰਾ ਨੂੰ ਫੋਨ ਕਰਕੇ ਮੌਕੇ ’ਤੇ ਬੁਲਾ ਲਿਆ। ਭਰਾ ਦੇ ਉੱਥੇ ਪਹੁੰਚਣ ਤੋਂ ਬਾਅਦ ਦੋਵਾਂ ਵਿਚਾਲੇ ਮੁੜ ਵਿਵਾਦ ਹੋਇਆ ਅਤੇ ਜਸ਼ਨ ’ਤੇ ਚਾਕੂ ਨਾਲ ਹਮਲਾ ਕਰ ਦਿੱਤਾ ਗਿਆ।
ਹਮਲੇ ਵਿੱਚ ਜਸ਼ਨ ਦੇ ਪੇਟ ’ਤੇ ਕਈ ਵਾਰ ਚਾਕੂ ਨਾਲ ਵਾਰ ਕੀਤੇ ਗਏ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਉਸ ਨੂੰ ਤੁਰੰਤ ਇਲਾਜ ਲਈ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਦੱਸਿਆ ਜਾ ਰਿਹਾ ਹੈ ਕਿ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋਵੇਂ ਨੌਜਵਾਨ ਨੇੜਲੇ ਪਿੰਡ ਮਾਜਰੀ ਦੇ ਰਹਿਣ ਵਾਲੇ ਹਨ। ਸਨੌਰ ਥਾਣਾ ਇੰਚਾਰਜ ਹਰਮਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮੁਲਜ਼ਮਾਂ ਨੂੰ ਜਲਦ ਕਾਬੂ ਕਰਨ ਲਈ ਕਾਰਵਾਈ ਜਾਰੀ ਹੈ।



