ਸੁਖਬੀਰ ਬਾਦਲ ਦੀ ਕੇਜਰੀਵਾਲ ਨੂੰ ਖੁੱਲ੍ਹੀ ਬਹਿਸ ਦੀ ਚੁਣੌਤੀ, ਪੇਪਰ ਲੀਕ ਮਾਮਲਿਆਂ ’ਤੇ ਘੇਰੀ ‘ਆਪ’ ਸਰਕਾਰ
ਚੰਡੀਗੜ੍ਹ, 11 ਅਗਸਤ 2026:
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਵਿੱਚ ਹੋਏ ਕਥਿਤ ਪੇਪਰ ਲੀਕ ਅਤੇ ਭਰਤੀ ਘੁਟਾਲਿਆਂ ਦੇ ਮੁੱਦੇ ’ਤੇ ਖੁੱਲ੍ਹੀ ਬਹਿਸ ਕਰਨ ਦੀ ਚੁਣੌਤੀ ਦਿੱਤੀ ਹੈ। ਬਾਦਲ ਨੇ ਦਾਅਵਾ ਕੀਤਾ ਕਿ ਸੂਬੇ ਵਿੱਚ 10 ਤੋਂ ਵੱਧ ਪੇਪਰ ਲੀਕ ਅਤੇ ਭਰਤੀ ਨਾਲ ਜੁੜੇ ਮਾਮਲੇ ਸਾਹਮਣੇ ਆ ਚੁੱਕੇ ਹਨ, ਪਰ ਵਾਰ-ਵਾਰ ਪੇਪਰ ਲੀਕ ਹੋਣ ਦੇ ਬਾਵਜੂਦ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਢੁਕਵੀਂ ਕਾਰਵਾਈ ਨਹੀਂ ਕੀਤੀ ਗਈ।
ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਇਨ੍ਹਾਂ ਘਟਨਾਵਾਂ ਕਾਰਨ 10 ਲੱਖ ਤੋਂ ਵੱਧ ਵਿਦਿਆਰਥੀਆਂ ਦਾ ਭਵਿੱਖ ਪ੍ਰਭਾਵਿਤ ਹੋਇਆ ਹੈ। ਉਨ੍ਹਾਂ ਨੇ ਪੰਜਾਬ ਦੇ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਬਲਬੀਰ ਸਿੰਘ ਦੇ ਤੁਰੰਤ ਅਸਤੀਫ਼ੇ ਦੀ ਮੰਗ ਕਰਦਿਆਂ ਪੇਪਰ ਲੀਕ ਦੇ 10 ਮਾਮਲਿਆਂ ਦੀ ਸੀਬੀਆਈ ਜਾਂਚ ਕਰਵਾਉਣ ਦੀ ਮੰਗ ਵੀ ਕੀਤੀ।
ਸੁਖਬੀਰ ਬਾਦਲ ਨੇ ਕੇਜਰੀਵਾਲ ’ਤੇ ਦੋਸ਼ ਲਗਾਇਆ ਕਿ ਉਹ ਦਿੱਲੀ ਦੇ ਵਿਦਿਆਰਥੀਆਂ ਦੇ ਮੁੱਦਿਆਂ ’ਤੇ ਹਮਦਰਦੀ ਜਤਾਉਂਦੇ ਹਨ, ਪਰ ਪੰਜਾਬ ਦੇ ਵਿਦਿਆਰਥੀਆਂ ਦੇ ਮਸਲਿਆਂ ’ਤੇ ਚੁੱਪ ਹਨ। ਉਨ੍ਹਾਂ ਸਵਾਲ ਕੀਤਾ ਕਿ ਪੰਜਾਬ ਦੇ ਵਿਦਿਆਰਥੀਆਂ ਦੇ ਹੱਕਾਂ ਲਈ ਕੌਣ ਲੜੇਗਾ।
ਬਾਦਲ ਨੇ ਕੇਜਰੀਵਾਲ ਨੂੰ ਪੰਜਾਬ ਵਿੱਚ ਉਨ੍ਹਾਂ ਦੀ ਪਸੰਦ ਦੀ ਕਿਸੇ ਵੀ ਯੂਨੀਵਰਸਿਟੀ ਵਿੱਚ ਖੁੱਲ੍ਹੀ ਬਹਿਸ ਲਈ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਉਹ ਬਹਿਸ ਦੌਰਾਨ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੂੰ ਪੇਪਰ ਲੀਕ ਅਤੇ ਭਰਤੀ ਮਾਮਲਿਆਂ ’ਤੇ “ਪੂਰੀ ਤਰ੍ਹਾਂ ਬੇਨਕਾਬ” ਕਰ ਦੇਣਗੇ।



