ਪੰਜਾਬ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, ਮੁਲਾਜ਼ਮ ਦੀ ਮੌਤ

Top Trending News ਪੰਜਾਬ

 

ਪੰਜਾਬ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, ਮੁਲਾਜ਼ਮ ਦੀ ਮੌਤ

ਭਵਾਨੀਗੜ੍ਹ, 11 ਅਗਸਤ 2026

ਬਠਿੰਡਾ-ਜ਼ੀਰਕਪੁਰ ਨੈਸ਼ਨਲ ਹਾਈਵੇਅ ’ਤੇ ਸਥਿਤ ਟੌਲ ਪਲਾਜ਼ਾ ਕਾਲਾਝਾੜ ਨੇੜੇ ਬੀਤੀ ਰਾਤ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਨਰਿੰਦਰ ਸਿੰਘ ਨਿੰਦੀ ਵਾਸੀ ਪਿੰਡ ਨਦਾਮਪੁਰ ਵਜੋਂ ਹੋਈ ਹੈ।

ਟੌਲ ਪਲਾਜ਼ਾ ਵਰਕਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਲਾਡੀ ਅਤੇ ਪਿੰਡ ਨਦਾਮਪੁਰ ਦੇ ਸਰਪੰਚ ਬਲਜਿੰਦਰ ਸਿੰਘ ਨੇ ਦੱਸਿਆ ਕਿ ਮੁਲਾਜ਼ਮ ਨਰਿੰਦਰ ਸਿੰਘ ਨਿੰਦੀ ਬੀਤੀ ਰਾਤ ਆਪਣੇ ਪਿੰਡ ਤੋਂ ਮੋਟਰਸਾਈਕਲ ’ਤੇ ਕਾਲਾਝਾੜ ਟੌਲ ਪਲਾਜ਼ਾ ਵਿਖੇ ਡਿਊਟੀ ਕਰਨ ਲਈ ਜਾ ਰਿਹਾ ਸੀ। ਜਦੋਂ ਉਹ ਟੌਲ ਪਲਾਜ਼ਾ ਨੇੜੇ ਪਹੁੰਚਿਆ ਤਾਂ ਸੰਗਰੂਰ ਵਾਲੇ ਪਾਸੇ ਤੋਂ ਆ ਰਹੀ ਇੱਕ ਕਰੇਟਾ ਗੱਡੀ ਨੇ ਉਸ ਦੇ ਮੋਟਰਸਾਈਕਲ ਨੂੰ ਪਿੱਛੋਂ ਜ਼ੋਰਦਾਰ ਟੱਕਰ ਮਾਰ ਦਿੱਤੀ।

ਦੱਸਿਆ ਜਾ ਰਿਹਾ ਹੈ ਕਿ ਟੱਕਰ ਇੰਨੀ ਭਿਆਨਕ ਸੀ ਕਿ ਕਰੇਟਾ ਗੱਡੀ ਮੋਟਰਸਾਈਕਲ ਨੂੰ ਕਾਫ਼ੀ ਦੂਰ ਤੱਕ ਘੜੀਸ ਕੇ ਲੈ ਗਈ। ਇਸ ਦੌਰਾਨ ਮੋਟਰਸਾਈਕਲ ਨੂੰ ਅੱਗ ਲੱਗ ਗਈ ਅਤੇ ਨਰਿੰਦਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਕਰੇਟਾ ਸਵਾਰ ਗੱਡੀ ਨੂੰ ਘਟਨਾ ਸਥਾਨ ’ਤੇ ਛੱਡ ਕੇ ਫਰਾਰ ਹੋ ਗਏ।

ਥਾਣਾ ਭਵਾਨੀਗੜ੍ਹ ਦੇ ਇੰਚਾਰਜ ਇੰਸਪੈਕਟਰ ਯਸ਼ਪਾਲ ਸ਼ਰਮਾ ਨੇ ਦੱਸਿਆ ਕਿ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਕਰੇਟਾ ਗੱਡੀ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਮ੍ਰਿਤਕ ਦੇਹ ਦਾ ਸਿਵਲ ਹਸਪਤਾਲ ਪਟਿਆਲਾ ਵਿਖੇ ਪੋਸਟਮਾਰਟਮ ਕਰਵਾਉਣ ਮਗਰੋਂ ਪੁਲੀਸ ਵੱਲੋਂ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।