World News: ਟਰੰਪ ਨੇ ਪੌਣੇ 2 ਲੱਖ ਵੀਜ਼ੇ ਕੀਤੇ ਰੱਦ, ਇਮੀਗ੍ਰੇਸ਼ਨ ’ਤੇ ਸਖ਼ਤੀ ਜਾਰੀ

Top Trending News ਕੌਮਾਂਤਰੀ

 

World News: ਟਰੰਪ ਨੇ ਪੌਣੇ 2 ਲੱਖ ਵੀਜ਼ੇ ਕੀਤੇ ਰੱਦ, ਇਮੀਗ੍ਰੇਸ਼ਨ ’ਤੇ ਸਖ਼ਤੀ ਜਾਰੀ

ਵਾਸ਼ਿੰਗਟਨ, 11 ਅਗਸਤ 2026

ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਪ੍ਰਸ਼ਾਸਨ ਵੱਲੋਂ ਇਮੀਗ੍ਰੇਸ਼ਨ ਨੀਤੀ ਨੂੰ ਲੈ ਕੇ ਸਖ਼ਤੀ ਜਾਰੀ ਹੈ। ਅਮਰੀਕੀ ਵਿਦੇਸ਼ ਵਿਭਾਗ ਨੇ ਕਿਹਾ ਹੈ ਕਿ ਟਰੰਪ ਪ੍ਰਸ਼ਾਸਨ ਦੇ ਕਾਰਜਕਾਲ ਦੌਰਾਨ ਹੁਣ ਤੱਕ ਵਿਦੇਸ਼ੀ ਨਾਗਰਿਕਾਂ ਦੇ 1,75,000 ਤੋਂ ਵੱਧ ਵੀਜ਼ੇ ਰੱਦ ਕੀਤੇ ਜਾ ਚੁੱਕੇ ਹਨ। ਵਿਭਾਗ ਮੁਤਾਬਕ ਇਹ ਕਾਰਵਾਈ ਲਗਾਤਾਰ ਕੀਤੀ ਜਾ ਰਹੀ ਜਾਂਚ ਅਤੇ ਸਮੀਖਿਆ ਮੁਹਿੰਮ ਦਾ ਹਿੱਸਾ ਹੈ।

ਵਿਦੇਸ਼ ਵਿਭਾਗ ਨੇ ਇੱਕ ਬਿਆਨ ਵਿੱਚ ਕਿਹਾ ਕਿ ਵੀਜ਼ਾ ਰੱਦ ਕਰਨ ਦੀ ਕਾਰਵਾਈ ਉਨ੍ਹਾਂ ਵਿਦੇਸ਼ੀ ਨਾਗਰਿਕਾਂ ਖ਼ਿਲਾਫ਼ ਕੀਤੀ ਗਈ ਹੈ, ਜਿਨ੍ਹਾਂ ਨੇ ਵੀਜ਼ਾ ਦੀਆਂ ਸ਼ਰਤਾਂ ਦੀ ਉਲੰਘਣਾ ਕੀਤੀ, ਅਪਰਾਧਿਕ ਗਤੀਵਿਧੀਆਂ ਵਿੱਚ ਸ਼ਮੂਲੀਅਤ ਕੀਤੀ ਜਾਂ ਅਮਰੀਕੀ ਨਾਗਰਿਕਾਂ ਖ਼ਿਲਾਫ਼ ਹਿੰਸਾ ਲਈ ਉਕਸਾਉਣ ਵਰਗੀਆਂ ਗਤੀਵਿਧੀਆਂ ਕੀਤੀਆਂ। ਇਸ ਤੋਂ ਇਲਾਵਾ ਧੋਖਾਧੜੀ, ਇਮੀਗ੍ਰੇਸ਼ਨ ਪ੍ਰਣਾਲੀ ਦੀ ਦੁਰਵਰਤੋਂ ਅਤੇ ਕੌਮੀ ਸੁਰੱਖਿਆ ਲਈ ਖ਼ਤਰਾ ਬਣਨ ਵਾਲੇ ਮਾਮਲਿਆਂ ਨੂੰ ਵੀ ਕਾਰਵਾਈ ਦਾ ਆਧਾਰ ਦੱਸਿਆ ਗਿਆ ਹੈ।

ਅਮਰੀਕੀ ਅਧਿਕਾਰੀਆਂ ਅਨੁਸਾਰ ਵੀਜ਼ਾ ਜਾਰੀ ਹੋਣ ਤੋਂ ਬਾਅਦ ਵੀ ਵਿਦੇਸ਼ੀ ਨਾਗਰਿਕਾਂ ਦੀ ਨਿਯਮਾਂ ਦੀ ਪਾਲਣਾ ਦੀ ਨਿਗਰਾਨੀ ਕੀਤੀ ਜਾਂਦੀ ਹੈ। ਜੇਕਰ ਕਿਸੇ ਵਿਅਕਤੀ ਵੱਲੋਂ ਵੀਜ਼ਾ ਦੀਆਂ ਸ਼ਰਤਾਂ ਦੀ ਉਲੰਘਣਾ ਸਾਹਮਣੇ ਆਉਂਦੀ ਹੈ ਤਾਂ ਉਸ ਦਾ ਵੀਜ਼ਾ ਰੱਦ ਕੀਤਾ ਜਾ ਸਕਦਾ ਹੈ।

ਵਿਦੇਸ਼ ਵਿਭਾਗ ਨੇ ਕਿਹਾ ਕਿ ਇਸ ਸਖ਼ਤ ਜਾਂਚ ਦਾ ਮੁੱਖ ਉਦੇਸ਼ ਅਮਰੀਕੀ ਇਮੀਗ੍ਰੇਸ਼ਨ ਪ੍ਰਣਾਲੀ ਦੀ ਸੁਰੱਖਿਆ ਯਕੀਨੀ ਬਣਾਉਣਾ ਅਤੇ ਅਮਰੀਕੀ ਨਾਗਰਿਕਾਂ ਨੂੰ ਸੰਭਾਵਿਤ ਖਤਰਿਆਂ ਤੋਂ ਬਚਾਉਣਾ ਹੈ। ਟਰੰਪ ਪ੍ਰਸ਼ਾਸਨ ਵੱਲੋਂ ਇਮੀਗ੍ਰੇਸ਼ਨ ਅਤੇ ਵੀਜ਼ਾ ਨੀਤੀਆਂ ਨੂੰ ਹੋਰ ਸਖ਼ਤ ਕਰਨ ਦੀ ਦਿਸ਼ਾ ਵਿੱਚ ਇਹ ਕਾਰਵਾਈ ਅਹਿਮ ਕਦਮ ਮੰਨੀ ਜਾ ਰਹੀ ਹੈ।