Punjab News: ਭਾਜਪਾ ਪੰਜਾਬ ‘ਚ 117 ਸੀਟਾਂ ’ਤੇ ਇਕੱਲੇ ਲੜੇਗੀ ਚੋਣ: ਕੇਵਲ ਢਿੱਲੋਂ
ਚੰਡੀਗੜ੍ਹ, 12 ਅਗਸਤ 2026
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਚਾਲੇ ਹੋਈ ਮੁਲਾਕਾਤ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਮੁੜ ਗੱਠਜੋੜ ਦੀਆਂ ਚਰਚਾਵਾਂ ਤੇਜ਼ ਹੋ ਗਈਆਂ ਸਨ। ਹਾਲਾਂਕਿ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਇਨ੍ਹਾਂ ਚਰਚਾਵਾਂ ’ਤੇ ਬਰੇਕ ਲਗਾਉਂਦਿਆਂ ਸਪੱਸ਼ਟ ਕੀਤਾ ਹੈ ਕਿ ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਆਪਣੇ ਦਮ ’ਤੇ ਚੋਣ ਲੜੇਗੀ।
ਕੱਲ੍ਹ ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪਾਰਟੀ ਵੱਲੋਂ ਸੂਬੇ ਦੀਆਂ ਸਾਰੀਆਂ 117 ਸੀਟਾਂ ’ਤੇ ਚੋਣ ਲੜਨ ਦੀ ਤਿਆਰੀ ਕੀਤੀ ਜਾ ਰਹੀ ਹੈ। ਉਨ੍ਹਾਂ ਦੇ ਇਸ ਬਿਆਨ ਤੋਂ ਬਾਅਦ ਭਾਜਪਾ-ਅਕਾਲੀ ਦਲ ਵਿਚਾਲੇ ਸੰਭਾਵਿਤ ਗੱਠਜੋੜ ਨੂੰ ਲੈ ਕੇ ਚੱਲ ਰਹੀਆਂ ਕਿਆਸਅਰਾਈਆਂ ਨੂੰ ਝਟਕਾ ਲੱਗਾ ਹੈ।
ਪਾਰਟੀ ਦੇ ਟਕਸਾਲੀ ਵਰਕਰਾਂ ਵਿੱਚ ਨਾਰਾਜ਼ਗੀ ਦੇ ਸਵਾਲ ’ਤੇ ਢਿੱਲੋਂ ਨੇ ਕਿਹਾ ਕਿ ਭਾਜਪਾ ਸਾਰਿਆਂ ਨੂੰ ਨਾਲ ਲੈ ਕੇ ਚੱਲਣ ਵਾਲੀ ਪਾਰਟੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਸੀਨੀਅਰ ਆਗੂਆਂ ਦੇ ਨਾਲ-ਨਾਲ ਨੌਜਵਾਨ ਵਰਕਰਾਂ ਨੂੰ ਵੀ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਜਾਣਗੀਆਂ।
ਉਨ੍ਹਾਂ ਭਰੋਸਾ ਜਤਾਇਆ ਕਿ ਪਾਰਟੀ ਅੰਦਰ ਜੇਕਰ ਕਿਸੇ ਪੱਧਰ ’ਤੇ ਨਾਰਾਜ਼ਗੀ ਹੈ ਤਾਂ ਉਸ ਨੂੰ ਗੱਲਬਾਤ ਰਾਹੀਂ ਦੂਰ ਕਰ ਲਿਆ ਜਾਵੇਗਾ। ਭਾਜਪਾ ਪੰਜਾਬ ਵਿੱਚ ਆਪਣੇ ਸੰਗਠਨ ਨੂੰ ਮਜ਼ਬੂਤ ਕਰਕੇ ਆਉਣ ਵਾਲੀਆਂ ਚੋਣਾਂ ਲਈ ਮੈਦਾਨ ਤਿਆਰ ਕਰਨ ਵਿੱਚ ਜੁਟੀ ਹੋਈ ਹੈ।



