Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ; 14-15 ਅਗਸਤ ਨੂੰ ਵੀ ਭਾਰੀ ਬਾਰਿਸ਼ ਦਾ ਅਲਰਟ

Top Trending News ਚੰਡੀਗੜ੍ਹ ਪੰਜਾਬ

 

Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ; 14-15 ਅਗਸਤ ਨੂੰ ਵੀ ਭਾਰੀ ਬਾਰਿਸ਼ ਦਾ ਅਲਰਟ

ਚੰਡੀਗੜ੍ਹ, 12 ਅਗਸਤ 2026

ਜਿੱਥੇ ਇੱਕ ਪਾਸੇ ਪਹਾੜੀ ਰਾਜਾਂ ਦੇ ਅੰਦਰ ਭਾਰੀ ਬਾਰਿਸ਼ ਨੇ ਕਹਿਰ ਮਚਾਇਆ ਹੋਇਆ ਹੈ ਅਤੇ ਇਸ ਦੇ ਕਾਰਨ ਲੈਂਡਸਲਾਈਡ ਵਰਗੀਆਂ ਘਟਨਾਵਾਂ ਸਾਹਮਣੇ ਆ ਚੁੱਕੀਆਂ ਨੇ, ਉਥੇ ਦੂਜੇ ਪਾਸੇ ਮੈਦਾਨੀ ਸੂਬਿਆਂ ਦੇ ਅੰਦਰ ਵੀ ਮਾਨਸੂਨ ਪੂਰੀ ਤਰ੍ਹਾਂ ਸਰਗਰਮ ਹੋ ਚੁੱਕਿਆ ਹੈ। ਪੰਜਾਬ ਦੀ ਜੇਕਰ ਗੱਲ ਕਰੀਏ ਤਾਂ, ਪੰਜਾਬ ਅੰਦਰ ਵੀ ਇਸ ਵੇਲੇ ਮਾਨਸੂਨ ਸਰਗਰਮ ਬਣਿਆ ਹੋਇਆ ਹੈ। ਮੌਸਮ ਵਿਭਾਗ ਵੱਲੋਂ ਅੱਜ ਸੂਬੇ ਦੇ ਸਿਰਫ਼ ਇੱਕ ਜ਼ਿਲ੍ਹੇ ਪਠਾਨਕੋਟ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਦੂਰ-ਦੁਰਾਡੀਆਂ ਥਾਵਾਂ ‘ਤੇ ਭਾਰੀ ਬਾਰਿਸ਼ ਪੈਣ ਦੀ ਸੰਭਾਵਨਾ ਹੈ। ਹਾਲਾਂਕਿ ਸੂਬੇ ਦੇ ਬਾਕੀ ਕਿਸੇ ਵੀ ਜ਼ਿਲ੍ਹੇ ਲਈ ਅੱਜ ਕੋਈ ਅਲਰਟ ਨਹੀਂ ਹੈ, ਪਰ ਸਾਰੇ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਗਈ ਹੈ।

ਪਠਾਨਕੋਟ ਤੋਂ ਇਲਾਵਾ ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਕਈ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਜਦਕਿ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਐਸਏਐਸ ਨਗਰ (ਮੁਹਾਲੀ) ਵਿੱਚ ਵੀ ਕੁਝ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਜਾਣਕਾਰੀ ਮੁਤਾਬਕ, 13 ਅਗਸਤ ਨੂੰ ਪੰਜਾਬ ਦੇ ਕਿਸੇ ਵੀ ਜ਼ਿਲ੍ਹੇ ਲਈ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ। ਹਾਲਾਂਕਿ ਇਸ ਦਿਨ ਵੀ ਸਾਰੇ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

ਮੌਸਮ ਵਿਭਾਗ ਦੀ ਮੰਨੀਏ ਤਾਂ, 14 ਅਗਸਤ ਨੂੰ ਪਠਾਨਕੋਟ, ਹੁਸ਼ਿਆਰਪੁਰ, ਮਾਨਸਾ ਅਤੇ ਰੂਪਨਗਰ ਵਿੱਚ ਯੈਲੋ ਅਲਰਟ ਰਹੇਗਾ। ਇਨ੍ਹਾਂ ਜ਼ਿਲ੍ਹਿਆਂ ਵਿੱਚ ਦੂਰ-ਦੁਰਾਡੀਆਂ ਥਾਵਾਂ ‘ਤੇ ਭਾਰੀ ਬਾਰਿਸ਼ ਦੀ ਸੰਭਾਵਨਾ ਹੈ। ਏਸੇ ਤਰ੍ਹਾਂ 15 ਅਗਸਤ ਨੂੰ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਯੈਲੋ ਅਲਰਟ ਜਾਰੀ ਰਹੇਗਾ। ਬਾਕੀ ਜ਼ਿਲ੍ਹਿਆਂ ਵਿੱਚ ਅਲਰਟ ਨਹੀਂ ਹੋਵੇਗਾ, ਪਰ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਬਣੀ ਰਹੇਗੀ।