ਗੁਰੂ ਘਰ ’ਚ ਸੁਖਬੀਰ ਬਾਦਲ ’ਤੇ ਹਮਲੇ ਦੀ ਸੰਜੇ ਟੰਡਨ ਵੱਲੋਂ ਸਖ਼ਤ ਨਿੰਦਾ

Top Trending News ਪੰਜਾਬ

 

ਗੁਰੂ ਘਰ ’ਚ ਸੁਖਬੀਰ ਬਾਦਲ ’ਤੇ ਹਮਲੇ ਦੀ ਸੰਜੇ ਟੰਡਨ ਵੱਲੋਂ ਸਖ਼ਤ ਨਿੰਦਾ

ਚੰਡੀਗੜ੍ਹ 14 ਅਗਸਤ 2026

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਆਗੂ ਅਤੇ ਪਾਰਟੀ ਦੀ ਕੌਮੀ ਕੌਂਸਲ ਦੇ ਮੈਂਬਰ ਸੰਜੇ ਟੰਡਨ ਨੇ ਮਹਾਰਾਸ਼ਟਰ ਦੇ ਨਾਂਦੇੜ ਸਾਹਿਬ ਵਿਖੇ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਨੇ ਘਟਨਾ ਨੂੰ ਲੋਕਤੰਤਰਿਕ ਕਦਰਾਂ-ਕੀਮਤਾਂ ਦੇ ਵਿਰੁੱਧ ਕਰਾਰ ਦਿੰਦਿਆਂ ਹਮਲੇ ਲਈ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ।

ਸੰਜੇ ਟੰਡਨ ਨੇ ਕਿਹਾ ਕਿ ਕਿਸੇ ਵੀ ਸੀਨੀਅਰ ਸਿਆਸੀ ਆਗੂ ਨੂੰ ਨਿਸ਼ਾਨਾ ਬਣਾਉਂਦਿਆਂ ਹਿੰਸਕ ਕਾਰਵਾਈ ਕਰਨਾ ਬੇਹੱਦ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਵਿਚਾਰਾਂ ਦੇ ਮਤਭੇਦਾਂ ਨੂੰ ਹਿੰਸਾ ਰਾਹੀਂ ਪ੍ਰਗਟ ਕਰਨ ਦੀ ਕੋਈ ਥਾਂ ਨਹੀਂ ਹੈ। ਸਿਆਸੀ ਆਗੂਆਂ ਨੂੰ ਆਪਣੇ ਵਿਚਾਰ ਰੱਖਣ ਅਤੇ ਲੋਕਾਂ ਵਿੱਚ ਜਾ ਕੇ ਆਪਣੀ ਗੱਲ ਕਹਿਣ ਦਾ ਪੂਰਾ ਅਧਿਕਾਰ ਹੈ।

ਟੰਡਨ ਨੇ ਕਿਹਾ ਕਿ ਨਾਂਦੇੜ ਵਿੱਚ ਸੁਖਬੀਰ ਸਿੰਘ ਬਾਦਲ ’ਤੇ ਹੋਈ ਘਟਨਾ ਦੀ ਉਹ ਪੂਰੀ ਤਰ੍ਹਾਂ ਨਿੰਦਾ ਕਰਦੇ ਹਨ। ਉਨ੍ਹਾਂ ਆਖਿਆ ਕਿ ਸਿਆਸੀ ਵਿਰੋਧ ਨੂੰ ਹਿੰਸਾ ਵਿੱਚ ਬਦਲਣਾ ਸਮਾਜ ਲਈ ਗੰਭੀਰ ਸੰਕੇਤ ਹੈ ਅਤੇ ਅਜਿਹੀਆਂ ਘਟਨਾਵਾਂ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਣਾ ਚਾਹੀਦਾ।

ਉਨ੍ਹਾਂ ਮਹਾਰਾਸ਼ਟਰ ਸਰਕਾਰ ਅਤੇ ਸਬੰਧਤ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਹਮਲੇ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਦੀ ਪਛਾਣ ਕੀਤੀ ਜਾਵੇ ਅਤੇ ਉਨ੍ਹਾਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇ। ਨਾਲ ਹੀ, ਉਨ੍ਹਾਂ ਸਿਆਸੀ ਆਗੂਆਂ ਦੀ ਸੁਰੱਖਿਆ ਨੂੰ ਲੈ ਕੇ ਵੀ ਗੰਭੀਰਤਾ ਨਾਲ ਕਦਮ ਚੁੱਕਣ ਦੀ ਅਪੀਲ ਕੀਤੀ।