ਨੋਇਡਾ ਦੇ ਫਰਨੀਚਰ ਬਾਜ਼ਾਰ ਵਿੱਚ ਭਿਆਨਕ ਅੱਗ, ਇੱਕ ਦੀ ਮੌਤ; ਦੂਜਾ ਗੰਭੀਰ
ਨਵੀਂ ਦਿੱਲੀ, 14 ਅਗਸਤ 2026
ਨੋਇਡਾ ਦੇ ਸ਼ਾਹਬੇਰੀ ਪਿੰਡ ਸਥਿਤ ਫਰਨੀਚਰ ਬਾਜ਼ਾਰ ਵਿੱਚ ਸ਼ੁੱਕਰਵਾਰ ਤੜਕੇ ਇੱਕ ਦੁਕਾਨ ਵਿੱਚ ਅਚਾਨਕ ਅੱਗ ਲੱਗਣ ਕਾਰਨ ਇੱਕ ਵਿਅਕਤੀ ਦੀ ਦਮ ਘੁੱਟਣ ਨਾਲ ਮੌਤ ਹੋ ਗਈ, ਜਦਕਿ ਇੱਕ ਹੋਰ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਜ਼ਖ਼ਮੀ ਨੂੰ ਇਲਾਜ ਲਈ ਦਿੱਲੀ ਦੇ ਸਫ਼ਦਰਜੰਗ ਹਸਪਤਾਲ ਭੇਜਿਆ ਗਿਆ ਹੈ। ਅਧਿਕਾਰੀਆਂ ਮੁਤਾਬਕ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਮੁੱਖ ਅੱਗ ਬੁਝਾਊ ਅਧਿਕਾਰੀ ਪ੍ਰਦੀਪ ਕੁਮਾਰ ਚੌਬੇ ਨੇ ਦੱਸਿਆ ਕਿ ਸ਼ਾਹਬੇਰੀ ਦੇ ਫਰਨੀਚਰ ਬਾਜ਼ਾਰ ਵਿੱਚ ਇੱਕ ਦੁਕਾਨ ਨੂੰ ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ ਬੁਝਾਊ ਦਸਤੇ ਦੀਆਂ ਛੇ ਗੱਡੀਆਂ ਨੂੰ ਮੌਕੇ ’ਤੇ ਭੇਜਿਆ ਗਿਆ। ਹਾਲਾਂਕਿ, ਇੱਕ ਹੀ ਅੱਗ ਬੁਝਾਊ ਗੱਡੀ ਦੀ ਮਦਦ ਨਾਲ ਅੱਗ ’ਤੇ ਕਾਬੂ ਪਾ ਲਿਆ ਗਿਆ।
ਅੱਗ ਬੁਝਾਉਣ ਤੋਂ ਬਾਅਦ ਦੁਕਾਨ ਅੰਦਰ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਦੌਰਾਨ ਦੋ ਵਿਅਕਤੀ ਬੇਹੋਸ਼ ਹਾਲਤ ਵਿੱਚ ਮਿਲੇ। ਦੋਵਾਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਅਲਤਮਸ਼ ਨੂੰ ਮ੍ਰਿਤਕ ਐਲਾਨ ਦਿੱਤਾ। ਦੂਜੇ ਵਿਅਕਤੀ ਅਮਨ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਬਿਹਤਰ ਇਲਾਜ ਲਈ ਦਿੱਲੀ ਦੇ ਸਫ਼ਦਰਜੰਗ ਹਸਪਤਾਲ ਭੇਜ ਦਿੱਤਾ ਗਿਆ।
ਅਧਿਕਾਰੀ ਨੇ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦਾ ਹਾਲੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਅਤੇ ਸਬੰਧਤ ਵਿਭਾਗ ਵੱਲੋਂ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।



