16 ਅਗਸਤ ਨੂੰ ਸਾਰੇ ਪੋਲਿੰਗ ਬੂਥਾਂ ’ਤੇ ਲੱਗੇਗਾ ਵਿਸ਼ੇਸ਼ ਕੈਂਪ

Top Trending News ਪੰਜਾਬ
  • 16 ਅਗਸਤ ਨੂੰ ਸਾਰੇ ਪੋਲਿੰਗ ਬੂਥਾਂ ’ਤੇ ਲੱਗੇਗਾ ਵਿਸ਼ੇਸ਼ ਕੈਂਪ
  • ਡਰਾਫਟ ਵੋਟਰ ਸੂਚੀ ਵਿੱਚ ਆਪਣੀ ਵੋਟ ਦੀ ਜਾਂਚ ਅਤੇ ਪੁਸ਼ਟੀ ਕਰ ਸਕਣਗੇ ਵੋਟਰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 14 ਅਗਸਤ (ਦੇਸ਼ ਕਲਿੱਕ ਬਿਊਰੋ): ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਵਿੱਚ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ-2026 ਤਹਿਤ ਪ੍ਰਕਾਸ਼ਿਤ ਮੁੱਢਲੀ ਵੋਟਰ ਸੂਚੀ ਸਬੰਧੀ ਆਮ ਲੋਕਾਂ ਦੀ ਸਹੂਲਤ ਲਈ ਐਤਵਾਰ, 16 ਅਗਸਤ 2026 ਨੂੰ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ।

ਇਸ ਸਬੰਧੀ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਬੂਥ ਲੈਵਲ ਅਫ਼ਸਰ ਆਪਣੇ-ਆਪਣੇ ਪੋਲਿੰਗ ਸਟੇਸ਼ਨਾਂ ’ਤੇ ਸਵੇਰੇ 10:00 ਵਜੇ ਤੋਂ ਦੁਪਹਿਰ 1:00 ਵਜੇ ਤੱਕ ਹਾਜ਼ਰ ਰਹਿਣਗੇ। ਇਸ ਦੌਰਾਨ ਵੋਟਰ ਡਰਾਫਟ ਵੋਟਰ ਸੂਚੀ ਵਿੱਚ ਆਪਣਾ ਨਾਮ, ਵੇਰਵੇ ਅਤੇ ਵੋਟ ਦੀ ਪੁਸ਼ਟੀ ਕਰ ਸਕਣਗੇ।

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੋਟਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਇਸ ਵਿਸ਼ੇਸ਼ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਂਦੇ ਹੋਏ ਆਪਣੇ ਸਬੰਧਤ ਪੋਲਿੰਗ ਬੂਥ ’ਤੇ ਪਹੁੰਚ ਕੇ ਡਰਾਫਟ ਵੋਟਰ ਸੂਚੀ ਵਿੱਚ ਆਪਣੀ ਐਂਟਰੀ ਦੀ ਜਾਂਚ ਕਰਨ। ਜੇਕਰ ਵੋਟਰ ਸੂਚੀ ਵਿੱਚ ਕਿਸੇ ਤਰ੍ਹਾਂ ਦੀ ਤਰੁੱਟੀ ਜਾਂ ਵੇਰਵਿਆਂ ਵਿੱਚ ਸੋਧ ਦੀ ਲੋੜ ਹੋਵੇ ਤਾਂ ਨਿਰਧਾਰਤ ਪ੍ਰਕਿਰਿਆ ਅਨੁਸਾਰ ਦਾਅਵਾ ਜਾਂ ਇਤਰਾਜ਼ ਵੀ ਦਰਜ ਕਰਵਾਇਆ ਜਾ ਸਕਦਾ ਹੈ।

ਜ਼ਿਲ੍ਹਾ ਪ੍ਰਸ਼ਾਸਨ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਵਿਸ਼ੇਸ਼ ਕੈਂਪ ਦੌਰਾਨ ਵੋਟਰਾਂ ਨੂੰ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਈ ਜਾਵੇ ਅਤੇ ਪੋਲਿੰਗ ਸਟੇਸ਼ਨਾਂ ’ਤੇ ਬੈਠਣ ਸਮੇਤ ਹੋਰ ਜ਼ਰੂਰੀ ਪ੍ਰਬੰਧ ਯਕੀਨੀ ਬਣਾਏ ਜਾਣ।

ਜ਼ਿਲ੍ਹਾ ਪ੍ਰਸ਼ਾਸਨ ਨੇ ਯੋਗ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਲੋਕਤੰਤਰਿਕ ਪ੍ਰਕਿਰਿਆ ਵਿੱਚ ਆਪਣੀ ਭਾਗੀਦਾਰੀ ਯਕੀਨੀ ਬਣਾਉਂਦੇ ਹੋਏ 16 ਅਗਸਤ ਨੂੰ ਆਪਣੇ ਪੋਲਿੰਗ ਬੂਥ ’ਤੇ ਜ਼ਰੂਰ ਪਹੁੰਚਣ ਅਤੇ ਡਰਾਫਟ ਵੋਟਰ ਸੂਚੀ ਵਿੱਚ ਆਪਣੀ ਵੋਟ ਦੀ ਜਾਂਚ ਕਰਨ।