ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਦੇਣਾ ਪੰਜਾਬ ਸਰਕਾਰ ਦੀ ਤਰਜੀਹ: ਹਰਜੋਤ ਬੈਂਸ
ਸ੍ਰੀ ਅਨੰਦਪੁਰ ਸਾਹਿਬ, 15 ਅਗਸਤ 2026
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਰਕਾਰੀ ਪ੍ਰਾਇਮਰੀ ਅਤੇ ਮਿਡਲ ਸਕੂਲ ਚੰਡੇਸਰ ਦਾ ਦੌਰਾ ਕਰਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸਕੂਲ ਵਿੱਚ ਚੱਲ ਰਹੀਆਂ ਵਿਦਿਅਕ ਗਤੀਵਿਧੀਆਂ, ਵਿਦਿਆਰਥੀਆਂ ਦੀ ਪੜ੍ਹਾਈ ਅਤੇ ਉਨ੍ਹਾਂ ਨੂੰ ਮਿਲ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ।
ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਬੈਂਸ ਨੇ ਉਨ੍ਹਾਂ ਦੀ ਪੜ੍ਹਾਈ, ਰੁਚੀਆਂ ਅਤੇ ਭਵਿੱਖ ਦੇ ਸੁਪਨਿਆਂ ਬਾਰੇ ਜਾਣਿਆ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਪ੍ਰਤਿਭਾ ਨੂੰ ਨਿਖਾਰਨ ਲਈ ਸਕੂਲ ਪੱਧਰ ਤੋਂ ਹੀ ਉਚਿਤ ਮਾਹੌਲ ਅਤੇ ਲੋੜੀਂਦੇ ਮੌਕੇ ਮੁਹੱਈਆ ਕਰਵਾਉਣਾ ਜ਼ਰੂਰੀ ਹੈ।
ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਅਤੇ ਆਧੁਨਿਕ ਸਹੂਲਤਾਂ ਦੇਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਸਰਕਾਰੀ ਸਕੂਲਾਂ ਦੇ ਵਿਦਿਆਰਥੀ ਕਿਸੇ ਵੀ ਪੱਖੋਂ ਪ੍ਰਾਈਵੇਟ ਸਕੂਲਾਂ ਤੋਂ ਪਿੱਛੇ ਨਾ ਰਹਿਣ, ਇਸ ਲਈ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ।
ਬੈਂਸ ਨੇ ਅਧਿਆਪਕਾਂ ਨਾਲ ਵੀ ਵਿਸਥਾਰ ਨਾਲ ਗੱਲਬਾਤ ਕੀਤੀ ਅਤੇ ਪੜ੍ਹਾਈ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਜਾਣਕਾਰੀ ਲਈ। ਉਨ੍ਹਾਂ ਅਧਿਆਪਕਾਂ ਨੂੰ ਬੱਚਿਆਂ ਦੀ ਸਿੱਖਿਆ ਦੇ ਨਾਲ-ਨਾਲ ਉਨ੍ਹਾਂ ਦੇ ਸਰਵਪੱਖੀ ਵਿਕਾਸ ਵੱਲ ਵੀ ਵਿਸ਼ੇਸ਼ ਧਿਆਨ ਦੇਣ ਲਈ ਕਿਹਾ।
ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਸਿਰਫ਼ ਕਿਤਾਬੀ ਗਿਆਨ ਦੇਣਾ ਨਹੀਂ, ਸਗੋਂ ਬੱਚਿਆਂ ਨੂੰ ਆਤਮ-ਵਿਸ਼ਵਾਸੀ, ਹੁਨਰਮੰਦ ਅਤੇ ਜ਼ਿੰਮੇਵਾਰ ਨਾਗਰਿਕ ਬਣਾਉਣਾ ਹੈ।




