ਰਿਆਤ ਬਾਹਰਾ ਯੂਨੀਵਰਸਿਟੀ ਵਿਖੇ 80ਵਾਂ ਆਜ਼ਾਦੀ ਦਿਵਸ ਦੇਸ਼ ਭਗਤੀ ਤੇ ਉਤਸ਼ਾਹ ਨਾਲ ਮਨਾਇਆ

Top Trending News ਪੰਜਾਬ

  • ਰਿਆਤ ਬਾਹਰਾ ਯੂਨੀਵਰਸਿਟੀ ਵਿਖੇ 80ਵਾਂ ਆਜ਼ਾਦੀ ਦਿਵਸ ਦੇਸ਼ ਭਗਤੀ ਤੇ ਉਤਸ਼ਾਹ ਨਾਲ ਮਨਾਇਆ

ਚੰਡੀਗੜ੍ਹ, 16 ਅਗਸਤ (ਦੇਸ਼ ਕਲਿੱਕ ਬਿਊਰੋ): ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਦੇਸ਼ ਦੀ ਆਜ਼ਾਦੀ ਦੀ 80ਵੀਂ ਵਰ੍ਹੇਗੰਢ ਦੇਸ਼ ਭਗਤੀ, ਉਤਸ਼ਾਹ ਅਤੇ ਜੋਸ਼ੋ-ਖਰੋਸ਼ ਨਾਲ ਮਨਾਈ ਗਈ। ਇਸ ਮੌਕੇ ਯੂਨੀਵਰਸਿਟੀ ਦੇ ਚਾਂਸਲਰ ਸ. ਗੁਰਵਿੰਦਰ ਸਿੰਘ ਬਾਹਰਾ ਨੇ ਰਾਸ਼ਟਰੀ ਝੰਡਾ ਲਹਿਰਾਇਆ ਅਤੇ ਸਮੂਹ ਵਿਦਿਆਰਥੀਆਂ, ਫੈਕਲਟੀ ਮੈਂਬਰਾਂ ਤੇ ਕਰਮਚਾਰੀਆਂ ਨੂੰ ਆਜ਼ਾਦੀ ਦਿਵਸ ਦੀ ਵਧਾਈ ਦਿੱਤੀ।

ਇਸ ਮੌਕੇ ਸੰਬੋਧਨ ਕਰਦਿਆਂ ਸ. ਗੁਰਵਿੰਦਰ ਸਿੰਘ ਬਾਹਰਾ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਅਣਗਿਣਤ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੀਆਂ ਮਹਾਨ ਕੁਰਬਾਨੀਆਂ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਦੀ ਰੱਖਿਆ ਕਰਨਾ ਅਤੇ ਦੇਸ਼ ਦੀ ਏਕਤਾ, ਅਖੰਡਤਾ, ਖੁਸ਼ਹਾਲੀ ਤੇ ਤਰੱਕੀ ਲਈ ਆਪਣਾ ਯੋਗਦਾਨ ਪਾਉਣਾ ਹਰ ਨਾਗਰਿਕ ਦਾ ਫਰਜ਼ ਹੈ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਆਪਣੀ ਊਰਜਾ ਨੂੰ ਉਸਾਰੂ ਦਿਸ਼ਾ ਵਿੱਚ ਲਗਾਉਣ ਅਤੇ ਦੇਸ਼ ਦੇ ਵਿਕਾਸ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਗਰੁੱਪ ਦੇ ਵਾਈਸ ਚੇਅਰਮੈਨ ਗੁਰਿੰਦਰ ਸਿੰਘ ਬਾਹਰਾ ਅਤੇ ਵਾਈਸ ਪ੍ਰੈਜ਼ੀਡੈਂਟ ਸ੍ਰੀਮਤੀ ਜੈਸਿਕਾ ਦੁੱਗਲ ਬਾਹਰਾ ਵੀ ਮੌਜੂਦ ਸਨ। ਰਿਆਤ ਬਾਹਰਾ ਗਰੁੱਪ ਦੇ ਵਾਈਸ ਚਾਂਸਲਰ ਪ੍ਰੋ. (ਡਾ.) ਸੰਜੇ ਕੁਮਾਰ ਨੇ ਵੀ ਆਜ਼ਾਦੀ ਸੰਗਰਾਮ ਦੇ ਮਹਾਨ ਸ਼ਹੀਦਾਂ ਨੂੰ ਯਾਦ ਕਰਦਿਆਂ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਨਮਨ ਕੀਤਾ।

ਸਮਾਰੋਹ ਦੌਰਾਨ ਯੂਨੀਵਰਸਿਟੀ ਦੇ ਸੀਨੀਅਰ ਅਧਿਕਾਰੀਆਂ, ਫੈਕਲਟੀ ਮੈਂਬਰਾਂ, ਕਰਮਚਾਰੀਆਂ ਅਤੇ ਵਿਦਿਆਰਥੀਆਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਯੂਨੀਵਰਸਿਟੀ ਦੇ ਕਈ ਕਰਮਚਾਰੀਆਂ ਨੂੰ ਉਨ੍ਹਾਂ ਦੀਆਂ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ ਅਤੇ ਮਿਠਾਈਆਂ ਵੰਡੀਆਂ ਗਈਆਂ।

ਸਮਾਗਮ ਦਾ ਮੁੱਖ ਆਕਰਸ਼ਣ ਵਿਦਿਆਰਥੀਆਂ ਵੱਲੋਂ ਪੇਸ਼ ਕੀਤਾ ਗਿਆ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਰਿਹਾ। ਵਿਦਿਆਰਥੀਆਂ ਨੇ ਭੰਗੜਾ, ਗਿੱਧਾ ਅਤੇ ਦੇਸ਼ ਭਗਤੀ ਨਾਲ ਭਰਪੂਰ ਗੀਤਾਂ ਦੀਆਂ ਪੇਸ਼ਕਾਰੀਆਂ ਰਾਹੀਂ ਸਮੂਹ ਮਾਹੌਲ ਨੂੰ ਦੇਸ਼-ਪ੍ਰੇਮ ਦੇ ਰੰਗ ਵਿੱਚ ਰੰਗ ਦਿੱਤਾ। ਵਿਦਿਆਰਥੀਆਂ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਨੂੰ ਹਾਜ਼ਰ ਦਰਸ਼ਕਾਂ ਵੱਲੋਂ ਭਰਪੂਰ ਸਰਾਹਨਾ ਮਿਲੀ। ਸਮਾਗਮ ਦਾ ਸਮਾਪਨ ਦੇਸ਼ ਦੀ ਏਕਤਾ, ਅਖੰਡਤਾ ਅਤੇ ਖੁਸ਼ਹਾਲੀ ਲਈ ਸ਼ੁਭਕਾਮਨਾਵਾਂ ਨਾਲ ਹੋਇਆ।