ਪੰਜਾਬ ਦੇ ਸਾਬਕਾ ਫੌਜੀਆਂ ਅਤੇ ਬੱਚਿਆਂ ਲਈ PM Scholarship Scheme ਸ਼ੁਰੂ, ਆਨਲਾਈਨ 31 ਦਸੰਬਰ ਤੱਕ ਕਰੋ ਅਪਲਾਈ
ਮੋਗਾ, 18 ਅਗਸਤ 2026
ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ, ਮੋਗਾ ਗਰੁੱਪ ਕੈਪਟਨ ਦਵਿੰਦਰ ਸਿੰਘ ਢਿੱਲੋਂ (ਰਿਟਾ.) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਬਕਾ ਸੈਨਿਕਾਂ ਅਤੇ ਸੈਨਿਕਾਂ ਦੀਆਂ ਵਿਧਵਾਵਾਂ ਦੇ ਬੱਚਿਆਂ ਨੂੰ ਉੱਚ ਸਿੱਖਿਆ ਲਈ ਵਿੱਤੀ ਸਹਾਇਤਾ ਪ੍ਰਦਾਨ ਕਰਨ ਦੇ ਉਦੇਸ਼ ਨਾਲ ਕੇਂਦਰੀ ਸੈਨਿਕ ਬੋਰਡ, ਨਵੀਂ ਦਿੱਲੀ ਵੱਲੋਂ ਪ੍ਰਧਾਨ ਮੰਤਰੀ ਵਜੀਫਾ ਸਕੀਮ ਲਾਗੂ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਜਿਹੜੇ ਬੱਚਿਆਂ ਨੇ ਮੌਜੂਦਾ ਸਾਲ ਦੌਰਾਨ ਬਾਰ੍ਹਵੀਂ ਜਮਾਤ ਵਿੱਚੋਂ 60 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ ਅਤੇ ਇਸ ਉਪਰੰਤ ਕਿਸੇ ਵੀ ਕਿੱਤਾਮੁਖੀ ਬੈਚਲਰ ਡਿਗਰੀ ਕੋਰਸ ਵਿੱਚ ਦਾਖਲਾ ਲਿਆ ਹੈ, ਉਹ ਇਸ ਸਕੀਮ ਤਹਿਤ ਨਿਰਧਾਰਤ ਸ਼ਰਤਾਂ ਅਨੁਸਾਰ ਵਜੀਫਾ ਪ੍ਰਾਪਤ ਕਰਨ ਦੇ ਯੋਗ ਹੋ ਸਕਦੇ ਹਨ।
ਗਰੁੱਪ ਕੈਪਟਨ ਦਵਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਯੋਗ ਲੜਕਿਆਂ ਨੂੰ 2,000 ਰੁਪਏ ਪ੍ਰਤੀ ਮਹੀਨਾ, ਜਦਕਿ ਯੋਗ ਲੜਕੀਆਂ ਨੂੰ 2,250 ਰੁਪਏ ਪ੍ਰਤੀ ਮਹੀਨਾ ਦੀ ਦਰ ਨਾਲ ਵਜੀਫਾ ਪ੍ਰਦਾਨ ਕੀਤਾ ਜਾਂਦਾ ਹੈ। ਇਹ ਵਿੱਤੀ ਸਹਾਇਤਾ ਕੇਂਦਰੀ ਸੈਨਿਕ ਬੋਰਡ ਵੱਲੋਂ ਸਕੀਮ ਅਧੀਨ ਨਿਰਧਾਰਤ ਨਿਯਮਾਂ ਅਤੇ ਸ਼ਰਤਾਂ ਦੀ ਪੂਰਤੀ ਕਰਨ ਵਾਲੇ ਲਾਭਪਾਤਰੀਆਂ ਨੂੰ ਦਿੱਤੀ ਜਾਂਦੀ ਹੈ।
ਉਨ੍ਹਾਂ ਦੱਸਿਆ ਕਿ ਸਕੀਮ ਨਾਲ ਸਬੰਧਤ ਯੋਗਤਾ, ਲੋੜੀਂਦੇ ਦਸਤਾਵੇਜ਼ਾਂ ਅਤੇ ਹੋਰ ਸ਼ਰਤਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਕੇਂਦਰੀ ਸੈਨਿਕ ਬੋਰਡ ਦੀ ਅਧਿਕਾਰਤ ਵੈੱਬਸਾਈਟ www.ksb.gov.in ’ਤੇ ਉਪਲਬਧ ਹੈ। ਚਾਹਵਾਨ ਅਤੇ ਯੋਗ ਵਿਦਿਆਰਥੀ ਸਕੀਮ ਦੀਆਂ ਸ਼ਰਤਾਂ ਦੀ ਪੂਰੀ ਜਾਣਕਾਰੀ ਹਾਸਲ ਕਰਕੇ ਆਨਲਾਈਨ ਅਰਜ਼ੀ ਜਮ੍ਹਾਂ ਕਰਵਾ ਸਕਦੇ ਹਨ।
ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਨੇ ਵਿਸ਼ੇਸ਼ ਤੌਰ ’ਤੇ ਦੱਸਿਆ ਕਿ ਇਸ ਸਕੀਮ ਤਹਿਤ ਆਨਲਾਈਨ ਅਪਲਾਈ ਕਰਨ ਦੀ ਆਖਰੀ ਮਿਤੀ 31 ਦਸੰਬਰ 2026 ਹੈ। ਉਨ੍ਹਾਂ ਸਾਬਕਾ ਸੈਨਿਕਾਂ ਅਤੇ ਸੈਨਿਕਾਂ ਦੀਆਂ ਵਿਧਵਾਵਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਯੋਗ ਬੱਚਿਆਂ ਦੀ ਅਰਜ਼ੀ ਨਿਰਧਾਰਤ ਸਮੇਂ ਤੋਂ ਪਹਿਲਾਂ ਆਨਲਾਈਨ ਜਮ੍ਹਾਂ ਕਰਵਾਉਣ। ਆਖਰੀ ਮਿਤੀ ਤੋਂ ਬਾਅਦ ਪ੍ਰਾਪਤ ਹੋਣ ਵਾਲੀਆਂ ਆਨਲਾਈਨ ਅਰਜ਼ੀਆਂ ’ਤੇ ਵਿਚਾਰ ਨਹੀਂ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਯੋਗ ਲਾਭਪਾਤਰੀ ਇਸ ਭਲਾਈ ਸਕੀਮ ਦਾ ਲਾਭ ਲੈਣ ਅਤੇ ਸਮੇਂ ਸਿਰ ਆਪਣੀਆਂ ਅਰਜ਼ੀਆਂ ਜਮ੍ਹਾਂ ਕਰਵਾਉਣ ਤਾਂ ਜੋ ਕੋਈ ਵੀ ਯੋਗ ਵਿਦਿਆਰਥੀ ਵਿੱਤੀ ਸਹਾਇਤਾ ਤੋਂ ਵਾਂਝਾ ਨਾ ਰਹੇ।ਸਕੀਮ ਸਬੰਧੀ ਕਿਸੇ ਵੀ ਤਰ੍ਹਾਂ ਦੀ ਵਧੇਰੇ ਜਾਣਕਾਰੀ ਜਾਂ ਸਹਾਇਤਾ ਲਈ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਮੋਗਾ ਨਾਲ ਫੋਨ ਨੰਬਰ 01636-237488 ’ਤੇ ਸੰਪਰਕ ਕੀਤਾ ਜਾ ਸਕਦਾ ਹੈ।





