ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਸ਼ਹਿਰ ਵਿੱਚ ਰੋਸ ਮਾਰਚ ਕਰਕੇ ਸਰਕਾਰ ਦੀ ਅਰਥੀ ਸਾੜੀ

Top Trending News ਪੰਜਾਬ

  • ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਸ਼ਹਿਰ ਵਿੱਚ ਰੋਸ ਮਾਰਚ ਕਰਕੇ ਸਰਕਾਰ ਦੀ ਅਰਥੀ ਸਾੜੀ

ਦਲਜੀਤ ਕੌਰ

ਭਵਾਨੀਗੜ੍ਹ, 18 ਅਗਸਤ, 2026: ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ ਸਾਂਝਾ ਫਰੰਟ ਅਤੇ ਪੰਜਾਬ ਮੁਲਾਜ਼ਮ ਮੰਚ ਦੀ ਸਾਂਝੀ ਤਾਲਮੇਲ ਕਮੇਟੀ ਦੇ ਸੂਬਾ ਪੱਧਰੀ ਸੱਦੇ ਅਨੁਸਾਰ ਅੱਜ ਭਵਾਨੀਗੜ੍ਹ ਵਿਖੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਜ ਦੀਆਂ ਮੰਗਾਂ ਪ੍ਰਤੀ ਨਾਂਹ ਪੱਖੀ ਰਵੱਈਆ ਅਪਣਾਉਣ ਕਾਰਨ ਸੈਂਕੜੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਡੀਟੀਐੱਫ ਦੇ ਸੂਬਾ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ, ਗੌਰਮਿੰਟ ਪੈਨਸ਼ਨਰ ਐਸੋਸੀਏਸ਼ਨ ਦੇ ਪ੍ਰਧਾਨ ਸਤਨਾਮ ਸਿੰਘ ਸਿੱਧੂ, ਜਨਰਲ ਸਕੱਤਰ ਕੇਵਲ ਸਿੰਘ ਸਿੱਧੂ, ਪੁਲਿਸ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪ੍ਰਿਤਪਾਲ ਸਿੰਘ , ਸਿਹਤ ਵਿਭਾਗ ਤੋਂ ਬਲਦੇਵ ਸਿੰਘ, ਵੈਟਰਨਰੀ ਇੰਸਪੈਕਟਰ ਐਸੌਸੀਐਸਨ ਦੇ ਹਰਿੰਦਰ ਪਾਲ, ਸਫ਼ਾਈ ਕਰਮਚਾਰੀ ਯੂਨੀਅਨ ਪ੍ਰਧਾਨ ਜਗਮੇਲ ਸਿੰਘ, ਰਾਮਸਰੂਪ, ਬਾਬਾ ਜੀਵਨ ਸਿੰਘ ਕਮੇਟੀ ਦੇ ਪ੍ਰਧਾਨ ਗੁਰਨਾਮ ਸਿੰਘ, ਹਰੀ ਸਿੰਘ, ਡਾ. ਬੀ ਆਰ ਅੰਬੇਡਕਰ ਚੇਤਨਾ ਮੰਚ ਦੇ ਪ੍ਰਧਾਨ ਬਲਕਾਰ ਸਿੰਘ, ਸਮੇਤ ਸਾਥੀਆਸੀਨੀਅਰ ਸੀਟੀਜਨ ਦੇ ਪ੍ਰਧਾਨ ਚਰਨ ਸਿੰਘ ਚੋਪੜਾ, ਐੱਸਸੀਬੀਸੀ ਅਧਿਆਪਕ ਯੂਨੀਅਨ ਦੇ ਆਗੂ ਕੰਵਲਜੀਤ ਸਿੰਘ, ਗੌਰਮਿੰਟ ਟੀਚਰਜ਼ ਯੂਨੀਅਨ ਦੇ ਆਗੂ ਗੁਰਲਾਭ ਸਿੰਘ ਦੀ ਅਗਵਾਈ ਵਿੱਚ ਰੈਲੀ ਕਰਨ ਉਪਰੰਤ ਸ਼ਹਿਰ ਦੇ ਪ੍ਰਮੁੱਖ ਬਜ਼ਾਰਾਂ ਵਿੱਚ ਰੋਸ ਮਾਰਚ ਕਰਦਿਆਂ ਸ਼ਹੀਦ ਭਗਤ ਸਿੰਘ ਚੌਕ ਭਵਾਨੀਗੜ੍ਹ ਵਿੱਚ ਪੰਜਾਬ ਸਰਕਾਰ ਦੀ ਅਰਥੀ ਸਾੜੀ ਗਈ।

ਇਸ ਮੌਕੇ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਡੀਏ ਸਬੰਧੀ ਮਾਨਯੋਗ ਹਾਈ ਕੋਰਟ ਦਾ ਫੈਸਲਾ ਆ ਚੁੱਕਾ ਹੈ ।ਪੰਜਾਬ ਸਰਕਾਰ ਵੱਲੋਂ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸਿੰਗਲ ਬੈਂਚ ਤੋਂ ਬਾਅਦ ਡਬਲ ਬੈਂਚ ਦੇ ਆਏ ਫੈਸਲੇ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ। ਜਿਸ ਵਿੱਚ ਮਾਨਯੋਗ ਹਾਈ ਕੋਰਟ ਵੱਲੋਂ ਸਮੁੱਚੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ਅਤੇ ਇਸ ਦੇ ਪਿਛਲੇ ਬਕਾਏ 15 ਦਿਨਾਂ ਦੇ ਅੰਦਰ ਅਦਾ ਕਰਨ ਦੇ ਆਦੇਸ਼ ਦਿੱਤੇ ਸਨ। ਪ੍ਰੰਤੂ ਸਰਕਾਰ ਵੱਲੋਂ ਮੁਲਾਜ਼ਮ ਵਿਰੋਧੀ ਵਤੀਰਾ ਅਪਣਾਉਂਦੇ ਹੋਏ ਮਾਣਯੋਗ ਕੋਰਟ ਦੇ ਫੈਸਲੇ ਨੂੰ ਟਿੱਚ ਜਾਣਦੇ ਹੋਏ ਇਸਨੂੰ ਲਾਗੂ ਕਰਨ ਤੋਂ ਕੰਨੀ ਕਤਰਾ ਲਈ ਹੈ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਬਦਨੀਤੀ ਦੇ ਚੱਲਦਿਆਂ ਹੁਣ ਵਿੱਤ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਵੱਲੋਂ 7 ਅਗਸਤ ਦੀ “ਚੰਡੀਗੜ੍ਹ ਮਹਾਂ ਰੈਲੀ” ਵਿੱਚ ਸ਼ਾਮਿਲ ਹੋਣ ਵਾਲੀਆਂ ਜਥੇਬੰਦੀਆਂ ਨੂੰ ‘ਐਂਟੀ ਸਟੇਟ’ ਤੱਕ ਕਹਿਣ ਲੱਗ ਪਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਰਹਿੰਦੇ 18 ਪ੍ਰਤੀਸ਼ਤ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਜਾਰੀ ਕਰਵਾਉਣ, ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲ ਕਰਨ, ਮਿਤੀ 17-7-2020 ਦਾ ਪੱਤਰ ਵਾਪਸ ਲੈ ਕੇ ਕੇਂਦਰ ਸਰਕਾਰ ਦੇ ਸੱਤਵੇਂ ਤਨਖਾਹ ਕਮਿਸ਼ਨ ਦੀ ਬਜਾਏ ਪੰਜਾਬ ਸਰਕਾਰ ਦਾ ਛੇਵਾਂ ਤਨਖਾਹ ਕਮਿਸ਼ਨ ਲਾਗੂ ਕਰਨ, ਮਿਤੀ 15-01-2015 ਦਾ ਮੁਲਾਜ਼ਮ ਵਿਰੋਧੀ ਪੱਤਰ ਵਾਪਸ ਲੈ ਕੇ ਪ੍ਰੋਬੇਸ਼ਨ ਸਮਾਂ ਘੱਟ ਕਰਕੇ ਇੱਕ ਸਾਲ ਕਰਨ ਅਤੇ ਇਸ ਦੌਰਾਨ ਪੂਰੀ ਤਨਖਾਹ ਤੇ ਭੱਤੇ ਦੇਣ, ਛੇਵੇਂ ਤਨਖਾਹ ਕਮਿਸ਼ਨ ਵੱਲੋਂ ਮੁਲਾਜ਼ਮਾਂ ਦੇ ਭੱਤਿਆਂ ਸਬੰਧੀ ਕੀਤੀਆਂ ਸਿਫਾਰਿਸ਼ਾਂ ਨੂੰ ਲਾਗੂ ਕਰਾਉਣ, ਏ ਸੀ ਪੀ ਸਕੀਮ ਤਹਿਤ 4-9-14 ਸਾਲ ਦੀ ਸੇਵਾ ਪੂਰੀ ਹੋਣ ਤੇ ਉੱਚ ਤਨਖਾਹ ਸਕੇਲ ਦੇਣ, ਜਜੀਆ ਟੈਕਸ ਵਾਪਸ ਲੈਣ, ਆਊਟਸੋਰਸ ਅਤੇ ਕੰਟਰੈਕਟ ਤੇ ਕੰਮ ਕਰਦੇ ਸਮੂਹ ਮੁਲਾਜ਼ਮਾਂ ਨੂੰ ਪੱਕੇ ਕਰਨ, ਪੈਨਸ਼ਨਰਾਂ ਦੀ 2.59 ਦੇ ਗੁਣਾਕ ਫਾਰਮੂਲੇ ਨਾਲ ਪੈਨਸ਼ਨ ਫਿਕਸ ਕਰਨ, ਸਟੈਨੋ ਕਾਡਰ ਲਈ ਪਦਉਨਤੀਆਂ ਦੇ ਨਵੇਂ ਮੌਕੇ ਪੈਦਾ ਕਰਨ, ਸਾਲ 2011 ਤੋਂ ਬਾਅਦ ਡਿਊਟੀ ਦੌਰਾਨ ਮ੍ਰਿਤਕ ਮੁਲਾਜਮਾਂ ਦੇ ਆਸ਼ਰਤਾਂ ਅਤੇ ਉਹਨਾਂ ਦੀਆਂ ਵਿਧਵਾਵਾਂ ਨੂੰ ਤਰਸ ਦੇ ਆਧਾਰ ਤੇ ਭਰਤੀ ਕਰਨ ਬਾਅਦ ਲਾਈ ਟਾਈਪ ਟੈਸਟ ਦੀ ਸ਼ਰਤ ਹਟਾ ਕੇ 120 ਘੰਟੇ ਦੀ ਕੰਪਿਊਟਰ ਟ੍ਰੇਨਿੰਗ ਮੁਕੰਮਲ ਕਰਨ ਤੇ ਸਲਾਨਾ ਤਰੱਕੀਆਂ ਬਹਾਲ ਕਰਨ, ਸੀਨੀਅਰ ਸਹਾਇਕਾਂ ਦਾ ਪਦ ਉਨਤੀ ਕੋਟਾ ਸੌ ਫੀਸਦੀ ਕਰਨ, 20 ਸਾਲ ਦੀ ਸੇਵਾ ਪੂਰੀ ਕਰਨ ਤੇ ਸੇਵਾ ਨਵਿਰਤੀ ਲਈ ਪੂਰੇ ਲਾਭ ਦੇਣ, ਵਿਭਾਗਾਂ ਦੀ ਸਰਕਾਰ ਦੇ ਨਿਯਮਾਂ ਅਨੁਸਾਰ ਹਰ 5 ਸਾਲ ਬਾਅਦ ਮੁੜ ਬਣਤਰ ਕਰਨ ਦੇ ਹੁਕਮ ਜਾਰੀ ਕਰਨ ਅਤੇ ਮੌਜੂਦਾ ਸਮੇਂ ਦੀਆਂ ਲੋੜਾਂ ਅਨੁਸਾਰ ਨਵੀਆਂ ਅਸਾਮੀਆਂ ਦੀ ਰਚਨਾ ਕਰਨ, ਮਾਣਭੱਤੇ ਤੇ ਕੰਮ ਕਰਦੀਆਂ ਆਸ਼ਾ ਵਰਕਰਾਂ, ਮਿਡ ਡੇ ਮੀਲ ਅਤੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਘੱਟੋ-ਘੱਟ ਉਜ਼ਰਤਾਂ ਦੇ ਦਾਇਰੇ ਵਿੱਚ ਲਿਆਉਣ ਆਦਿ ਦੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਇਸ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ। ਇਸ ਦੀ ਸਾਰੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।

ਇਸ ਮੌਕੇ ਡਾਕਟਰ ਰਾਮਪਾਲ ਸਿੰਘ, ਅਮਨ ਵਿਸ਼ਿਸ਼ਟ, ਕਰਮਜੀਤ ਨਦਾਮਪੁਰ ਪੁਲਿਸ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪ੍ਰਿਤਪਾਲ ਸਿੰਘ ਪ੍ਰਧਾਨ ਕਰਮ ਸਿੰਘ, ਪਰਮਜੀਤ ਸਿੰਘ, ਜਗਤਾਰ ਸਿੰਘ , ਏਐੱਸਆਈ ਜਗਤਾਰ ਸਿੰਘ, ਰਣਜੀਤ ਸਿੰਘ, ਸੁਰਿੰਦਰ ਕੁਮਾਰ, ਗੁਰਬਚਨ ਸਿੰਘ, ਸੋਮ ਦੱਤ, ਡਾ ਹਰਕੀਰਤ ਸਿੰਘ, ਮੈਡਮ ਗੁਰਜੀਤ ਕੌਰ, ਪਰਮਜੀਤ ਕੌਰ, ਸਵਾਤੀ ਸ਼ਰਮਾ, ਜਸਵੀਰ ਕੌਰ, ਅਮਨਪ੍ਰੀਤ ਕੌਰ, ਪ੍ਰੀਤੀ ਸਿੰਗਲਾ ਆਦਿ ਨੇ ਸੰਬੋਧਨ ਕੀਤਾ।