ਪੰਜਾਬ ਦੇ 5 ਜ਼ਿਲ੍ਹਿਆਂ ‘ਚ ਭਾਰੀ ਮੀਂਹ ਪੈਣ ਦਾ ਅਲਰਟ! ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ
ਚੰਡੀਗੜ੍ਹ, 19 ਅਗਸਤ 2026:
ਪੰਜਾਬ ਵਿੱਚ ਮਾਨਸੂਨ ਇੱਕ ਵਾਰ ਮੁੜ ਸਰਗਰਮ ਹੋ ਗਿਆ ਹੈ। ਪਿਛਲੇ ਕੁਝ ਦਿਨਾਂ ਤੋਂ ਗਰਮੀ ਅਤੇ ਹੁੰਮਸ ਦਾ ਸਾਹਮਣਾ ਕਰ ਰਹੇ ਲੋਕਾਂ ਨੂੰ ਹੁਣ ਮੀਂਹ ਤੋਂ ਰਾਹਤ ਮਿਲਣ ਦੀ ਉਮੀਦ ਹੈ। ਭਾਰਤੀ ਮੌਸਮ ਵਿਭਾਗ (IMD) ਵੱਲੋਂ ਸੂਬੇ ਦੇ ਕਈ ਹਿੱਸਿਆਂ ਲਈ ਮੀਂਹ ਅਤੇ ਗਰਜ-ਚਮਕ ਨੂੰ ਲੈ ਕੇ ਤਾਜ਼ਾ ਚਿਤਾਵਨੀ ਜਾਰੀ ਕੀਤੀ ਗਈ ਹੈ।
ਮੌਸਮ ਵਿਭਾਗ ਦੇ ਅਪਡੇਟ ਮੁਤਾਬਕ, ਅੱਜ 19 ਅਗਸਤ ਨੂੰ ਪੰਜਾਬ ਦੇ ਪੰਜ ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਨਵਾਂਸ਼ਹਿਰ ਅਤੇ ਐਸ.ਏ.ਐਸ. ਨਗਰ (ਮੁਹਾਲੀ) ਲਈ ਭਾਰੀ ਮੀਂਹ ਦਾ ‘ਯੈਲੋ ਅਲਰਟ’ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ’ਤੇ ਤੇਜ਼ ਮੀਂਹ ਪੈਣ ਦੇ ਨਾਲ ਬੱਦਲ ਗਰਜਣ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਮੌਸਮ ਵਿੱਚ ਇਸ ਬਦਲਾਅ ਨਾਲ ਸੂਬੇ ਦੇ ਤਾਪਮਾਨ ਵਿੱਚ ਵੀ ਗਿਰਾਵਟ ਆਉਣ ਦੀ ਉਮੀਦ ਹੈ। ਬੱਦਲਵਾਈ ਅਤੇ ਮੀਂਹ ਕਾਰਨ ਲੋਕਾਂ ਨੂੰ ਚਿਪਚਿਪੀ ਗਰਮੀ ਤੋਂ ਕੁਝ ਰਾਹਤ ਮਿਲ ਸਕਦੀ ਹੈ। ਖਾਸ ਤੌਰ ’ਤੇ ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਮੀਂਹ ਦੀ ਸਰਗਰਮੀ ਵਧੇਰੇ ਰਹਿਣ ਦੀ ਸੰਭਾਵਨਾ ਹੈ।
ਇਸ ਦੌਰਾਨ 20 ਤੋਂ 22 ਅਗਸਤ ਤੱਕ ਪੰਜਾਬ ਵਿੱਚ ਮੌਸਮ ਮੁੱਖ ਤੌਰ ’ਤੇ ਸਾਫ਼ ਰਹਿਣ ਦੀ ਸੰਭਾਵਨਾ ਦੱਸੀ ਗਈ ਹੈ। ਇਸ ਸਮੇਂ ਦੌਰਾਨ ਸੂਬੇ ਵਿੱਚ ਭਾਰੀ ਮੀਂਹ ਸਬੰਧੀ ਕੋਈ ਵੱਡਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਹਾਲਾਂਕਿ ਸਥਾਨਕ ਪੱਧਰ ’ਤੇ ਹਲਕੀ ਜਾਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।
ਮੀਂਹ ਅਤੇ ਤੇਜ਼ ਹਵਾਵਾਂ ਦੀ ਸੰਭਾਵਨਾ ਦੇ ਮੱਦੇਨਜ਼ਰ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ। ਪਠਾਨਕੋਟ ਅਤੇ ਹੁਸ਼ਿਆਰਪੁਰ ਸਮੇਤ ਪਹਾੜੀ ਖੇਤਰਾਂ ਨਾਲ ਲੱਗਦੇ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਅਤੇ ਵਾਹਨ ਚਾਲਕਾਂ ਨੂੰ ਮੀਂਹ ਦੌਰਾਨ ਵਿਸ਼ੇਸ਼ ਸਾਵਧਾਨੀ ਵਰਤਣ ਲਈ ਕਿਹਾ ਗਿਆ ਹੈ।





