- 20 ਅਗਸਤ ਨੂੰ ਪੰਜਾਬ ਦੇ 3 ਜ਼ਿਲ੍ਹਿਆਂ ਵਿੱਚ ਛੁੱਟੀ ਦਾ ਐਲਾਨ, ਦਫ਼ਤਰ ਤੇ ਵਿਦਿਅਕ ਅਦਾਰੇ ਰਹਿਣਗੇ ਬੰਦ
ਚੰਡੀਗੜ੍ਹ, 19 ਅਗਸਤ (ਦੇਸ਼ ਕਲਿੱਕ ਬਿਊਰੋ): ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ 20 ਅਗਸਤ 2026, ਵੀਰਵਾਰ ਨੂੰ ਪੰਜਾਬ ਦੇ ਤਿੰਨ ਜ਼ਿਲ੍ਹਿਆਂ ਸੰਗਰੂਰ, ਬਰਨਾਲਾ ਅਤੇ ਮਲੇਰਕੋਟਲਾ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਸੰਗਰੂਰ ਦੀ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਵੱਲੋਂ ਜਾਰੀ ਹੁਕਮਾਂ ਅਨੁਸਾਰ 20 ਅਗਸਤ ਨੂੰ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਅਰਧ-ਸਰਕਾਰੀ ਦਫ਼ਤਰ ਬੰਦ ਰਹਿਣਗੇ। ਇਸ ਦੇ ਨਾਲ ਹੀ ਸਰਕਾਰੀ, ਗੈਰ-ਸਰਕਾਰੀ ਅਤੇ ਨਿੱਜੀ ਸਕੂਲਾਂ, ਕਾਲਜਾਂ ਸਮੇਤ ਸਾਰੇ ਵਿਦਿਅਕ ਅਦਾਰੇ ਵੀ ਬੰਦ ਰਹਿਣਗੇ।
ਇਸੇ ਤਰ੍ਹਾਂ ਬਰਨਾਲਾ ਦੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ (ਆਈ.ਏ.ਐਸ.) ਵੱਲੋਂ ਵੀ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸਰਕਾਰੀ ਅਤੇ ਅਰਧ-ਸਰਕਾਰੀ ਦਫ਼ਤਰਾਂ ਤੋਂ ਇਲਾਵਾ ਸਰਕਾਰੀ ਅਤੇ ਨਿੱਜੀ ਵਿਦਿਅਕ ਸੰਸਥਾਵਾਂ ਵੀ ਬੰਦ ਰਹਿਣਗੀਆਂ।
ਉੱਧਰ, ਮਲੇਰਕੋਟਲਾ ਦੇ ਡਿਪਟੀ ਕਮਿਸ਼ਨਰ ਵੱਲੋਂ ਵੀ 20 ਅਗਸਤ ਨੂੰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਅਰਧ-ਸਰਕਾਰੀ ਦਫ਼ਤਰ ਬੰਦ ਰਹਿਣਗੇ।
ਇਹ ਸਥਾਨਕ ਛੁੱਟੀ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਸਤਿਕਾਰ ਅਤੇ ਸ਼ਰਧਾਂਜਲੀ ਭੇਟ ਕਰਨ ਦੇ ਮੱਦੇਨਜ਼ਰ ਐਲਾਨੀ ਗਈ ਹੈ।





