- ਪੇਂਡੂ ਮਜ਼ਦੂਰ ਯੂਨੀਅਨ ਵਲੋਂ ਪੰਜਾਬ ਬੰਦ ਦੀ ਹਮਾਇਤ ਦਾ ਐਲਾਨ: ਸਹਿਯੋਗ ਦੀ ਅਪੀਲ
- ਪੱਤਰਕਾਰ ਮਨਿੰਦਰਜੀਤ ਸਿੱਧੂ ਖਿਲਾਫ਼ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕਰਨ ਦੀ ਨਿੰਦਾ ਕਰਦਿਆਂ ਦਰਜ ਕੇਸ ਰੱਦ ਕਰਨ ਦੀ ਕੀਤੀ ਮੰਗ
ਦਲਜੀਤ ਕੌਰ
ਚੰਡੀਗੜ੍ਹ/ਜਲੰਧਰ, 20 ਅਗਸਤ, 2026: ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖਾਂ ਸਮੇਤ ਸਿਆਸੀ ਕੈਦੀਆਂ ਅਤੇ ਜੇਲ੍ਹਾਂ ਚ ਬੰਦ ਹੋਰ ਸਿਆਸੀ ਕਾਰਕੁਨਾਂ ਦੀ ਰਿਹਾਈ ਅਤੇ ਬੀਤੇ ਦਿਨੀਂ ਚੰਡੀਗੜ੍ਹ ਸ਼ਾਂਤਮਈ ਪ੍ਰਦਰਸ਼ਨ ਦੌਰਾਨ ਆਰ ਐੱਸ ਐੱਸ ਭਾਜਪਾ ਹਕੂਮਤ ਦੇ ਇਸ਼ਾਰੇ ਉੱਤੇ ਪੁਲਿਸ ਵਲੋਂ ਕੀਤੇ ਜ਼ਬਰ ਖਿਲਾਫ਼ ਕੌਮੀ ਇਨਸਾਫ਼ ਮੋਰਚੇ ਵਲੋਂ 21 ਅਗਸਤ, ਸ਼ੁੱਕਰਵਾਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਮੋਰਚੇ ਵਲੋਂ ਇਹ ਬੰਦ ਦਾ ਸਮਾਂ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਨਿਰਧਾਰਤ ਕੀਤਾ ਗਿਆ ਹੈ।
ਇਸ ਮੌਕੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਨੇ ਮੋਰਚੇ ਦੀ ਹਮਾਇਤ ਕਰਦਿਆਂ ਸਮੂਹ ਲੋਕਾਂ ਨੂੰ ਪੰਜਾਬ ਬੰਦ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ। ਇਸ ਮੌਕੇ ਯੂਨੀਅਨ ਦੀ ਸੂਬਾ ਕਮੇਟੀ ਨੇ ਪੱਤਰਕਾਰ ਮਨਿੰਦਰਜੀਤ ਸਿੰਘ ਸਿੱਧੂ ਖਿਲਾਫ਼ ਭਗਵੰਤ ਮਾਨ ਸਰਕਾਰ ਵਲੋਂ ਬਰਦਾਲਊ ਭਾਵਨਾ ਤਹਿਤ ਬੁਖਲਾਹਟ ਚ ਸੰਗੀਨ ਧਾਰਾਵਾਂ (ਖੁਦਕਸ਼ੀ ਲਈ ਉਕਸਾਉਣ)ਹੇਠ ਕੇਸ ਦਰਜ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਦਰਜ ਕੇਸ ਰੱਦ ਕਰਨ ਦੀ ਮੰਗ ਕੀਤੀ ਹੈ।
ਯੂਨੀਅਨ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ,ਜਨਰਲ ਸਕੱਤਰ ਅਵਤਾਰ ਸਿੰਘ ਰਸੂਲਪੁਰ ਅਤੇ ਸੂਬਾਈ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ ਨੇ ਕਿਹਾ ਕਿ ਕੌਮੀ ਇਨਸਾਫ਼ ਮੋਰਚੇ ਵਲੋਂ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਜੇਲ੍ਹਾਂ ਵਿੱਚ ਬੰਦ ਸਿੱਖਾਂ ਸਮੇਤ ਹੋਰ ਸਿਆਸੀ ਕੈਦੀਆਂ ਅਤੇ ਸਿਆਸੀ ਕਾਰਕੁਨਾਂ ਦੀ ਰਿਹਾਈ ਲਈ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਲ੍ਹ ਵਿੱਚ ਬੰਦ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਦੀ ਮੰਗ ਵੀ ਇਸ ਸੰਘਰਸ਼ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਫਾਸ਼ੀਵਾਦੀ ਸਰਕਾਰ ਵਲੋਂ ਆਪਣੇ ਖ਼ਾਸ ਦੇਸ਼ ਨੂੰ ਹਿੰਦੂ ਰਾਸ਼ਟਰ ਬਣਾਉਣ ਦੇ ਏਜੰਡੇ ਤਹਿਤ ਘੱਟ ਗਿਣਤੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ। ਇਸ ਨੀਤੀ ਤਹਿਤ ਹੀ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਸਿੱਖਾਂ ਸਮੇਤ ਸਿਆਸੀ ਕੈਦੀਆਂ ਅਤੇ ਹੋਰ ਸਿਆਸੀ ਕਾਰਕੁਨਾਂ ਨੂੰ ਜੇਲ੍ਹਾਂ ਵਿੱਚ ਮਰਨ ਸੜਨ ਲਈ ਬੰਦ ਕੀਤਾ ਹੋਇਆ ਹੈ।
ਉਨ੍ਹਾਂ ਕਿਹਾ ਕਿ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਸਿੱਖਾਂ ਸਮੇਤ ਸਜ਼ਾਵਾਂ ਪੂਰੀਆਂ ਕਰ ਚੁੱਕੇ ਅਤੇ ਜੇਲ੍ਹਾਂ ਚ ਬੰਦ ਸਿਆਸੀ ਕਾਰਕੁਨਾਂ ਦੀ ਰਿਹਾਈ ਨਾਲ ਜੁੜੀਆਂ ਮੰਗਾਂ ਦੀ ਹਮਾਇਤ ਕਰਦੀ ਹੈ ਅਤੇ ਇਸ ਸੰਘਰਸ਼ ਵਿੱਚ ਮੋਰਚੇ ਦੇ ਨਾਲ ਖੜ੍ਹੀ ਹੈ। ਉਨ੍ਹਾਂ ਸਰਕਾਰ ਦੀਆਂ ਨੀਤੀਆਂ ਪ੍ਰਤੀ ਲੋਕ ਮਨਾਂ ਵਿੱਚ ਪਾਏ ਜਾ ਰਹੇ ਰੋਸ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣ ਦੀ ਲੋੜ ਹੈ।
ਉਨ੍ਹਾਂ ਦੱਸਿਆ ਕਿ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵੱਲੋਂ ਲੋਕਾਂ ਨੂੰ ਬੰਦ ਸਬੰਧੀ ਜਾਗਰੂਕ ਕੀਤਾ ਜਾਵੇਗਾ ਅਤੇ ਸ਼ਾਂਤੀਪੂਰਨ ਢੰਗ ਨਾਲ ਇਸ ਵਿੱਚ ਸਹਿਯੋਗ ਦੇਣ ਲਈ ਪ੍ਰੇਰਿਤ ਕੀਤਾ ਜਾਵੇਗਾ।
ਜਥੇਬੰਦੀ ਨੇ ਵਪਾਰੀਆਂ, ਸਮਾਜਿਕ ਜਥੇਬੰਦੀਆਂ, ਸਿੱਖਿਆ ਸੰਸਥਾਵਾਂ ਅਤੇ ਸਮਾਜ ਦੇ ਹੋਰ ਵਰਗਾਂ ਨੂੰ 21 ਅਗਸਤ ਦੇ ਪੰਜਾਬ ਬੰਦ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ।





