‘ਗੈਂਗਸਟਰਾਂ ‘ਤੇ ਵਾਰ’: 7 ਮਹੀਨਿਆਂ ਵਿੱਚ 62,641 ਵਿਅਕਤੀ ਗ੍ਰਿਫ਼ਤਾਰ

Top Trending News ਪੰਜਾਬ

  • ‘ਗੈਂਗਸਟਰਾਂ ‘ਤੇ ਵਾਰ’: 7 ਮਹੀਨਿਆਂ ਵਿੱਚ 62,641 ਵਿਅਕਤੀ ਗ੍ਰਿਫ਼ਤਾਰ
  • ਸੱਤ ਮਹੀਨਿਆਂ ਦੌਰਾਨ ਪੁਲਿਸ ਟੀਮਾਂ ਨੇ 31,000 ਵਿਅਕਤੀਆਂ ਵਿਰੁੱਧ ਕੀਤੀ ਰੋਕਥਾਮ ਕਾਰਵਾਈ, 1,612 ਭਗੌੜੇ ਅਪਰਾਧੀਆਂ ਨੂੰ ਕੀਤਾ ਗ੍ਰਿਫਤਾਰ: ਵਿਸ਼ੇਸ਼ ਡੀਜੀਪੀ ਪ੍ਰਵੀਨ ਸਿਨਹਾ
  • ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰ ਬਾਰੇ ਕਰ ਸਕਦੇ ਹਨ ਰਿਪੋਰਟ
  • ਯੁੱਧ ਨਸ਼ਿਆਂ ਵਿਰੁੱਧ ਦੇ 537ਵੇਂ ਦਿਨ 1.8 ਕਿਲੋ ਹੈਰੋਇਨ ਸਮੇਤ 84 ਨਸ਼ਾ ਤਸਕਰ ਗ੍ਰਿਫ਼ਤਾਰ

ਚੰਡੀਗੜ੍ਹ, 20 ਅਗਸਤ (ਦੇਸ਼ ਕਲਿੱਕ ਬਿਊਰੋ): ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 7 ਮਹੀਨੇ ਪੂਰੇ ਹੋਣ ‘ਤੇ, ਪੰਜਾਬ ਪੁਲਿਸ ਨੇ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੂਬੇ ਭਰ ਵਿੱਚ 1.16 ਲੱਖ ਛਾਪੇਮਾਰੀਆਂ ਕਰਕੇ ਗੈਂਗਸਟਰਾਂ ਅਤੇ ਉਨ੍ਹਾਂ ਦੇ ਸਾਥੀਆਂ ਸਮੇਤ ਕੁੱਲ 62,641 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਪ੍ਰਵੀਨ ਸਿਨਹਾ ਨੇ ਕਿਹਾ ਕਿ ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਵਿਅਕਤੀਆਂ ਦੇ ਕਬਜ਼ੇ ਵਿੱਚੋਂ 1057 ਹਥਿਆਰਾਂ ਦੇ ਨਾਲ-ਨਾਲ 2,860 ਜ਼ਿੰਦਾ ਕਾਰਤੂਸ ਅਤੇ 335 ਮੈਗਜ਼ੀਨ, 247 ਤੇਜ਼ਧਾਰ ਹਥਿਆਰ ਅਤੇ 15 ਹੈਂਡ-ਗ੍ਰੇਨੇਡ ਬਰਾਮਦ ਕੀਤੇ ਹਨ।

ਇਸ ਤੋਂ ਇਲਾਵਾ 31,064 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 18,536 ਵਿਅਕਤੀਆਂ ਦੀ ਤਸਦੀਕ ਕਰਕੇ ਉਨ੍ਹਾਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਮੁਹਿੰਮ ਸ਼ੁਰੂ ਹੋਣ ਤੋਂ ਹੁਣ ਤੱਕ ਪੁਲਿਸ ਟੀਮਾਂ ਨੇ 1,612 ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫਤਾਰ ਕੀਤਾ ਹੈ।

ਮੁਹਿੰਮ ਦੇ 212ਵੇਂ ਦਿਨ ਪੁਲਿਸ ਟੀਮਾਂ ਨੇ 420 ਛਾਪੇਮਾਰੀ ਕਰਨ ਤੋਂ ਬਾਅਦ 663 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਦੋਂ ਕਿ 225 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਕੀਤੀ ਗਈ ਅਤੇ 10 ਭਗੌੜੇ ਅਪਰਾਧੀਆਂ (ਪੀਓ) ਨੂੰ ਗ੍ਰਿਫਤਾਰ ਕੀਤਾ ਗਿਆ।

ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ‘ਗੈਗਸਟਰਾਂ ‘ਤੇ ਵਾਰ’ ਮੁਹਿੰਮ ਇਸੇ ਜੋਸ਼ ਨਾਲ ਜਾਰੀ ਰਹੇਗੀ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 537ਵੇਂ ਦਿਨ ਵੀ ਜਾਰੀ ਰੱਖਦਿਆਂ, ਅੱਜ 84 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.8 ਕਿਲੋ ਹੈਰੋਇਨ, 1 ਕਿਲੋ ਅਫੀਮ, 120 ਕਿਲੋ ਭੁੱਕੀ, 633 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 40,000 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 537 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 76,136 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 24 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।