ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ 24 ਅਗਸਤ ਤੱਕ ਮੀਂਹ ਦੀ ਸੰਭਾਵਨਾ
ਚੰਡੀਗੜ੍ਹ, 21 ਅਗਸਤ 2026
ਪੰਜਾਬ ਵਿੱਚ ਅਗਲੇ ਕੁਝ ਦਿਨਾਂ ਦੌਰਾਨ ਮੌਸਮ ਵਿੱਚ ਤਬਦੀਲੀ ਆਉਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੀ ਪੇਸ਼ੀਨਗੋਈ ਅਨੁਸਾਰ 21 ਤੋਂ 24 ਅਗਸਤ ਤੱਕ ਸੂਬੇ ਦੇ ਕਈ ਹਿੱਸਿਆਂ ਵਿੱਚ ਹਲਕੇ ਤੋਂ ਭਾਰੀ ਮੀਂਹ ਪੈ ਸਕਦਾ ਹੈ।
ਇਸ ਦੌਰਾਨ ਕੁਝ ਇਲਾਕਿਆਂ ਵਿੱਚ ਮੀਂਹ ਦੀ ਤੀਬਰਤਾ ਵਧਣ ਦੇ ਵੀ ਆਸਾਰ ਹਨ। ਵਿਭਾਗ ਮੁਤਾਬਕ ਪਠਾਨਕੋਟ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ ਅਤੇ ਰੂਪਨਗਰ ਵਿੱਚ 21 ਅਤੇ 22 ਅਗਸਤ ਨੂੰ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਮੀਂਹ ਕਾਰਨ ਨੀਵੇਂ ਇਲਾਕਿਆਂ ਵਿੱਚ ਪਾਣੀ ਇਕੱਠਾ ਹੋਣ ਅਤੇ ਖੇਤੀਬਾੜੀ ਕਾਰਜ ਪ੍ਰਭਾਵਿਤ ਹੋਣ ਦੀ ਸੰਭਾਵਨਾ ਨੂੰ ਦੇਖਦਿਆਂ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ।
ਕਿਸਾਨਾਂ ਨੂੰ ਵੀ ਮੌਸਮ ਦੀਆਂ ਤਾਜ਼ਾ ਚਿਤਾਵਨੀਆਂ ਨੂੰ ਧਿਆਨ ਵਿੱਚ ਰੱਖਦਿਆਂ ਖੇਤੀਬਾੜੀ ਕਾਰਜਾਂ ਦੀ ਯੋਜਨਾ ਬਣਾਉਣ ਲਈ ਕਿਹਾ ਗਿਆ ਹੈ। ਖੇਤਾਂ ਵਿੱਚ ਵਾਧੂ ਪਾਣੀ ਦੀ ਨਿਕਾਸੀ ਲਈ ਢੁਕਵੇਂ ਪ੍ਰਬੰਧ ਪਹਿਲਾਂ ਹੀ ਯਕੀਨੀ ਬਣਾਉਣ ਦੀ ਸਲਾਹ ਦਿੱਤੀ ਗਈ ਹੈ, ਤਾਂ ਜੋ ਭਾਰੀ ਮੀਂਹ ਕਾਰਨ ਫ਼ਸਲਾਂ ਨੂੰ ਨੁਕਸਾਨ ਤੋਂ ਬਚਾਇਆ ਜਾ ਸਕੇ।
ਮੌਸਮ ਵਿਭਾਗ ਨੇ ਲੋਕਾਂ ਨੂੰ ਬਦਲਦੇ ਮੌਸਮ ਦੌਰਾਨ ਸਥਾਨਕ ਪੱਧਰ ’ਤੇ ਜਾਰੀ ਕੀਤੀਆਂ ਚਿਤਾਵਨੀਆਂ ’ਤੇ ਨਜ਼ਰ ਰੱਖਣ ਦੀ ਅਪੀਲ ਕੀਤੀ ਹੈ।





