ਕੈਨੇਡਾ ’ਚ ਦਿਲ ਦਾ ਦੌਰਾ ਪੈਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ

Top Trending News ਕੌਮਾਂਤਰੀ ਪੰਜਾਬ

 

ਕੈਨੇਡਾ ’ਚ ਦਿਲ ਦਾ ਦੌਰਾ ਪੈਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ

ਹਰੀਕੇ ਪੱਤਣ/ਤਰਨ ਤਾਰਨ, 22 ਅਗਸਤ 2026: ਕਸਬਾ ਹਰੀਕੇ ਪੱਤਣ ਨੇੜਲੇ ਪਿੰਡ ਰੱਤਾ ਗੁੱਦਾ ਵਿੱਚ ਉਸ ਵੇਲੇ ਸੋਗ ਦੀ ਲਹਿਰ ਦੌੜ ਗਈ, ਜਦੋਂ ਪਿੰਡ ਦੇ 40 ਸਾਲਾ ਦਵਿੰਦਰ ਸਿੰਘ ਸੰਧੂ ਦੀ ਕੈਨੇਡਾ ਦੇ ਸਰੀ ਸ਼ਹਿਰ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਦਵਿੰਦਰ ਸਿੰਘ ਪਰਿਵਾਰ ਦੇ ਸੁਨਹਿਰੇ ਭਵਿੱਖ ਲਈ ਪਹਿਲਾਂ ਸਿੰਗਾਪੁਰ ਅਤੇ ਫਿਰ ਦੁਬਈ ਗਿਆ ਸੀ। ਇਸ ਤੋਂ ਬਾਅਦ ਉਹ 2022 ਵਿੱਚ ਵਰਕ ਪਰਮਿਟ ’ਤੇ ਕੈਨੇਡਾ ਗਿਆ ਅਤੇ ਸਰੀ ਵਿਖੇ ਟਰੱਕ ਡਰਾਈਵਰੀ ਦਾ ਕੰਮ ਕਰਦਾ ਸੀ।

ਜਾਣਕਾਰੀ ਅਨੁਸਾਰ ਬੀਤੇ ਦਿਨ ਕੰਮ ਦੌਰਾਨ ਅਚਾਨਕ ਉਸ ਦੀ ਸਿਹਤ ਵਿਗੜ ਗਈ ਅਤੇ ਦਿਲ ਦਾ ਦੌਰਾ ਪੈ ਗਿਆ। ਨੇੜਲੇ ਸਾਥੀਆਂ ਨੇ ਉਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ, ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ।

ਦਵਿੰਦਰ ਸਿੰਘ ਵਿਆਹਿਆ ਹੋਇਆ ਸੀ ਅਤੇ ਉਸ ਦੀਆਂ 11 ਤੇ 9 ਸਾਲ ਦੀਆਂ ਦੋ ਧੀਆਂ ਹਨ। ਉਸ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਪਿੰਡ ਵਿੱਚ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ। ਬਜ਼ੁਰਗ ਮਾਤਾ, ਪਤਨੀ, ਬੱਚਿਆਂ ਅਤੇ ਹੋਰ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।

ਕੈਨੇਡਾ ਰਹਿੰਦੇ ਦੋਸਤਾਂ ਅਨੁਸਾਰ ਦਵਿੰਦਰ ਸਿੰਘ ਦੀ ਮ੍ਰਿਤਕ ਦੇਹ ਪਿੰਡ ਲਿਆਉਣ ਲਈ ਯਤਨ ਕੀਤੇ ਜਾ ਰਹੇ ਹਨ। ਕੁਝ ਦਿਨਾਂ ਵਿੱਚ ਦੇਹ ਪਿੰਡ ਪਹੁੰਚਣ ਦੀ ਉਮੀਦ ਹੈ। ਦੋਸਤਾਂ ਨੇ ਦੱਸਿਆ ਕਿ ਦਵਿੰਦਰ ਸਿੰਘ ਨੇਕਦਿਲ ਅਤੇ ਮਿਹਨਤੀ ਇਨਸਾਨ ਸੀ, ਜਿਸ ਦੀ ਮੌਤ ਨਾਲ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।