ਪੰਜਾਬ ਨੂੰ IT ਸੈਕਟਰ ਦਾ ਮੋਹਰੀ ਕੇਂਦਰ ਬਣਾਉਣ ਲਈ NASSCOM ਵਫ਼ਦ ਨਾਲ CM ਮਾਨ ਦੀ ਅਹਿਮ ਮੀਟਿੰਗ
ਚੰਡੀਗੜ੍ਹ, 24 ਅਗਸਤ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਵਿਖੇ NASSCOM ਦੇ ਵਫ਼ਦ ਨਾਲ ਅਹਿਮ ਮੀਟਿੰਗ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ IT ਸੈਕਟਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਸਰਕਾਰ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ।
ਮੁੱਖ ਮੰਤਰੀ ਨੇ ਟਵੀਟ ਰਾਹੀਂ ਕਿਹਾ ਕਿ ਪੰਜਾਬ ਹੁਣ ਆਰਟੀਫਿਸ਼ਲ ਇੰਟੈਲੀਜੈਂਸ (AI), ਡਿਜੀਟਲ ਇਨੋਵੇਸ਼ਨ ਅਤੇ ਗਲੋਬਲ ਕੈਪੇਬਿਲਟੀ ਸੈਂਟਰਾਂ (GCCs) ਲਈ ਇੱਕ ਪ੍ਰਮੁੱਖ ਕੇਂਦਰ ਵਜੋਂ ਉੱਭਰ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਸ਼ਵ-ਪੱਧਰੀ ਬੁਨਿਆਦੀ ਢਾਂਚੇ ਦੀ ਉਪਲਬਧਤਾ ਕਾਰਨ ਮੋਹਾਲੀ ਤੇਜ਼ੀ ਨਾਲ ਉੱਤਰੀ ਭਾਰਤ ਵਿੱਚ IT ਅਤੇ ਤਕਨਾਲੋਜੀ ਖੇਤਰ ਲਈ ਪਹਿਲੀ ਪਸੰਦ ਬਣ ਰਿਹਾ ਹੈ।
ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਕੋਲ IIT ਅਤੇ ISB ਵਰਗੀਆਂ ਨਾਮਵਰ ਸੰਸਥਾਵਾਂ ਤੋਂ ਤਿਆਰ ਹੋਇਆ ਮਜ਼ਬੂਤ ਅਤੇ ਹੁਨਰਮੰਦ ਟੇਲੈਂਟ ਪੂਲ ਮੌਜੂਦ ਹੈ। ਇਸ ਦੇ ਨਾਲ ਹੀ ਸੂਬੇ ਵਿੱਚ ਕਾਰੋਬਾਰ ਦੀ ਘੱਟ ਲਾਗਤ ਅਤੇ ਨਿਵੇਸ਼ਕਾਂ ਨੂੰ ਸੁਖਾਵਾਂ ਮਾਹੌਲ ਦੇਣ ਲਈ ‘ਇਨਵੈਸਟ ਪੰਜਾਬ’ ਰਾਹੀਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਉਨ੍ਹਾਂ ਦੱਸਿਆ ਕਿ ਨਵੀਂ ‘GCC ਪਾਲਿਸੀ 2026’ ਰਾਹੀਂ ਵੀ ਨਿਵੇਸ਼ਕਾਂ ਨੂੰ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਟੀਚਾ ਸੂਬੇ ਵਿੱਚ ਨਵੇਂ ਨਿਵੇਸ਼ ਲਿਆਉਣਾ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨਾ ਹੈ।





