ਹੁਣ ਰਾਜਾ ਵੜਿੰਗ ਨੇ ਵੀ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਮਿਲਣ ਦਾ ਕੀਤਾ ਸਮਰਥਨ

Top Trending News ਪੰਜਾਬ

  • ਹੁਣ ਰਾਜਾ ਵੜਿੰਗ ਨੇ ਵੀ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਮਿਲਣ ਦਾ ਕੀਤਾ ਸਮਰਥਨ

ਲੁਧਿਆਣਾ, 24 ਅਗਸਤ (ਦੇਸ਼ ਕਲਿੱਕ ਬਿਊਰੋ): ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਮਿਲਣ ਦਾ ਸਮਰਥਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸੰਵਿਧਾਨਿਕ ਅਤੇ ਕਾਨੂੰਨੀ ਪ੍ਰਬੰਧਾਂ ਅਨੁਸਾਰ ਸਜ਼ਾ ਕੱਟ ਰਹੇ ਵਿਅਕਤੀ ਨੂੰ ਨਿਯਮਾਂ ਮੁਤਾਬਕ ਪੈਰੋਲ ਮਿਲਣ ਦਾ ਅਧਿਕਾਰ ਹੁੰਦਾ ਹੈ। ਰਾਜਾ ਵੜਿੰਗ ਲੁਧਿਆਣਾ ਦੇ ਤਿੰਨ ਨੰਬਰ ਡਵੀਜ਼ਨ ਚੌਕ ਨੇੜੇ ਸ਼ਹੀਦ ਰਾਧੇ ਸ਼ਾਮ ਮਲਹੋਤਰਾ ਦੀ 39ਵੀਂ ਬਰਸੀ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨੇ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦਿੱਤੇ ਜਾਣ ਦੇ ਮਾਮਲੇ ’ਤੇ ਆਪਣਾ ਪੱਖ ਰੱਖਿਆ।

ਇਸ ਮੌਕੇ ਵੜਿੰਗ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਜੁੜੇ ਕਥਿਤ ਪੈਸੇ ਲੈਣ ਦੇ ਦੋਸ਼ਾਂ ਨੂੰ ਵੀ ਗੰਭੀਰ ਮਾਮਲਾ ਦੱਸਿਆ ਅਤੇ ਕਿਹਾ ਕਿ ਅਜਿਹੇ ਦੋਸ਼ਾਂ ਦੀ ਸੱਚਾਈ ਸਾਹਮਣੇ ਆਉਣੀ ਚਾਹੀਦੀ ਹੈ। ਸ਼ਹੀਦ ਰਾਧੇ ਸ਼ਾਮ ਮਲਹੋਤਰਾ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਪੰਜਾਬ ਕਾਂਗਰਸ ਪ੍ਰਧਾਨ ਨੇ ਉਨ੍ਹਾਂ ਦੀ ਯਾਦ ਵਿੱਚ ਬੁੱਤ ਸਥਾਪਤ ਕਰਨ ਦਾ ਵੀ ਸਮਰਥਨ ਕੀਤਾ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਿਆ ਜਾਣਾ ਚਾਹੀਦਾ ਹੈ। ਇਸ ਤੋਂ ਇਲਾਵਾ ਰਾਜਾ ਵੜਿੰਗ ਨੇ ਐਲਾਨ ਕੀਤਾ ਕਿ ਜਲਦ ਹੀ ਕਾਂਗਰਸ ਪਾਰਟੀ ਦਾ ਜ਼ਿਲ੍ਹਾ ਦਫ਼ਤਰ ਵੀ ਬਣਾਇਆ ਜਾਵੇਗਾ।