- ਫੀਸਾਂ ’ਚ ਵਾਧੇ ਦੇ ਵਿਰੋਧ ’ਚ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਦੇ ਸਾਰੇ ਗੇਟ ਕੀਤੇ ਬੰਦ
ਪਟਿਆਲਾ, 24 ਅਗਸਤ (ਦੇਸ਼ ਕਲਿੱਕ ਬਿਊਰੋ): ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਫੀਸਾਂ ’ਚ ਕੀਤੇ ਗਏ ਭਾਰੀ ਵਾਧੇ ਦੇ ਵਿਰੋਧ ਵਿੱਚ ਯੂਨਾਈਟਡ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਦੇ ਗੇਟ ਬੰਦ ਕਰਕੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਗੇਟ ਬੰਦ ਹੋਣ ਕਾਰਨ ਵਿਦਿਆਰਥੀਆਂ, ਅਧਿਕਾਰੀਆਂ ਅਤੇ ਹੋਰ ਲੋਕਾਂ ਨੂੰ ਯੂਨੀਵਰਸਿਟੀ ਅੰਦਰ ਦਾਖਲ ਹੋਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵਿਦਿਆਰਥੀ ਆਗੂਆਂ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਵਿਚਾਲੇ ਮਾਮਲੇ ਨੂੰ ਲੈ ਕੇ ਲਗਾਤਾਰ ਗੱਲਬਾਤ ਚੱਲ ਰਹੀ ਹੈ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਫੀਸਾਂ ਵਿੱਚ ਕੀਤਾ ਗਿਆ ਵਾਧਾ ਵਾਪਸ ਨਹੀਂ ਲਿਆ ਜਾਂਦਾ ਅਤੇ ਹੋਸਟਲਾਂ ਦੇ ਹਾਲਾਤ ਨਹੀਂ ਸੁਧਾਰੇ ਜਾਂਦੇ, ਉਦੋਂ ਤੱਕ ਉਨ੍ਹਾਂ ਦਾ ਧਰਨਾ ਜਾਰੀ ਰਹੇਗਾ।
ਦੱਸਿਆ ਜਾ ਰਿਹਾ ਹੈ ਕਿ ਕੋਰਸਾਂ ਦੀਆਂ ਫੀਸਾਂ ਵਿੱਚ ਹੋਏ ਵਾਧੇ ਨੂੰ ਲੈ ਕੇ ਪਿਛਲੇ ਕੁਝ ਦਿਨਾਂ ਤੋਂ ਵਿਦਿਆਰਥੀਆਂ ਵੱਲੋਂ ਯੂਨੀਵਰਸਿਟੀ ਪ੍ਰਸ਼ਾਸਨ ਖ਼ਿਲਾਫ਼ ਲਗਾਤਾਰ ਪ੍ਰਦਰਸ਼ਨ ਕੀਤੇ ਜਾ ਰਹੇ ਹਨ। 12 ਅਗਸਤ ਤੋਂ ਵਾਈਸ ਚਾਂਸਲਰ ਦੇ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਬੀਤੀ ਰਾਤ ਵਿਦਿਆਰਥੀਆਂ ਵੱਲੋਂ ਵਾਈਸ ਚਾਂਸਲਰ ਦੀ ਰਿਹਾਇਸ਼ ਦਾ ਘਿਰਾਓ ਵੀ ਕੀਤਾ ਗਿਆ ਸੀ। ਅੱਜ ਵਿਦਿਆਰਥੀਆਂ ਨੇ ਯੂਨੀਵਰਸਿਟੀ ਦੇ ਗੇਟ ਬੰਦ ਕਰਕੇ ਆਪਣਾ ਰੋਸ ਹੋਰ ਤੇਜ਼ ਕਰ ਦਿੱਤਾ। ਵਿਦਿਆਰਥੀ ਆਗੂਆਂ ਨੇ ਕਿਹਾ ਕਿ ਯੂਨੀਵਰਸਿਟੀ ਵੱਲੋਂ ਫੀਸਾਂ ਵਿੱਚ ਕੀਤਾ ਗਿਆ ਵਾਧਾ ਹਜ਼ਾਰਾਂ ਵਿਦਿਆਰਥੀਆਂ ’ਤੇ ਵਾਧੂ ਵਿੱਤੀ ਬੋਝ ਪਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਪੇਂਡੂ ਅਤੇ ਮਾਲਵਾ ਖੇਤਰ ਦੇ ਵਿਦਿਆਰਥੀਆਂ ਲਈ ਬਹੁਤ ਮਹੱਤਵਪੂਰਨ ਸੰਸਥਾ ਹੈ, ਜਿੱਥੇ ਵੱਡੀ ਗਿਣਤੀ ਵਿੱਚ ਪਿੰਡਾਂ ਤੋਂ ਆਉਣ ਵਾਲੇ ਵਿਦਿਆਰਥੀ ਪੜ੍ਹਦੇ ਹਨ।
ਵਿਦਿਆਰਥੀਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਫੀਸਾਂ ਵਿੱਚ ਕੀਤਾ ਗਿਆ ਵਾਧਾ ਵਾਪਸ ਨਾ ਲਿਆ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਗੇਟ ਬੰਦ ਕਰਕੇ ਪ੍ਰਸ਼ਾਸਨ ਨੂੰ ਵਿਦਿਆਰਥੀਆਂ ਦੀਆਂ ਮੰਗਾਂ ਵੱਲ ਧਿਆਨ ਦੇਣ ਲਈ ਮਜਬੂਰ ਕਰਨਾ ਹੀ ਉਨ੍ਹਾਂ ਦਾ ਮਕਸਦ ਹੈ।





