ਪੰਜਾਬ ਭਰ ਦੇ ਆਮ ਆਦਮੀ ਕਲੀਨਿਕਾਂ ਦੇ ਡਾਕਟਰ, ਫਾਰਮਾਸਿਸਟ ਤੇ ਨਰਸਾਂ ਅੱਜ ਤੋਂ ਅਣਮਿਥੇ ਸਮੇਂ ਦੀ ਹੜਤਾਲ ’ਤੇ
ਮੰਗਾਂ ਨਾ ਮੰਨੇ ਜਾਣ ’ਤੇ ਮੁਕੰਮਲ ਕੰਮਕਾਜ ਦਾ ਬਾਈਕਾਟ ਕਰਨ ਦਾ ਐਲਾਨ
ਚੰਡੀਗੜ੍ਹ, 25 ਅਗਸਤ 2026
ਪੰਜਾਬ ਭਰ ਦੇ ਆਮ ਆਦਮੀ ਕਲੀਨਿਕਾਂ ਵਿੱਚ ਤਾਇਨਾਤ ਡਾਕਟਰ, ਫਾਰਮਾਸਿਸਟ ਅਤੇ ਨਰਸਾਂ ਅੱਜ 25 ਅਗਸਤ ਤੋਂ ਅਣਮਿਥੇ ਸਮੇਂ ਦੀ ਹੜਤਾਲ ’ਤੇ ਜਾ ਰਹੇ ਹਨ। ਇਹ ਜਾਣਕਾਰੀ ਆਮ ਆਦਮੀ ਕਲੀਨਿਕ ਐਸੋਸੀਏਸ਼ਨ ਦੀ ਸੂਬਾਈ ਆਗੂ ਗੁਰਪ੍ਰੀਤ ਕੌਰ ਨੇ ਦਿੱਤੀ।
ਗੁਰਪ੍ਰੀਤ ਕੌਰ ਨੇ ਦੱਸਿਆ ਕਿ ਆਪਣੀਆਂ ਮੰਗਾਂ ਨੂੰ ਲੈ ਕੇ ਸਿਹਤ ਮੁਲਾਜ਼ਮਾਂ ਵੱਲੋਂ ਪਹਿਲਾਂ ਇੱਕ ਦਿਨ ਦੀ ਹੜਤਾਲ ਕੀਤੀ ਗਈ ਸੀ। ਇਸ ਦੌਰਾਨ ਸਿਹਤ ਵਿਭਾਗ ਵੱਲੋਂ ਮੰਗਾਂ ਪੂਰੀਆਂ ਕਰਨ ਦਾ ਭਰੋਸਾ ਦਿੱਤੇ ਜਾਣ ਤੋਂ ਬਾਅਦ ਹੜਤਾਲ ਵਾਪਸ ਲੈ ਲਈ ਗਈ ਸੀ। ਹਾਲਾਂਕਿ ਐਸੋਸੀਏਸ਼ਨ ਨੇ ਸਪੱਸ਼ਟ ਕੀਤਾ ਸੀ ਕਿ ਜੇਕਰ 24 ਅਗਸਤ ਤੱਕ ਮੰਗਾਂ ’ਤੇ ਕੋਈ ਠੋਸ ਕਾਰਵਾਈ ਨਾ ਹੋਈ ਤਾਂ 25 ਅਗਸਤ ਤੋਂ ਅਣਮਿਥੇ ਸਮੇਂ ਲਈ ਹੜਤਾਲ ਸ਼ੁਰੂ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਭਰੋਸੇ ਦੇ ਬਾਵਜੂਦ ਮੰਗਾਂ ਪੂਰੀਆਂ ਨਾ ਹੋਣ ਕਾਰਨ ਹੁਣ ਆਮ ਆਦਮੀ ਕਲੀਨਿਕਾਂ ਦਾ ਸਟਾਫ਼ ਮੁਕੰਮਲ ਕੰਮਕਾਜ ਦਾ ਬਾਈਕਾਟ ਕਰਕੇ ਰਾਜ ਪੱਧਰੀ ਹੜਤਾਲ ਸ਼ੁਰੂ ਕਰ ਰਿਹਾ ਹੈ।
ਐਸੋਸੀਏਸ਼ਨ ਦੀ ਮੁੱਖ ਮੰਗ ਸੇਵਾਵਾਂ ਰੈਗੂਲਰ ਕਰਨ ਦੀ ਹੈ। ਗੁਰਪ੍ਰੀਤ ਕੌਰ ਅਨੁਸਾਰ ਉਨ੍ਹਾਂ ਦੀ ਭਰਤੀ ਰੈਗੂਲਰ ਮੁਲਾਜ਼ਮਾਂ ਵਾਂਗ ਸਾਰੀਆਂ ਲੋੜੀਂਦੀਆਂ ਸ਼ਰਤਾਂ ਪੂਰੀਆਂ ਕਰਨ ਤੋਂ ਬਾਅਦ ਹੋਈ ਹੈ। ਉਨ੍ਹਾਂ ਦੱਸਿਆ ਕਿ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੂੰ ਕਈ ਵਾਰ ਮੰਗ ਪੱਤਰ ਦਿੱਤੇ ਗਏ, ਪਰ ਕੋਈ ਠੋਸ ਕਾਰਵਾਈ ਨਾ ਹੋਣ ਕਾਰਨ ਉਨ੍ਹਾਂ ਨੂੰ ਸੰਘਰਸ਼ ਦਾ ਰਾਹ ਅਪਣਾਉਣਾ ਪਿਆ।





