Breaking: ਰਾਮ ਰਹੀਮ ਨੂੰ ਫਿਰ ਮਿਲੀ 21 ਦਿਨਾਂ ਦੀ ਪੈਰੋਲ!
ਰੋਹਤਕ, 25 ਅਗਸਤ 2026
ਹਰਿਆਣਾ ਦੀ ਸੁਨਾਰੀਆ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਇੱਕ ਵਾਰ ਫਿਰ ਪੈਰੋਲ ਮਿਲ ਗਈ ਹੈ। ਜਾਣਕਾਰੀ ਮੁਤਾਬਕ ਰਾਮ ਰਹੀਮ ਨੂੰ 21 ਦਿਨਾਂ ਦੀ ਪੈਰੋਲ ਮਨਜ਼ੂਰ ਕੀਤੀ ਗਈ ਹੈ, ਜਿਸ ਤੋਂ ਬਾਅਦ ਉਹ ਮੁੜ ਜੇਲ੍ਹ ਤੋਂ ਬਾਹਰ ਆਉਣਗੇ। ਇਹ 17ਵੀਂ ਵਾਰ ਹੋਵੇਗਾ ਜਦੋਂ ਉਹ ਪੈਰੋਲ ਜਾਂ ਫਰਲੋ ਰਾਹੀਂ ਜੇਲ੍ਹ ਤੋਂ ਬਾਹਰ ਆਉਣਗੇ।
ਗੁਰਮੀਤ ਰਾਮ ਰਹੀਮ ਇਸ ਸਮੇਂ ਦੋ ਸਾਧਵੀਆਂ ਨਾਲ ਬਲਾਤਕਾਰ ਦੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਹਨ। ਇਸ ਤੋਂ ਇਲਾਵਾ ਉਹ ਪੱਤਰਕਾਰ ਰਾਮਚੰਦਰ ਛਤਰਪਤੀ ਕਤਲ ਮਾਮਲੇ ਵਿੱਚ ਵੀ ਦੋਸ਼ੀ ਕਰਾਰ ਦਿੱਤੇ ਜਾ ਚੁੱਕੇ ਹਨ।
ਰਾਮ ਰਹੀਮ ਨੂੰ ਇਸ ਤੋਂ ਪਹਿਲਾਂ ਵੀ ਕਈ ਵਾਰ ਪੈਰੋਲ ਅਤੇ ਫਰਲੋ ਮਿਲ ਚੁੱਕੀ ਹੈ। ਹਰ ਵਾਰ ਉਸ ਦੀ ਜੇਲ੍ਹ ਤੋਂ ਰਿਹਾਈ ਨੂੰ ਲੈ ਕੇ ਸਿਆਸੀ ਅਤੇ ਸਮਾਜਿਕ ਪੱਧਰ ’ਤੇ ਚਰਚਾ ਹੁੰਦੀ ਰਹੀ ਹੈ। ਤਾਜ਼ਾ ਪੈਰੋਲ ਮਿਲਣ ਤੋਂ ਬਾਅਦ ਇੱਕ ਵਾਰ ਫਿਰ ਇਹ ਮਾਮਲਾ ਸੁਰਖੀਆਂ ਵਿੱਚ ਆ ਗਿਆ ਹੈ। ਹਾਲਾਂਕਿ, ਪੈਰੋਲ ਦੀਆਂ ਸ਼ਰਤਾਂ ਅਤੇ ਉਸ ਦੇ ਅਗਲੇ ਠਿਕਾਣੇ ਸਬੰਧੀ ਵੇਰਵਿਆਂ ਦੀ ਜਾਣਕਾਰੀ ਅਧਿਕਾਰਤ ਤੌਰ ’ਤੇ ਸਾਹਮਣੇ ਆਉਣੀ ਬਾਕੀ ਹੈ।





