ਅੰਮ੍ਰਿਤਪਾਲ ਤੋਂ ਇਲਾਵਾ ਪਰਿਵਾਰ ਦਾ ਕੋਈ ਮੈਂਬਰ ਨਹੀਂ ਲੜੇਗਾ ਚੋਣ: ਤਰਸੇਮ ਸਿੰਘ
ਅੰਮ੍ਰਿਤਸਰ, 25 ਅਗਸਤ 2026: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਇਸ ਸਮੇਂ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਵੱਡਾ ਸਿਆਸੀ ਐਲਾਨ ਕਰਦਿਆਂ ਕਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਤੋਂ ਇਲਾਵਾ ਉਨ੍ਹਾਂ ਦੇ ਪਰਿਵਾਰ ਦਾ ਕੋਈ ਹੋਰ ਮੈਂਬਰ ਚੋਣ ਨਹੀਂ ਲੜੇਗਾ। ਉਨ੍ਹਾਂ ਕਿਹਾ ਕਿ ਪਰਿਵਾਰ ਸਿਆਸੀ ਅਹੁਦਿਆਂ ਦੀ ਦੌੜ ਤੋਂ ਦੂਰ ਰਹੇਗਾ ਅਤੇ ਪਰਿਵਾਰਵਾਦ ਦੀ ਸਿਆਸਤ ਨੂੰ ਉਤਸ਼ਾਹਿਤ ਨਹੀਂ ਕੀਤਾ ਜਾਵੇਗਾ।
ਅੰਮ੍ਰਿਤਸਰ ਵਿੱਚ ਗੱਲਬਾਤ ਦੌਰਾਨ ਤਰਸੇਮ ਸਿੰਘ ਨੇ ਕਿਹਾ ਕਿ ਇਹ ਫ਼ੈਸਲਾ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੇ ਆਮ ਵਰਕਰਾਂ, ਇਮਾਨਦਾਰ ਆਗੂਆਂ ਅਤੇ ਨੌਜਵਾਨਾਂ ਨੂੰ ਸਿਆਸਤ ਵਿੱਚ ਅੱਗੇ ਆਉਣ ਦਾ ਮੌਕਾ ਦੇਣ ਲਈ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਪੰਥਕ ਮੁੱਦਿਆਂ ਲਈ ਸੰਘਰਸ਼ ਕਰ ਰਹੇ ਨੌਜਵਾਨਾਂ ਨੂੰ ਅਗਵਾਈ ਦੀ ਜ਼ਿੰਮੇਵਾਰੀ ਮਿਲਣੀ ਚਾਹੀਦੀ ਹੈ।
ਉਨ੍ਹਾਂ ਸਪੱਸ਼ਟ ਕੀਤਾ ਕਿ ਪਰਿਵਾਰ ਦੀ ਭੂਮਿਕਾ ਪੰਜਾਬ ਅਤੇ ਪੰਥ ਦੇ ਮੁੱਦਿਆਂ ਲਈ ਸਹਿਯੋਗ ਦੇਣ ਤੱਕ ਸੀਮਤ ਰਹੇਗੀ ਅਤੇ ਪਰਿਵਾਰਕ ਮੈਂਬਰ ਖੁਦ ਸਿਆਸੀ ਅਹੁਦੇ ਹਾਸਲ ਕਰਨ ਦੀ ਕੋਸ਼ਿਸ਼ ਨਹੀਂ ਕਰਨਗੇ।
ਇਹ ਐਲਾਨ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਇਆ ਹੈ। ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਇਨ੍ਹਾਂ ਚੋਣਾਂ ਲਈ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ ਤੇ ਆਮ ਵਰਕਰਾਂ ਨੂੰ ਅੱਗੇ ਲਿਆਉਣ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ।





