- ਮੋਬਾਈਲ ਟਾਵਰਾਂ ਤੋਂ ਸਮਾਨ ਚੋਰੀ ਕਰਨ ਵਾਲੇ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼, 6 ਕਾਬੂ
ਸੰਗਰੂਰ, 25 ਅਗਸਤ (ਦੇਸ਼ ਕਲਿੱਕ ਬਿਊਰੋ): ਜ਼ਿਲ੍ਹਾ ਪੁਲਿਸ ਸੰਗਰੂਰ ਨੇ ਮੋਬਾਈਲ ਟਾਵਰਾਂ ਤੋਂ ਕੀਮਤੀ ਉਪਕਰਨ ਅਤੇ ਸਮਾਨ ਚੋਰੀ ਕਰਨ ਵਾਲੇ ਇੱਕ ਕਥਿਤ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ ਕਰਦਿਆਂ 6 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 16 BTS ਕਾਰਡ, ਇੱਕ ਕਟਰ, ਇੱਕ ਪਲਾਸ, ਇੱਕ ਪੇਚਕਸ, ਇੱਕ ਸਵਿਫਟ ਕਾਰ ਅਤੇ ਚੋਰੀ ਦਾ ਸਮਾਨ ਲਿਜਾਣ ਲਈ ਵਰਤਿਆ ਜਾਣ ਵਾਲਾ ਇੱਕ ਟੈਂਪੂ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ।
ਐੱਸਐੱਸਪੀ ਸੰਗਰੂਰ ਡਾ. ਰਵਜੋਤ ਗਰੇਵਾਲ ਨੇ ਦੱਸਿਆ ਕਿ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਇਹ ਕਾਰਵਾਈ ਕੀਤੀ ਗਈ ਹੈ। ਪੁਲਿਸ ਅਨੁਸਾਰ ਗਿਰੋਹ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਮੋਬਾਈਲ ਟਾਵਰਾਂ ਤੋਂ ਸਮਾਨ ਚੋਰੀ ਕਰਨ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦਾ ਸੀ।
ਮੁਖਬਰ ਦੀ ਸੂਚਨਾ ‘ਤੇ ਦੋ ਮੁਲਜ਼ਮ ਗ੍ਰਿਫ਼ਤਾਰ
ਪੁਲਿਸ ਮੁਤਾਬਕ 23 ਅਗਸਤ 2026 ਨੂੰ ਸੀ.ਆਈ.ਏ. ਬਹਾਦਰ ਸਿੰਘ ਵਾਲਾ ਦੀ ਟੀਮ ਥਾਣਾ ਚੀਮਾਂ ਦੇ ਇਲਾਕੇ ਵਿੱਚ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੀ ਸੀ। ਇਸ ਦੌਰਾਨ ਮਿਲੀ ਸੂਚਨਾ ਦੇ ਆਧਾਰ ‘ਤੇ ਅਨਾਜ ਮੰਡੀ ਚੀਮਾਂ ਨੇੜੇ ਕਾਰਵਾਈ ਕਰਦਿਆਂ ਲਵਪ੍ਰੀਤ ਸਿੰਘ ਉਰਫ਼ ਆਂਡਾ ਅਤੇ ਹਰਪ੍ਰੀਤ ਸਿੰਘ ਉਰਫ਼ ਕਾਲੂ ਨੂੰ ਕਾਬੂ ਕੀਤਾ ਗਿਆ।
ਪੁਲਿਸ ਨੇ ਦਾਅਵਾ ਕੀਤਾ ਕਿ ਉਨ੍ਹਾਂ ਕੋਲੋਂ 10 BTS ਕਾਰਡ, ਚੋਰੀ ਲਈ ਵਰਤੇ ਜਾਣ ਵਾਲੇ ਔਜ਼ਾਰ ਅਤੇ ਇੱਕ ਸਵਿਫਟ ਕਾਰ ਬਰਾਮਦ ਕੀਤੀ ਗਈ। ਇਸ ਸਬੰਧੀ ਚੀਮਾਂ ਥਾਣੇ ਵਿੱਚ ਭਾਰਤੀ ਨਿਆਂ ਸੰਹਿਤਾ ਅਤੇ ਟੈਲੀਗ੍ਰਾਫ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ।
ਜਾਂਚ ਦੌਰਾਨ ਉੱਤਰ ਪ੍ਰਦੇਸ਼ ਦੇ 4 ਹੋਰ ਮੁਲਜ਼ਮਾਂ ਦੇ ਨਾਮ ਸਾਹਮਣੇ ਆਏ
ਪੁਲਿਸ ਜਾਂਚ ਅਤੇ ਗ੍ਰਿਫ਼ਤਾਰ ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਚਾਰ ਹੋਰ ਵਿਅਕਤੀਆਂ ਦੇ ਨਾਮ ਸਾਹਮਣੇ ਆਏ, ਜਿਨ੍ਹਾਂ ਨੂੰ ਪੁਲਿਸ ਨੇ ਉੱਤਰ ਪ੍ਰਦੇਸ਼ ਦੇ ਵੱਖ-ਵੱਖ ਇਲਾਕਿਆਂ ਨਾਲ ਸਬੰਧਤ ਦੱਸਿਆ ਹੈ। ਪੁਲਿਸ ਨੇ ਇਨ੍ਹਾਂ ਚਾਰਾਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ।
ਉਨ੍ਹਾਂ ਦੇ ਕਬਜ਼ੇ ਵਿੱਚੋਂ 6 ਹੋਰ BTS ਕਾਰਡ ਅਤੇ ਚੋਰੀ ਦਾ ਸਮਾਨ ਲਿਜਾਣ ਲਈ ਵਰਤਿਆ ਜਾਂਦਾ ਇੱਕ ਟੈਂਪੂ ਬਰਾਮਦ ਕੀਤਾ ਗਿਆ ਹੈ।
ਪੁਲਿਸ ਦਾ ਕਹਿਣਾ ਹੈ ਕਿ ਸਾਰੇ 6 ਮੁਲਜ਼ਮਾਂ ਨੂੰ ਰਿਮਾਂਡ ‘ਤੇ ਲੈ ਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਪੰਜਾਬ ਦੇ ਹੋਰ ਜ਼ਿਲ੍ਹਿਆਂ ਵਿੱਚ ਹੋਈਆਂ ਮੋਬਾਈਲ ਟਾਵਰ ਚੋਰੀ ਦੀਆਂ ਵਾਰਦਾਤਾਂ ਬਾਰੇ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।





