Punjab News: ਮੁਲਾਜ਼ਮਾਂ ਦੀ 27 ਅਗਸਤ ਨੂੰ ਸੂਬਾ ਪੱਧਰੀ ਹੜਤਾਲ, ਮੁੱਖ ਸਕੱਤਰ ਨਾਲ ਮੀਟਿੰਗ ਬੇਸਿੱਟਾ

Top Trending News ਪੰਜਾਬ

 

Punjab News: ਮੁਲਾਜ਼ਮਾਂ ਦੀ 27 ਅਗਸਤ ਨੂੰ ਸੂਬਾ ਪੱਧਰੀ ਹੜਤਾਲ, ਮੁੱਖ ਸਕੱਤਰ ਨਾਲ ਮੀਟਿੰਗ ਬੇਸਿੱਟਾ

ਚੰਡੀਗੜ੍ਹ, 26 ਅਗਸਤ 2026

ਮਹਿੰਗਾਈ ਭੱਤੇ (DA) ਸਮੇਤ ਲੰਬਿਤ ਮੰਗਾਂ ਦੀ ਪੂਰਤੀ ਲਈ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ 27 ਅਗਸਤ ਨੂੰ ਸੂਬਾ ਪੱਧਰੀ ਹੜਤਾਲ ਕੀਤੀ ਜਾਵੇਗੀ। ਇਸ ਸਬੰਧੀ ਮੰਗਲਵਾਰ ਨੂੰ ਮੁਲਾਜ਼ਮ ਤੇ ਪੈਨਸ਼ਨਰ ਜਥੇਬੰਦੀਆਂ ਦੇ ਆਗੂਆਂ ਦੀ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨਾਲ ਹੋਈ ਮੀਟਿੰਗ ਬੇਸਿੱਟਾ ਰਹੀ।

ਪੰਜਾਬ ਸਾਂਝਾ ਮੁਲਾਜ਼ਮ ਮੰਚ ਦੇ ਆਗੂ ਸੁਖਚੈਨ ਸਿੰਘ ਖਹਿਰਾ ਨੇ ਦੱਸਿਆ ਕਿ ਸਰਕਾਰ ਵੱਲੋਂ ਮੰਗਾਂ ਦੇ ਹੱਲ ਦਾ ਭਰੋਸਾ ਦਿੱਤਾ ਗਿਆ, ਪਰ ਜਥੇਬੰਦੀਆਂ ਸੰਤੁਸ਼ਟ ਨਹੀਂ ਹੋਈਆਂ। ਉਨ੍ਹਾਂ ਦਾਅਵਾ ਕੀਤਾ ਕਿ ਕਰੀਬ ਤਿੰਨ ਲੱਖ ਸਰਕਾਰੀ ਮੁਲਾਜ਼ਮ ਸਮੂਹਿਕ ਛੁੱਟੀ ਲੈਣਗੇ, ਜਦਕਿ ਚਾਰ ਲੱਖ ਤੋਂ ਵੱਧ ਪੈਨਸ਼ਨਰ ਧਰਨਿਆਂ ਵਿੱਚ ਸ਼ਾਮਲ ਹੋਣਗੇ।

ਹਾਈਕੋਰਟ ਵੱਲੋਂ DA ਦੀ ਅਦਾਇਗੀ ਸਬੰਧੀ ਸਰਕਾਰ ਨੂੰ ਦਿੱਤੇ ਹੁਕਮਾਂ ਦੇ ਬਾਵਜੂਦ ਮਸਲਾ ਹੱਲ ਨਾ ਹੋਣ ’ਤੇ ਮੁਲਾਜ਼ਮ ਜਥੇਬੰਦੀਆਂ ਨੇ ਅਦਾਲਤੀ ਮਾਨਹਾਨੀ ਦੀ ਕਾਰਵਾਈ ਵੀ ਸ਼ੁਰੂ ਕੀਤੀ ਹੈ।

ਹੜਤਾਲ ਦੌਰਾਨ ਸਰਕਾਰੀ ਦਫ਼ਤਰਾਂ, ਤਹਿਸੀਲਾਂ ਅਤੇ ਮਾਲ ਵਿਭਾਗ ਦਾ ਕੰਮ ਪ੍ਰਭਾਵਿਤ ਰਹੇਗਾ। ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਅਧਿਆਪਕ ਵੀ ਹੜਤਾਲ ਵਿੱਚ ਸ਼ਾਮਲ ਹੋਣਗੇ। ਸਿਹਤ ਕੇਂਦਰਾਂ ਵਿੱਚ ਓਪੀਡੀ ਸੇਵਾਵਾਂ ਬੰਦ ਰਹਿਣਗੀਆਂ, ਜਦਕਿ ਐਮਰਜੈਂਸੀ ਸੇਵਾਵਾਂ ਜਾਰੀ ਰਹਿਣਗੀਆਂ। 28 ਅਗਸਤ ਨੂੰ ਰੱਖੜ ਪੁੰਨਿਆ ਅਤੇ ਉਸ ਤੋਂ ਬਾਅਦ ਸ਼ਨੀਵਾਰ-ਐਤਵਾਰ ਹੋਣ ਕਾਰਨ ਸਰਕਾਰੀ ਕੰਮਕਾਜ ਚਾਰ ਦਿਨ ਪ੍ਰਭਾਵਿਤ ਰਹਿਣ ਦੀ ਸੰਭਾਵਨਾ ਹੈ।