ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਵੱਲੋਂ 15 ਸਤੰਬਰ ਤੋਂ ਪੰਜਾਬ ਪੱਧਰੀ ਸੰਘਰਸ਼ ਦਾ ਐਲਾਨ

Top Trending News ਪੰਜਾਬ

 

ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਵੱਲੋਂ 15 ਸਤੰਬਰ ਤੋਂ ਪੰਜਾਬ ਪੱਧਰੀ ਸੰਘਰਸ਼ ਦਾ ਐਲਾਨ

ਮੋਹਾਲੀ, 26 ਅਗਸਤ 2026

ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਪੰਜਾਬ ਨੇ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਨਿਪਟਾਰਾ ਨਾ ਹੋਣ ’ਤੇ ਪੰਜਾਬ ਸਰਕਾਰ ਅਤੇ ਸਬੰਧਤ ਵਿਭਾਗ ਖ਼ਿਲਾਫ਼ 15 ਸਤੰਬਰ ਤੋਂ ਸੂਬਾ ਪੱਧਰੀ ਸੰਘਰਸ਼ ਵਿੱਢਣ ਦੀ ਚਿਤਾਵਨੀ ਦਿੱਤੀ ਹੈ। ਯੂਨੀਅਨ ਦੇ ਨੁਮਾਇੰਦੇ ਆਪਣੀਆਂ ਮੰਗਾਂ ਸਬੰਧੀ ਕਿਰਤ ਵਿਭਾਗ, ਫੇਸ-10, ਮੋਹਾਲੀ ਵਿਖੇ ਪੇਸ਼ ਹੋਏ।

ਯੂਨੀਅਨ ਦੇ ਸੂਬਾਈ ਆਗੂ ਬਲਜਿੰਦਰ ਸਿੰਘ ਮਾਝਾ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਵਿਭਾਗ ਨੂੰ ਪਹਿਲਾਂ ਵੀ ਮੰਗ ਪੱਤਰ ਦਿੱਤਾ ਗਿਆ ਸੀ, ਪਰ ਅਜੇ ਤੱਕ ਕੋਈ ਠੋਸ ਅਤੇ ਤਸੱਲੀਬਖ਼ਸ਼ ਕਾਰਵਾਈ ਨਹੀਂ ਹੋਈ। ਇਸ ਕਾਰਨ ਮੁਲਾਜ਼ਮਾਂ ਵਿੱਚ ਸਰਕਾਰ ਅਤੇ ਵਿਭਾਗ ਪ੍ਰਤੀ ਰੋਸ ਵਧ ਰਿਹਾ ਹੈ।

ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਅਮਨ ਅਰੋੜਾ ਨਾਲ ਹੋਈਆਂ ਮੀਟਿੰਗਾਂ ਦੌਰਾਨ ਮੰਗਾਂ ਦੇ ਹੱਲ ਦਾ ਭਰੋਸਾ ਦਿੱਤਾ ਗਿਆ ਸੀ, ਪਰ ਅਮਲ ਵਿੱਚ ਕੋਈ ਸਾਰਥਕ ਨਤੀਜਾ ਸਾਹਮਣੇ ਨਹੀਂ ਆਇਆ। ਯੂਨੀਅਨ ਆਗੂਆਂ ਨੇ ਦੋਸ਼ ਲਾਇਆ ਕਿ ਮੰਗਾਂ ਨੂੰ ਲੈ ਕੇ ਲਗਾਤਾਰ ਟਾਲ-ਮਟੋਲ ਕੀਤੀ ਜਾ ਰਹੀ ਹੈ।

ਯੂਨੀਅਨ ਨੇ ਐਲਾਨ ਕੀਤਾ ਕਿ ਮੰਗਾਂ ਦਾ ਤੁਰੰਤ ਨਿਪਟਾਰਾ ਨਾ ਹੋਣ ’ਤੇ 15 ਸਤੰਬਰ ਤੋਂ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। ਪਹਿਲੇ ਪੜਾਅ ਤਹਿਤ ਮੋਹਾਲੀ ਦੇ ਫੇਸ-10 ਸਥਿਤ ਕਿਰਤੀ ਭਵਨ ਤੋਂ ਵਿਸ਼ਾਲ ਰੋਸ ਮਾਰਚ ਕੱਢਿਆ ਜਾਵੇਗਾ। ਆਗੂਆਂ ਨੇ ਕਿਹਾ ਕਿ ਮੰਗਾਂ ਨਾ ਮੰਨੇ ਜਾਣ ਦੀ ਸੂਰਤ ਵਿੱਚ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।