ਵੱਡੀ ਖ਼ਬਰ: ਪੰਜਾਬ ਸਰਕਾਰ ਹੜਤਾਲੀ ਕਰਮਚਾਰੀਆਂ ਖ਼ਿਲਾਫ਼ ਕਰੇਗੀ ਕਾਰਵਾਈ, ਵਿਭਾਗਾਂ ਤੋਂ ਮੰਗਿਆ ਵੇਰਵਾ

Top Trending News ਪੰਜਾਬ

 

ਵੱਡੀ ਖ਼ਬਰ: ਪੰਜਾਬ ਸਰਕਾਰ ਹੜਤਾਲੀ ਕਰਮਚਾਰੀਆਂ ਖ਼ਿਲਾਫ਼ ਕਰੇਗੀ ਕਾਰਵਾਈ, ਵਿਭਾਗਾਂ ਤੋਂ ਮੰਗਿਆ ਵੇਰਵਾ

ਚੰਡੀਗੜ੍ਹ, 27 ਅਗਸਤ 2026

ਪੰਜਾਬ ਸਰਕਾਰ ਨੇ ਸਰਕਾਰੀ ਦਫ਼ਤਰਾਂ ਵਿੱਚ ਡਿਊਟੀ ਤੋਂ ਬਿਨਾਂ ਮਨਜ਼ੂਰੀ ਗੈਰਹਾਜ਼ਰ ਰਹਿਣ ਵਾਲੇ ਮੁਲਾਜ਼ਮਾਂ ਨੂੰ ਲੈ ਕੇ ਸਖ਼ਤ ਰੁਖ ਅਖ਼ਤਿਆਰ ਕੀਤਾ ਹੈ। ਇਸ ਸਬੰਧੀ ਪੰਜਾਬ ਸਰਕਾਰ ਦੇ ਪਰਸੋਨਲ ਵਿਭਾਗ ਵੱਲੋਂ ਸਾਰੇ ਵਿਸ਼ੇਸ਼ ਮੁੱਖ ਸਕੱਤਰਾਂ, ਵਧੀਕ ਮੁੱਖ ਸਕੱਤਰਾਂ, ਵਿੱਤੀ ਕਮਿਸ਼ਨਰਾਂ, ਪ੍ਰਮੁੱਖ ਸਕੱਤਰਾਂ ਅਤੇ ਪ੍ਰਬੰਧਕੀ ਸਕੱਤਰਾਂ ਨੂੰ ਪੱਤਰ ਜਾਰੀ ਕੀਤਾ ਗਿਆ ਹੈ।

ਵਿਭਾਗ ਵੱਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਜਨਤਾ ਤੋਂ ਸ਼ਿਕਾਇਤਾਂ ਪ੍ਰਾਪਤ ਹੋ ਰਹੀਆਂ ਹਨ ਕਿ ਕਈ ਸਰਕਾਰੀ ਦਫ਼ਤਰਾਂ ਵਿੱਚ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਡਿਊਟੀ ’ਤੇ ਹਾਜ਼ਰ ਨਾ ਹੋਣ ਕਾਰਨ ਲੋਕਾਂ ਨੂੰ ਕਾਫ਼ੀ ਅਸੁਵਿਧਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਸ ਦੇ ਮੱਦੇਨਜ਼ਰ ਸਾਰੇ ਪ੍ਰਬੰਧਕੀ ਸਕੱਤਰਾਂ ਅਤੇ ਵਿਭਾਗੀ ਮੁਖੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਆਪਣੇ-ਆਪਣੇ ਵਿਭਾਗਾਂ ਵਿੱਚ ਡਿਊਟੀ ਤੋਂ ਗੈਰਹਾਜ਼ਰ ਰਹਿਣ ਵਾਲੇ ਮੁਲਾਜ਼ਮਾਂ ਦੀ ਸੂਚੀ ਤਿਆਰ ਕਰਕੇ ਅੱਜ, 27 ਅਗਸਤ 2026 ਦੇ ਕੰਮਕਾਜੀ ਦਿਨ ਦੀ ਸਮਾਪਤੀ ਤੱਕ ਪ੍ਰਸ਼ਾਸਨਿਕ ਸੁਧਾਰ ਵਿਭਾਗ ਨੂੰ ਭੇਜੀ ਜਾਵੇ।

ਪੱਤਰ ਵਿੱਚ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਗੈਰਹਾਜ਼ਰ ਮੁਲਾਜ਼ਮਾਂ ਖ਼ਿਲਾਫ਼ ਲਾਗੂ ਸੇਵਾ ਨਿਯਮਾਂ ਤਹਿਤ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਸਰਕਾਰ ਦੇ ਇਸ ਕਦਮ ਨੂੰ ਸਰਕਾਰੀ ਦਫ਼ਤਰਾਂ ਵਿੱਚ ਮੁਲਾਜ਼ਮਾਂ ਦੀ ਹਾਜ਼ਰੀ ਯਕੀਨੀ ਬਣਾਉਣ ਅਤੇ ਆਮ ਲੋਕਾਂ ਨੂੰ ਸਮੇਂ ਸਿਰ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਦਿਸ਼ਾ ਵਿੱਚ ਅਹਿਮ ਮੰਨਿਆ ਜਾ ਰਿਹਾ ਹੈ।