ਬਿਜਲੀ ਬਿੱਲਾਂ ਸਬੰਧੀ ਖਪਤਕਾਰਾਂ ਦੀਆਂ ਸ਼ਿਕਾਇਤਾਂ ਦਾ 15 ਦਿਨਾਂ ’ਚ ਹੋਵੇਗਾ ਨਿਪਟਾਰਾ
· ਬਿਜਲੀ ਦੇ ਬਿਲਾਂ ਨਾਲ ਜੁੜੀਆਂ ਸਮੱਸਿਆਵਾਂ ਲਈ 24×7 ਹੈਲਪਲਾਈਨ 0161-3105055 ਅਤੇ 0161-6650355 ’ਤੇ ਸੰਪਰਕ ਕਰਨ ਖਪਤਕਾਰ
ਮਾਲੇਰਕੋਟਲਾ, 27 ਅਗਸਤ:
ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਵੱਲੋਂ ਬਿਜਲੀ ਖਪਤਕਾਰਾਂ ਨੂੰ ਬਿਲਿੰਗ ਨਾਲ ਸਬੰਧਤ ਸਮੱਸਿਆਵਾਂ ਦੇ ਤੁਰੰਤ ਨਿਪਟਾਰੇ ਲਈ ਵਿਸ਼ੇਸ਼ ਉਪਰਾਲਾ ਕਰਦਿਆਂ 24 ਘੰਟੇ ਕਾਰਜਸ਼ੀਲ ਸਮਰਪਿਤ ਹੈਲਪਲਾਈਨ ਨੰਬਰ 0161-3105055 ਅਤੇ 0161-6650355 ਉਪਲਬਧ ਕਰਵਾਏ ਗਏ ਹਨ। ਇਹ ਜਾਣਕਾਰੀ ਦਿੰਦਿਆਂ ਪੀ.ਐਸ.ਪੀ.ਸੀ.ਐਲ. ਦੇ ਐਕਸੀਅਨ ਇੰਜ. ਹਰਵਿੰਦਰ ਸਿੰਘ ਨੇ ਦੱਸਿਆ ਕਿ ਖਪਤਕਾਰ ਇਨ੍ਹਾਂ ਨੰਬਰਾਂ ’ਤੇ ਸੰਪਰਕ ਕਰਕੇ ਆਪਣੇ ਬਿਜਲੀ ਬਿੱਲਾਂ ਨਾਲ ਸਬੰਧਤ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਜਿਨ੍ਹਾਂ ਖਪਤਕਾਰਾਂ ਨੂੰ ਆਮ ਖਪਤ ਦੇ ਮੁਕਾਬਲੇ ਵੱਧ ਬਿੱਲ, ਆਰਜ਼ੀ ਬਿੱਲ, ਗਲਤ ਜਾਂ ਤਰੁੱਟੀਆਂ ਵਾਲੇ ਬਿੱਲ ਪ੍ਰਾਪਤ ਹੋਏ ਹਨ, ਉਹ ਬਿਨਾਂ ਕਿਸੇ ਝਿਜਕ ਦੇ ਉਕਤ ਹੈਲਪਲਾਈਨ ਰਾਹੀਂ ਆਪਣੀ ਸ਼ਿਕਾਇਤ ਦਰਜ ਕਰਵਾਉਣ। ਪ੍ਰਾਪਤ ਸ਼ਿਕਾਇਤਾਂ ਦੀ ਸਬੰਧਤ ਪੱਧਰ ’ਤੇ ਜਾਂਚ ਕਰਵਾਉਣ ਉਪਰੰਤ 15 ਦਿਨਾਂ ਦੇ ਅੰਦਰ ਬਣਦੀ ਕਾਰਵਾਈ ਕਰਕੇ ਨਿਪਟਾਰਾ ਕੀਤਾ ਜਾਵੇਗਾ।
ਇੰਜ. ਹਰਵਿੰਦਰ ਸਿੰਘ ਨੇ ਕਿਹਾ ਕਿ ਇਸ ਸਹੂਲਤ ਦਾ ਮੁੱਖ ਉਦੇਸ਼ ਬਿਜਲੀ ਖਪਤਕਾਰਾਂ ਨੂੰ ਦਫ਼ਤਰਾਂ ਦੇ ਚੱਕਰ ਲਗਾਉਣ ਦੀ ਬਜਾਏ ਬਿਲਿੰਗ ਨਾਲ ਸਬੰਧਤ ਆਪਣੀ ਸਮੱਸਿਆ ਸਿੱਧੇ ਤੌਰ ’ਤੇ ਦਰਜ ਕਰਵਾਉਣ ਲਈ ਸੁਚਾਰੂ ਮਾਧਿਅਮ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਖਪਤਕਾਰਾਂ ਦੀਆਂ ਜਾਇਜ਼ ਸ਼ਿਕਾਇਤਾਂ ਨੂੰ ਪਹਿਲ ਦੇ ਆਧਾਰ ’ਤੇ ਵਿਚਾਰਦਿਆਂ ਸਮੇਂ ਸਿਰ ਹੱਲ ਕਰਨ ਲਈ ਵਿਭਾਗ ਵੱਲੋਂ ਲੋੜੀਂਦੀ ਕਾਰਵਾਈ ਕੀਤੀ ਜਾ ਰਹੀ ਹੈ।
ਉਨ੍ਹਾਂ ਖਪਤਕਾਰਾਂ ਨੂੰ ਅਪੀਲ ਕੀਤੀ ਕਿ ਜੇਕਰ ਬਿਜਲੀ ਬਿੱਲ ਵਿੱਚ ਕਿਸੇ ਕਿਸਮ ਦੀ ਗਲਤੀ, ਵਾਧੂ ਰਕਮ ਜਾਂ ਬਿਲਿੰਗ ਸਬੰਧੀ ਹੋਰ ਸਮੱਸਿਆ ਨਜ਼ਰ ਆਉਂਦੀ ਹੈ ਤਾਂ ਉਹ ਦੇਰੀ ਕੀਤੇ ਬਿਨਾਂ 0161-3105055 ਜਾਂ 0161-6650355 ’ਤੇ ਸੰਪਰਕ ਕਰਨ। ਉਨ੍ਹਾਂ ਕਿਹਾ ਕਿ ਸ਼ਿਕਾਇਤ ਦਰਜ ਕਰਵਾਉਣ ਸਮੇਂ ਖਪਤਕਾਰ ਆਪਣਾ ਖਾਤਾ ਨੰਬਰ/ਬਿਜਲੀ ਕੁਨੈਕਸ਼ਨ ਸਬੰਧੀ ਲੋੜੀਂਦੀ ਜਾਣਕਾਰੀ ਆਪਣੇ ਕੋਲ ਰੱਖਣ ਤਾਂ ਜੋ ਮਾਮਲੇ ਦੀ ਪੜਤਾਲ ਅਤੇ ਕਾਰਵਾਈ ਸੁਚੱਜੇ ਢੰਗ ਨਾਲ ਕੀਤੀ ਜਾ ਸਕੇ।
ਐਕਸੀਅਨ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਪੀ.ਐਸ.ਪੀ.ਸੀ.ਐਲ. ਵੱਲੋਂ ਬਿਜਲੀ ਖਪਤਕਾਰਾਂ ਨੂੰ ਬਿਹਤਰ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਉਨ੍ਹਾਂ ਦੀਆਂ ਜਾਇਜ਼ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਯਕੀਨੀ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਬਿੱਲ ਵਿੱਚ ਆਈ ਤਰੁੱਟੀ ਕਾਰਨ ਕਿਸੇ ਵੀ ਯੋਗ ਖਪਤਕਾਰ ਨੂੰ ਪ੍ਰਤੀ ਮਹੀਨਾ 300 ਯੂਨਿਟ ਮੁਫ਼ਤ ਬਿਜਲੀ ਦੀ ਸਰਕਾਰੀ ਸਹੂਲਤ ਤੋਂ ਵਾਂਝਾ ਨਹੀਂ ਕੀਤਾ ਜਾਵੇਗਾ






