ਲੈਕਚਰਾਰ ਨੇਹਾ ਕਤਲ ਮਾਮਲਾ: ਪਤੀ ਤੇ ਸੱਸ 4 ਦਿਨਾਂ ਦੇ ਪੁਲਿਸ ਰਿਮਾਂਡ ‘ਤੇ

Top Trending News ਪੰਜਾਬ

  • ਲੈਕਚਰਾਰ ਨੇਹਾ ਕਤਲ ਮਾਮਲਾ: ਪਤੀ ਤੇ ਸੱਸ 4 ਦਿਨਾਂ ਦੇ ਪੁਲਿਸ ਰਿਮਾਂਡ ‘ਤੇ

ਜਲੰਧਰ, 28 ਅਗਸਤ (ਦੇਸ਼ ਕਲਿੱਕ ਬਿਊਰੋ): ਲੈਕਚਰਾਰ ਨੇਹਾ ਦੀ ਹੱਤਿਆ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਉਸਦੇ ਪਤੀ ਉਮੰਗ ਬੱਸੀ ਅਤੇ ਸੱਸ ਕੁਸੁਮ ਬੱਸੀ ਨੂੰ ਅੱਜ ਪੁਲਿਸ ਵੱਲੋਂ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਦੋਵਾਂ ਨੂੰ 1 ਸਤੰਬਰ ਤੱਕ 4 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਵਕੀਲ ਅਨੂਪ ਗੌਤਮ ਨੇ ਦੱਸਿਆ ਕਿ ਪੁਲਿਸ ਵੱਲੋਂ ਅਦਾਲਤ ਤੋਂ 5 ਦਿਨਾਂ ਦਾ ਰਿਮਾਂਡ ਮੰਗਿਆ ਗਿਆ ਸੀ, ਪਰ ਮਾਣਯੋਗ ਜੱਜ ਨੇ ਦੋਵਾਂ ਦਾ 4 ਦਿਨਾਂ ਦਾ ਪੁਲਿਸ ਰਿਮਾਂਡ ਮਨਜ਼ੂਰ ਕੀਤਾ। ਵਕੀਲ ਮੁਤਾਬਕ ਅਦਾਲਤ ਵਿੱਚ ਨੇਹਾ ਨਾਲ ਕਥਿਤ ਤੌਰ ‘ਤੇ ਕੀਤੀ ਗਈ ਤਸ਼ੱਦਦ ਦੀ ਜਾਣਕਾਰੀ ਵੀ ਰੱਖੀ ਗਈ। ਦੋਸ਼ ਹੈ ਕਿ ਉਸਨੂੰ ਹਰਪਿਕ ਪਿਲਾਇਆ ਗਿਆ ਸੀ।

ਵਕੀਲ ਨੇ ਦੱਸਿਆ ਕਿ ਨੇਹਾ 19 ਅਗਸਤ ਤੋਂ ਹਸਪਤਾਲ ਵਿੱਚ ਦਾਖ਼ਲ ਸੀ ਅਤੇ ਉਸਦੀ ਹਾਲਤ ਗੰਭੀਰ ਬਣੀ ਹੋਈ ਸੀ। ਪਰਿਵਾਰ ਨੂੰ ਅਗਲੇ ਦਿਨ ਰਿਸ਼ਤੇਦਾਰਾਂ ਰਾਹੀਂ ਉਸਦੀ ਗੰਭੀਰ ਹਾਲਤ ਬਾਰੇ ਜਾਣਕਾਰੀ ਮਿਲੀ। ਪਰਿਵਾਰ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਨੇਹਾ ਨੂੰ ਪਹਿਲਾਂ ਵੀ ਸਹੁਰੇ ਪਰਿਵਾਰ ਵੱਲੋਂ ਕਥਿਤ ਤੌਰ ‘ਤੇ ਤੰਗ-ਪ੍ਰੇਸ਼ਾਨ ਕੀਤਾ ਜਾਂਦਾ ਸੀ। ਇਸ ਸਬੰਧੀ ਦਸਤਾਵੇਜ਼ ਅਦਾਲਤ ਵਿੱਚ ਪੇਸ਼ ਕਰਨ ਦੀ ਗੱਲ ਵੀ ਆਖੀ ਗਈ ਹੈ। ਨੇਹਾ ਦੇ ਭਰਾ ਅਮਰੀਸ਼ ਅਮਨ ਨੇ ਮਾਮਲੇ ਵਿੱਚ ਸਖ਼ਤ ਸਜ਼ਾ ਦੀ ਮੰਗ ਕਰਦਿਆਂ ਕਿਹਾ ਕਿ ਪਰਿਵਾਰ ਨੂੰ ਇਨਸਾਫ਼ ਮਿਲਣ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਮੁਤਾਬਕ ਇਹ ਮਾਮਲਾ ਅਜੇ ਇਨਸਾਫ਼ ਦੀ ਲੜਾਈ ਦਾ ਪਹਿਲਾ ਪੜਾਅ ਹੈ ਅਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ।

ਇਸ ਦੌਰਾਨ ਪਰਿਵਾਰ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਪੁਲਿਸ ਦਾ ਧੰਨਵਾਦ ਕੀਤਾ। ਪਰਿਵਾਰ ਨੇ ਦੱਸਿਆ ਕਿ ਪੁਲਿਸ ਦੀ ਕਾਰਵਾਈ ਨਾਲ 6 ਸਾਲਾ ਬੱਚੀ ਨੂੰ ਸੁਰੱਖਿਅਤ ਬਰਾਮਦ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮਾਮਲੇ ਵਿੱਚ ਉਮੰਗ ਬੱਸੀ ਅਤੇ ਇੱਕ ਹੋਰ ਮੁਲਜ਼ਮ ਨੂੰ ਉੱਜੈਨ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ।

ਮਾਮਲੇ ਵਿੱਚ ਸਤਪਾਲ ਕੌਰ ਨੂੰ ਵੀ ਅਦਾਲਤ ਵੱਲੋਂ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜਿਆ ਗਿਆ ਹੈ। ਪਰਿਵਾਰ ਵੱਲੋਂ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਗਈ ਹੈ। ਪੁਲਿਸ ਵੱਲੋਂ ਹੁਣ ਰਿਮਾਂਡ ਦੌਰਾਨ ਮੁਲਜ਼ਮਾਂ ਤੋਂ ਪੁੱਛਗਿੱਛ ਕਰਕੇ ਮਾਮਲੇ ਨਾਲ ਜੁੜੇ ਹੋਰ ਤੱਥਾਂ ਦੀ ਜਾਂਚ ਕੀਤੀ ਜਾ ਰਹੀ ਹੈ।