ਗਊਧਨ ਨੂੰ ਲੰਪੀ ਸਕਿਨ ਵੈਕਸੀਨ ਲਗਾਉਣ ਦਾ ਕੰਮ ਜੰਗੀ ਪੱਧਰ ’ਤੇ ਜਾਰੀ: ਕੈਬਨਿਟ ਮੰਤਰੀ ਖੁੱਡੀਆਂ

Top Trending News ਪੰਜਾਬ

  • ਗਊਧਨ ਨੂੰ ਲੰਪੀ ਸਕਿਨ ਵੈਕਸੀਨ ਲਗਾਉਣ ਦਾ ਕੰਮ ਜੰਗੀ ਪੱਧਰ ’ਤੇ ਜਾਰੀ: ਕੈਬਨਿਟ ਮੰਤਰੀ ਖੁੱਡੀਆਂ
  • ਪਸ਼ੂਆਂ ਦੇ ਇਲਾਜ ਅਤੇ ਸੇਵਾ ਲਈ ਰਜਿਸਟਰਡ ਗਊਸ਼ਾਲਾਵਾਂ ਨੂੰ ਕੈਟਲ ਲਿਫਟਰ ਕੀਤੇ ਜਾਰੀ

ਮਲੋਟ/ਸ੍ਰੀ ਮੁਕਤਸਰ ਸਾਹਿਬ, 29 ਅਗਸਤ (ਦੇਸ਼ ਕਲਿੱਕ ਬਿਊਰੋ): ਪਸ਼ੂ ਪਾਲਣ ਵਿਭਾਗ ਵੱਲੋਂ ਜਿਲਾ ਸ਼੍ਰੀ ਮੁਕਤਸਰ ਸਾਹਿਬ ਦੀਆਂ ਰਜਿਸਟਰਡ ਗਊਸ਼ਾਲਾਵਾਂ ਵਿੱਚ ਸਾਂਭੇ ਜਾ ਰਹੇ ਬੇਸਹਾਰਾ ਪਸ਼ੂਆਂ ਦੇ ਇਲਾਜ ਅਤੇ ਸੇਵਾ ਲਈ ਕੈਟਲ ਲਿਫਟਰ ਜਾਰੀ ਕਰਨ ਦਾ ਸਮਾਗਮ ਮਹਾਂਵੀਰ ਗਊਸ਼ਾਲਾ ਮਲੋਟ ਵਿਖੇ ਕੀਤਾ ਗਿਆ। ਇਸ ਮੌਕੇ ਪਸ਼ੂ ਪਾਲਣ ਮੱਛੀ ਪਾਲਣ ਅਤੇ ਖੇਤੀਬਾੜੀ ਵਿਭਾਗ ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਕੈਬਨਿਟ ਮੰਤਰੀ, ਡਾ. ਬਲਜੀਤ ਕੌਰ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਰਹੇ।

ਇਸ ਮੌਕੇ ਬੋਲਦਿਆਂ ਸ. ਖੁੱਡੀਆਂ ਨੇ ਦੱਸਿਆ ਕਿ ਰਾਜ ਦੇ ਗਊਧਨ ਨੂੰ ਲੰਪੀ ਸਕਿਨ ਵੈਕਸੀਨ ਲਗਾਉਣ ਦਾ ਕੰਮ ਜੰਗੀ ਪੱਧਰ ’ਤੇ ਜਾਰੀ ਹੈ ਅਤੇ ਰਾਜ ਸਰਕਾਰ ਵੱਲੋਂ ਗਊ ਸੇਵਕਾਂ ਦੀਆਂ ਭਾਵਨਾਵਾਂ ਅਨੁਸਾਰ ਸਾਰੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮਾਫ ਕੀਤੇ ਗਏ ਹਨ। ਜਿਸ ਨਾਲ ਗਊਸ਼ਾਲਾਵਾਂ ਨੂੰ ਕਰੋੜਾਂ ਰੁਪਏ ਸਲਾਨਾ ਦੀ ਰਾਹਤ ਮਿਲੀ ਹੈ।

ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਗਉਸ਼ਾਲਾਵਾਂ ਦੇ ਹਿੱਤ ਵਿੱਚ ਕੰਮ ਕਰਨ ਲਈ ਕੈਬਨਿਟ ਮੰਤਰੀ ਸ. ਖੁੱਡੀਆਂ ਦਾ ਧੰਨਵਾਦ ਕੀਤਾ। ਸਮਾਗਮ ਦੌਰਾਨ ਜ਼ਿਲ੍ਹੇ ਦੀਆਂ ਸਾਰੀਆਂ ਰਜਿਸਟਰਡ ਗਊਸ਼ਾਲਾਵਾਂ ਦੇ ਹਾਜ਼ਰ ਪ੍ਰਬੰਧਕਾਂ ਨੂੰ ਕੈਟਲ ਲਿਫਟਰ ਵੰਡੇ ਗਏ। ਮਹਾਂਵੀਰ ਗਊਸ਼ਾਲਾ ਦੇ ਮੁੱਖ ਸੇਵਾਦਾਰ ਬਾਬਾ ਸੰਦੀਪ ਜੂਰੀ ਨੇ ਦੋਵਾਂ ਕੈਬਨਿਟ ਮੰਤਰੀਆਂ ਦਾ ਗਊਸ਼ਾਲਾ ਵਿੱਚ ਪਹੁੰਚਣ ’ਤੇ ਧੰਨਵਾਦ ਕੀਤਾ ।

ਇਸ ਮੌਕੇ ਪਸ਼ੂ ਪਾਲਣ ਵਿਭਾਗ ਸ਼੍ਰੀ ਮੁਕਤਸਰ ਸਾਹਿਬ ਦੇ ਡਿਪਟੀ ਡਾਇਰੈਕਟਰ ਡਾ. ਗੁਰਦਿੱਤ ਸਿੰਘ ਔਲਖ, ਸਹਾਇਕ ਡਾਇਰੈਕਟਰ ਡਾ. ਵਿਨੋਦ ਕੁਮਾਰ, ਗਊਸ਼ਾਲਾ ਦੇ ਨੋਡਲ ਅਫਸਰ ਡਾਕਟਰ ਅਮਨਦੀਪ ਸੇਠੀ ਅਤੇ ਸਮੂਹ ਸਟਾਫ ਹਾਜ਼ਰ ਸੀ।