ਪਰਾਲੀ ਨੂੰ ਜ਼ਮੀਨ ‘ਚ ਰਲਾਓ ਅਤੇ ਫਾਇਦਾ ਕਮਾਓ!
ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਰਸੂਲਪੁਰ ਦੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੀ ਸਿਖਲਾਈ
ਹੁਸ਼ਿਆਰਪੁਰ, 31 ਅਗਸਤ: ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ, ਹੁਸ਼ਿਆਰਪੁਰ ਵੱਲੋਂ ਮਾਹਿਲਪੁਰ ਬਲਾਕ ਦੇ ਪਿੰਡ ਰਸੂਲਪੁਰ ਦੇ ਕਿਸਾਨਾਂ ਲਈ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਪੰਜ ਦਿਨਾਂ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਇਹ ਸਿਖਲਾਈ 24 ਤੋਂ 31 ਅਗਸਤ 2026 ਤੱਕ ਪਿੰਡ ਰਸੂਲਪੁਰ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਕਰਵਾਈ ਗਈ, ਜਿਸ ਦੌਰਾਨ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਤੋਂ ਬਚਣ ਅਤੇ ਇਸ ਦੀ ਵਿਗਿਆਨਕ ਢੰਗ ਨਾਲ ਸੰਭਾਲ ਕਰਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।
ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ ਮੌਕੇ ਕ੍ਰਿਸ਼ੀ ਵਿਗਿਆਨ ਕੇਂਦਰ, ਹੁਸ਼ਿਆਰਪੁਰ ਤੋਂ ਸਹਾਇਕ ਪ੍ਰੋਫੈਸਰ (ਖੇਤੀਬਾੜੀ ਇੰਜੀਨੀਅਰਿੰਗ) ਡਾ. ਅਜੈਬ ਸਿੰਘ ਨੇ ਕਿਸਾਨਾਂ ਦਾ ਸਵਾਗਤ ਕੀਤਾ। ਉਨ੍ਹਾਂ ਦੱਸਿਆ ਕਿ ਇਸ ਸਾਲ ਰਸੂਲਪੁਰ ਪਿੰਡ ਨੂੰ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਰਾਲੀ ਪ੍ਰਬੰਧਨ ਮੁਹਿੰਮ ਤਹਿਤ ਵਿਸ਼ੇਸ਼ ਤੌਰ ’ਤੇ ਅਪਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਜਾਗਰੂਕਤਾ ਕੈਂਪਾਂ, ਸਿਖਲਾਈ ਪ੍ਰੋਗਰਾਮਾਂ ਅਤੇ ਪ੍ਰਦਰਸ਼ਨੀਆਂ ਰਾਹੀਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪਰਾਲੀ ਪ੍ਰਬੰਧਨ ਮੁਹਿੰਮ ਨੂੰ ਸਫਲ ਬਣਾਉਣ ਲਈ ਯਤਨ ਕੀਤੇ ਜਾਣਗੇ।
ਡਾ. ਅਜੈਬ ਸਿੰਘ ਨੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਨ ਅਤੇ ਖੇਤੀਬਾੜੀ ਨੂੰ ਹੋਣ ਵਾਲੇ ਨੁਕਸਾਨਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ। ਉਨ੍ਹਾਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਲਾਮਬੰਦ ਕਰਦਿਆਂ ਦੱਸਿਆ ਕਿ ਰਸੂਲਪੁਰ ਪਿੰਡ ਨੂੰ ਤਰਜੀਹ ਦੇ ਆਧਾਰ ’ਤੇ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਉਪਲਬਧ ਪਰਾਲੀ ਪ੍ਰਬੰਧਨ ਮਸ਼ੀਨਰੀ ਮੁਹੱਈਆ ਕਰਵਾਈ ਜਾਵੇਗੀ।
ਉਨ੍ਹਾਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਵਰਤੀ ਜਾਣ ਵਾਲੀ ਮਸ਼ੀਨਰੀ ਜਿਵੇਂ ਸੁਪਰ ਐਸ.ਐਮ.ਐਸ., ਸਰਫੇਸ ਸੀਡਰ, ਸਮਾਰਟ ਸੀਡਰ, ਸੁਪਰ ਸੀਡਰ, ਹੈਪੀ ਸੀਡਰ, ਉਲਟਾਵਾਂ ਹੱਲ, ਮਲਚਰ ਅਤੇ ਜ਼ੀਰੋ ਡਰਿੱਲ ਆਦਿ ਦੀ ਕਾਰਜਕੁਸ਼ਲਤਾ ਅਤੇ ਵਰਤੋਂ ਸਬੰਧੀ ਜਾਣਕਾਰੀ ਵੀ ਦਿੱਤੀ।
ਇਸ ਮੌਕੇ ਕ੍ਰਿਸ਼ੀ ਵਿਗਿਆਨ ਕੇਂਦਰ ਦੀ ਪ੍ਰੋਗਰਾਮ ਸਹਾਇਕ ਸ਼੍ਰੀਮਤੀ ਸੁਨੀਤਾ ਨੇ ਪਰਾਲੀ ਨੂੰ ਜ਼ਮੀਨ ਵਿੱਚ ਰਲਾਉਣ ਦੇ ਫਾਇਦਿਆਂ ਬਾਰੇ ਚਾਨਣਾ ਪਾਇਆ। ਉਨ੍ਹਾਂ ਪਰਾਲੀ ਵਿੱਚ ਮੌਜੂਦ ਵੱਖ-ਵੱਖ ਤੱਤਾਂ ਦੀ ਮਹੱਤਤਾ ਦੱਸਦਿਆਂ ਇਸ ਦੀ ਬਾਇਓਗੈਸ ਪਲਾਂਟਾਂ, ਖੁੰਬ ਉਤਪਾਦਨ ਅਤੇ ਗੱਤਾ ਉਦਯੋਗ ਵਿੱਚ ਵਰਤੋਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਤੋਂ ਇਲਾਵਾ ਪਰਾਲੀ ਨੂੰ ਊਰਜਾ, ਖਾਦ, ਪਸ਼ੂ ਖੁਰਾਕ ਅਤੇ ਮਲਚ ਵਜੋਂ ਵਰਤਣ ਦੇ ਤਰੀਕਿਆਂ ਬਾਰੇ ਵੀ ਕਿਸਾਨਾਂ ਨੂੰ ਜਾਣੂ ਕਰਵਾਇਆ।






