ਮੁਲਾਜ਼ਮ ਸੰਘਰਸ਼ ਦਰਮਿਆਨ ਪੰਜਾਬ ਸਰਕਾਰ ਦਾ ਵੱਡਾ ਐਕਸ਼ਨ; ‘ਸਾਂਝਾ ਮੁਲਾਜ਼ਮ ਮੰਚ’ ਦੇ ਪ੍ਰਧਾਨ ਸੁਖਚੈਨ ਖਹਿਰਾ ਦਾ ਤਬਾਦਲਾ

Top Trending News ਚੰਡੀਗੜ੍ਹ ਪੰਜਾਬ

 

ਮੁਲਾਜ਼ਮ ਸੰਘਰਸ਼ ਦਰਮਿਆਨ ਪੰਜਾਬ ਸਰਕਾਰ ਦਾ ਵੱਡਾ ਐਕਸ਼ਨ; ‘ਸਾਂਝਾ ਮੁਲਾਜ਼ਮ ਮੰਚ’ ਦੇ ਪ੍ਰਧਾਨ ਸੁਖਚੈਨ ਖਹਿਰਾ ਦਾ ਤਬਾਦਲਾ

ਚੰਡੀਗੜ੍ਹ, 31 ਅਗਸਤ 2026: ਪੰਜਾਬ ਸਰਕਾਰ ਨੇ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਚਲਾਏ ਜਾ ਰਹੇ ਸੰਘਰਸ਼ ਦਰਮਿਆਨ ਪ੍ਰਸ਼ਾਸਨਿਕ ਪੱਧਰ ’ਤੇ ਵੱਡੀ ਕਾਰਵਾਈ ਕੀਤੀ ਹੈ। ਸਰਕਾਰ ਵਿਰੁੱਧ ਚੱਲ ਰਹੇ ਅੰਦੋਲਨ ਦੀ ਅਗਵਾਈ ਕਰ ਰਹੇ ‘ਸਾਂਝਾ ਮੁਲਾਜ਼ਮ ਮੰਚ ਪੰਜਾਬ’ ਦੇ ਪ੍ਰਧਾਨ ਸੁਖਚੈਨ ਸਿੰਘ ਖਹਿਰਾ ਦਾ ਤਬਾਦਲਾ ਕਰ ਦਿੱਤਾ ਗਿਆ ਹੈ।

ਆਮ ਰਾਜ ਪ੍ਰਬੰਧ ਵਿਭਾਗ ਵੱਲੋਂ 31 ਅਗਸਤ ਨੂੰ ਜਾਰੀ ਕੀਤੇ ਹੁਕਮਾਂ ਅਨੁਸਾਰ ਸੁਖਚੈਨ ਸਿੰਘ ਖਹਿਰਾ ਨੂੰ ਪੰਜਾਬ ਸਿਵਲ ਸਕੱਤਰੇਤ ਤੋਂ ਤਬਦੀਲ ਕਰਕੇ ਸੈਕਟਰ-33 ਸਥਿਤ ਪਲੈਨਿੰਗ ਬ੍ਰਾਂਚ ਵਿਖੇ ਤਾਇਨਾਤ ਕੀਤਾ ਗਿਆ ਹੈ। ਸਰਕਾਰੀ ਹੁਕਮਾਂ ਮੁਤਾਬਕ ਇਹ ਤਬਾਦਲਾ ਤੁਰੰਤ ਪ੍ਰਭਾਵ ਨਾਲ ਲਾਗੂ ਹੋਵੇਗਾ।

ਹੁਕਮਾਂ ਵਿੱਚ ਖਹਿਰਾ ਨੂੰ ਬਿਨਾਂ ਕਿਸੇ ਦੇਰੀ ਦੇ ਨਵੀਂ ਤਾਇਨਾਤੀ ਵਾਲੀ ਥਾਂ ’ਤੇ ਆਪਣੀ ਡਿਊਟੀ ਸੰਭਾਲਣ ਦੀ ਹਦਾਇਤ ਕੀਤੀ ਗਈ ਹੈ। ਇਸ ਦੇ ਨਾਲ ਹੀ ਸਪੱਸ਼ਟ ਕੀਤਾ ਗਿਆ ਹੈ ਕਿ ਜੇਕਰ ਉਹ ਨਵੀਂ ਜ਼ਿੰਮੇਵਾਰੀ ਸੰਭਾਲਣ ਵਿੱਚ ਅਸਫਲ ਰਹਿੰਦੇ ਹਨ ਤਾਂ ਉਨ੍ਹਾਂ ਖ਼ਿਲਾਫ਼ ਨਿਯਮਾਂ ਅਨੁਸਾਰ ਵਿਭਾਗੀ ਕਾਰਵਾਈ ਕੀਤੀ ਜਾ ਸਕਦੀ ਹੈ। ਇਸ ਕਾਰਵਾਈ ਵਿੱਚ ਤਨਖਾਹ ਰੋਕਣ ਵਰਗੇ ਕਦਮ ਵੀ ਸ਼ਾਮਲ ਹੋ ਸਕਦੇ ਹਨ।

ਦੱਸਣਯੋਗ ਹੈ ਕਿ ਸਰਕਾਰ ਵੱਲੋਂ 31 ਅਗਸਤ ਨੂੰ ਜਾਰੀ ਕੀਤੀ ਗਈ ਤਬਾਦਲਾ ਸੂਚੀ ਵਿੱਚ ਸੁਖਚੈਨ ਸਿੰਘ ਖਹਿਰਾ ਸਮੇਤ ਕੁੱਲ ਤਿੰਨ ਅਧਿਕਾਰੀਆਂ/ਕਰਮਚਾਰੀਆਂ ਦੇ ਤਬਾਦਲੇ ਕੀਤੇ ਗਏ ਹਨ।

ਮੁਲਾਜ਼ਮ ਆਗੂ ਦੇ ਤਬਾਦਲੇ ਨੂੰ ਸੂਬੇ ਵਿੱਚ ਚੱਲ ਰਹੇ ਮੁਲਾਜ਼ਮ ਅੰਦੋਲਨ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਹਾਲਾਂਕਿ, ਸਰਕਾਰੀ ਹੁਕਮਾਂ ਵਿੱਚ ਖਹਿਰਾ ਦੇ ਤਬਾਦਲੇ ਦਾ ਕਾਰਨ ਸਪੱਸ਼ਟ ਤੌਰ ’ਤੇ ਦਰਜ ਨਹੀਂ ਕੀਤਾ ਗਿਆ।