ਪੰਜਾਬ ਕਾਂਗਰਸ SC ਵਿਭਾਗ ਵੱਲੋਂ ਰਾਹੁਲ ਗਾਂਧੀ ਖ਼ਿਲਾਫ਼ ਬਦਲੇ ਦੀ ਭਾਵਨਾ ਨਾਲ ਦਰਜ FIR ਦੇ ਵਿਰੋਧ ਵਿੱਚ ਕੀਤਾ ਗਿਆ ਪ੍ਰਦਰਸ਼ਨ

Top Trending News ਪੰਜਾਬ

  • ਪੰਜਾਬ ਕਾਂਗਰਸ SC ਵਿਭਾਗ ਵੱਲੋਂ ਰਾਹੁਲ ਗਾਂਧੀ ਖ਼ਿਲਾਫ਼ ਬਦਲੇ ਦੀ ਭਾਵਨਾ ਨਾਲ ਦਰਜ FIR ਦੇ ਵਿਰੋਧ ਵਿੱਚ ਕੀਤਾ ਗਿਆ ਪ੍ਰਦਰਸ਼ਨ

ਚੰਡੀਗੜ੍ਹ, 1 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਐਸ.ਸੀ. ਵਿਭਾਗ ਵੱਲੋਂ ਅੱਜ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਖ਼ਿਲਾਫ਼ ਦਰਜ ਕੀਤੀ ਗਈ ਐਫ.ਆਈ.ਆਰ. ਦੇ ਵਿਰੋਧ ਵਿੱਚ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਕਾਂਗਰਸ ਆਗੂਆਂ ਨੇ ਦੋਸ਼ ਲਾਇਆ ਕਿ ਭਾਜਪਾ ਜਾਤੀ ਭੇਦਭਾਵ ਅਤੇ ਦਲਿਤਾਂ ਉੱਤੇ ਹੋ ਰਹੇ ਜ਼ੁਲਮਾਂ ਖ਼ਿਲਾਫ਼ ਆਵਾਜ਼ ਚੁੱਕਣ ਵਾਲਿਆਂ ਨੂੰ ਚੁੱਪ ਕਰਵਾਉਣ ਲਈ ਬਦਲੇ ਦੀ ਰਾਜਨੀਤੀ ਕਰ ਰਹੀ ਹੈ।

ਪੰਜਾਬ ਕਾਂਗਰਸ ਭਵਨ ਵਿੱਚ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਸੀਨੀਅਰ ਕਾਂਗਰਸ ਆਗੂ ਅਤੇ ਸਾਬਕਾ ਪੰਜਾਬ ਮੰਤਰੀ ਰਾਜ ਕੁਮਾਰ ਵੇਰਕਾ ਨੇ ਭਾਰਤੀ ਜਨਤਾ ਪਾਰਟੀ ’ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਲੋਕਾਂ ਨੂੰ ਵੰਡਣ ਅਤੇ ਨਫ਼ਰਤ ਦੀ ਰਾਜਨੀਤੀ ਕਰ ਰਹੀ ਹੈ ਅਤੇ ਬਾਬਾ ਸਾਹਿਬ ਡਾ. ਬੀ. ਆਰ. ਅੰਬੇਡਕਰ ਵੱਲੋਂ ਸਥਾਪਿਤ ਕੀਤੀਆਂ ਸੰਵਿਧਾਨਕ ਕਦਰਾਂ-ਕੀਮਤਾਂ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਵੇਰਕਾ ਨੇ ਕਿਹਾ ਕਿ ਰਾਹੁਲ ਗਾਂਧੀ ਖ਼ਿਲਾਫ਼ ਦਰਜ ਕੀਤੀ ਗਈ ਐਫ.ਆਈ.ਆਰ. ਭਾਜਪਾ ਦੀ ਬਦਲੇ ਦੀ ਰਾਜਨੀਤੀ ਅਤੇ ਡਰਾਉਣ-ਧਮਕਾਉਣ ਦੀ ਨੀਤੀ ਦੀ ਸਾਫ਼ ਮਿਸਾਲ ਹੈ। ਉਨ੍ਹਾਂ ਕਿਹਾ, “ਜਾਤੀ ਭੇਦਭਾਵ ਨੂੰ ਵਧਾਵਾ ਦੇਣ ਅਤੇ ਦਲਿਤਾਂ ਦੀ ਇੱਜ਼ਤ ਨੂੰ ਠੇਸ ਪਹੁੰਚਾਉਣ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ ਦੀ ਬਜਾਏ ਭਾਜਪਾ ਸਰਕਾਰ ਨੇ ਬੇਇਨਸਾਫ਼ੀ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਰਾਹੁਲ ਗਾਂਧੀ ਨੂੰ ਹੀ ਨਿਸ਼ਾਨਾ ਬਣਾਇਆ ਹੈ।”

ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਹਲਦਵਾਨੀ ਵਿੱਚ ਵਾਪਰੀ ਘਟਨਾ ਨੇ ਭਾਜਪਾ ਅਤੇ ਆਰ.ਐੱਸ.ਐੱਸ. ਦੀ ਦਲਿਤਾਂ ਪ੍ਰਤੀ ਸੋਚ ਨੂੰ ਸਾਹਮਣੇ ਲਿਆ ਦਿੱਤਾ ਹੈ। ਕਾਂਗਰਸ ਪ੍ਰਧਾਨ ਸ੍ਰੀ ਮੱਲਿਕਾਰਜੁਨ ਖੜਗੇ ਵੱਲੋਂ ਇੱਕ ਜਨ ਸਭਾ ਨੂੰ ਸੰਬੋਧਨ ਕਰਨ ਤੋਂ ਬਾਅਦ ਕਥਿਤ ਤੌਰ ’ਤੇ ਉਸ ਥਾਂ ’ਤੇ ‘ਸ਼ੁੱਧੀਕਰਨ’ ਦੀ ਰਸਮ ਕੀਤੀ ਗਈ। ਇਹ ਸਿਰਫ਼ ਇਸ ਲਈ ਕੀਤਾ ਗਿਆ ਕਿਉਂਕਿ ਉੱਥੇ ਇੱਕ ਦਲਿਤ ਆਗੂ ਨੇ ਜਨ ਸਭਾ ਨੂੰ ਸੰਬੋਧਨ ਕੀਤਾ ਸੀ।

ਵੇਰਕਾ ਨੇ ਕਿਹਾ, “ਇਹ ਸਿਰਫ਼ ਕਿਸੇ ਇੱਕ ਵਿਅਕਤੀ ਜਾਂ ਭਾਈਚਾਰੇ ਦਾ ਅਪਮਾਨ ਨਹੀਂ ਹੈ, ਸਗੋਂ ਇਹ ਬਾਬਾ ਸਾਹਿਬ ਅੰਬੇਡਕਰ, ਸੰਵਿਧਾਨ ਅਤੇ ਸਾਡੇ ਲੋਕਤੰਤਰ ਵਿੱਚ ਮੌਜੂਦ ਬਰਾਬਰੀ ਦੇ ਸਿਧਾਂਤ ਦਾ ਵੀ ਅਪਮਾਨ ਹੈ।”

ਉਨ੍ਹਾਂ ਨੇ ਇਸ ਗੱਲ ’ਤੇ ਗੰਭੀਰ ਚਿੰਤਾ ਜ਼ਾਹਰ ਕੀਤੀ ਕਿ ਘਟਨਾ ਦੀ ਗੰਭੀਰਤਾ ਦੇ ਬਾਵਜੂਦ ਇਸ ਵਿੱਚ ਕਥਿਤ ਤੌਰ ’ਤੇ ਸ਼ਾਮਲ ਲੋਕਾਂ ਖ਼ਿਲਾਫ਼ ਕੋਈ ਪ੍ਰਭਾਵਸ਼ਾਲੀ ਕਾਰਵਾਈ ਨਹੀਂ ਕੀਤੀ ਗਈ। ਇਸ ਦੀ ਬਜਾਏ ਰਾਹੁਲ ਗਾਂਧੀ ਨੂੰ ਨਿਸ਼ਾਨਾ ਬਣਾਇਆ ਗਿਆ, ਜਿਨ੍ਹਾਂ ਨੇ ਇਸ ਮੁੱਦੇ ਨੂੰ ਮਜ਼ਬੂਤੀ ਨਾਲ ਚੁੱਕਿਆ ਅਤੇ ਜਵਾਬਦੇਹੀ ਤੈਅ ਕਰਨ ਦੀ ਮੰਗ ਕੀਤੀ।

ਵੇਰਕਾ ਨੇ ਕਿਹਾ ਕਿ ਭਾਜਪਾ ਦਲਿਤਾਂ, ਔਰਤਾਂ, ਓ.ਬੀ.ਸੀ. ਅਤੇ ਘੱਟ ਗਿਣਤੀ ਭਾਈਚਾਰਿਆਂ ਨੂੰ ਵੰਡ ਪੈਦਾ ਕਰਨ ਵਾਲੀ ਅਤੇ ਖ਼ਤਰਨਾਕ ਰਾਜਨੀਤੀ ਰਾਹੀਂ ਯੋਜਨਾਬੱਧ ਤਰੀਕੇ ਨਾਲ ਨਿਸ਼ਾਨਾ ਬਣਾ ਰਹੀ ਹੈ।

ਉਨ੍ਹਾਂ ਕਿਹਾ ਕਿ ਜਿਹੜੀਆਂ ਪੁਰਾਣੀਆਂ ਰੂੜੀਵਾਦ ਸਮਾਜਿਕ ਸੋਚਾਂ ਨੇ ਸਦੀਆਂ ਤੱਕ ਦਲਿਤਾਂ ਅਤੇ ਔਰਤਾਂ ਨੂੰ ਬਰਾਬਰ ਦੇ ਹੱਕਾਂ ਅਤੇ ਇੱਜ਼ਤ ਤੋਂ ਵਾਂਝਾ ਰੱਖਿਆ, ਉਨ੍ਹਾਂ ਦੇ ਉਲਟ ਬਾਬਾ ਸਾਹਿਬ ਡਾ. ਬੀ. ਆਰ. ਅੰਬੇਡਕਰ ਨੇ ਭਾਰਤ ਨੂੰ ਅਜਿਹਾ ਸੰਵਿਧਾਨ ਦਿੱਤਾ ਜੋ ਹਰ ਨਾਗਰਿਕ ਲਈ ਬਰਾਬਰੀ, ਇਨਸਾਫ਼, ਆਜ਼ਾਦੀ ਅਤੇ ਇੱਜ਼ਤ ਦੀ ਗਾਰੰਟੀ ਦਿੰਦਾ ਹੈ।

ਉਨ੍ਹਾਂ ਕਿਹਾ, “ਬਾਬਾ ਸਾਹਿਬ ਅੰਬੇਡਕਰ ਦਾ ਸੰਵਿਧਾਨ ਹਜ਼ਾਰਾਂ ਸਾਲਾਂ ਤੋਂ ਚੱਲ ਰਹੇ ਸ਼ੋਸ਼ਣ ਅਤੇ ਭੇਦਭਾਵ ਖ਼ਿਲਾਫ਼ ਇੱਕ ਮਰਹਮ ਸੀ। ਅੱਜ ਭਾਜਪਾ ਨੂੰ ਜਵਾਬ ਦੇਣਾ ਚਾਹੀਦਾ ਹੈ ਕਿ ਜਿਹੜੇ ਲੋਕ ਕਥਿਤ ਤੌਰ ’ਤੇ ਜਾਤੀ ਭੇਦਭਾਵ ਕਰਦੇ ਹਨ, ਉਨ੍ਹਾਂ ਨੂੰ ਸੁਰੱਖਿਆ ਕਿਉਂ ਦਿੱਤੀ ਜਾ ਰਹੀ ਹੈ, ਜਦਕਿ ਰਾਹੁਲ ਗਾਂਧੀ ਨੂੰ ਅਜਿਹੀ ਬੇਇਨਸਾਫ਼ੀ ਖ਼ਿਲਾਫ਼ ਆਵਾਜ਼ ਚੁੱਕਣ ਲਈ ਨਿਸ਼ਾਨਾ ਬਣਾਇਆ ਜਾ ਰਿਹਾ ਹੈ?”

ਭਾਜਪਾ ਦੇ ਦੋਹਰੇ ਮਾਪਦੰਡਾਂ ’ਤੇ ਸਖ਼ਤ ਇਤਰਾਜ਼ ਕਰਦਿਆਂ ਵਰਕਾ ਨੇ ਕਿਹਾ ਕਿ ਭਾਜਪਾ ਆਗੂਆਂ ਨੇ ਪਹਿਲਾਂ ਨਿਰਪੱਖ ਜਾਂਚ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਗੱਲ ਕਹੀ ਸੀ, ਪਰ ਭੇਦਭਾਵ ਵਾਲੀ ਕਾਰਵਾਈ ਕਰਨ ਦੇ ਦੋਸ਼ੀਆਂ ਖ਼ਿਲਾਫ਼ ਕੋਈ ਠੋਸ ਕਾਰਵਾਈ ਹੁੰਦੀ ਦਿਖਾਈ ਨਹੀਂ ਦਿੱਤੀ।

ਉਨ੍ਹਾਂ ਕਿਹਾ, “ਦੂਜੇ ਪਾਸੇ, ਵਿਰੋਧੀ ਧਿਰ ਦੇ ਨੇਤਾ ਖ਼ਿਲਾਫ਼ ਸਿਰਫ਼ ਇਸ ਲਈ ਐਫ.ਆਈ.ਆਰ. ਦਰਜ ਕਰ ਦਿੱਤੀ ਗਈ ਕਿਉਂਕਿ ਉਨ੍ਹਾਂ ਨੇ ਇਸ ਮੁੱਦੇ ਖ਼ਿਲਾਫ਼ ਆਵਾਜ਼ ਚੁੱਕੀ। ਇਹ ਭਾਜਪਾ ਦੀ ਬਦਲੇ ਦੀ ਰਾਜਨੀਤੀ ਨੂੰ ਪੂਰੀ ਤਰ੍ਹਾਂ ਸਾਹਮਣੇ ਲਿਆਉਂਦਾ ਹੈ।”

ਵੇਰਕਾ ਨੇ ਕਿਹਾ ਕਿ ਕਾਂਗਰਸ ਪਾਰਟੀ ਅਜਿਹੀਆਂ ਚਾਲਾਂ ਤੋਂ ਕਦੇ ਡਰਨ ਵਾਲੀ ਨਹੀਂ ਹੈ। ਉਨ੍ਹਾਂ ਕਿਹਾ, “ਕਾਂਗਰਸ ਪਾਰਟੀ ਬ੍ਰਿਟਿਸ਼ ਸਾਮਰਾਜ ਦੇ ਸਾਹਮਣੇ ਨਹੀਂ ਝੁਕੀ ਸੀ ਅਤੇ ਭਾਜਪਾ ਦੀਆਂ ਸਸਤੀਆਂ ਡਰਾਉਣ-ਧਮਕਾਉਣ ਵਾਲੀਆਂ ਚਾਲਾਂ ਅਤੇ ਸਿਆਸੀ ਬਦਲੇ ਦੀ ਰਾਜਨੀਤੀ ਅੱਗੇ ਵੀ ਚੁੱਪ ਨਹੀਂ ਬੈਠੇਗੀ।”

ਪੰਜਾਬ ਕਾਂਗਰਸ ਦੇ ਐਸ.ਸੀ. ਵਿਭਾਗ ਨੇ ਸੰਵਿਧਾਨ ਦੀ ਰੱਖਿਆ ਕਰਨ ਅਤੇ ਅਨੁਸੂਚਿਤ ਜਾਤੀਆਂ (ਐਸ.ਸੀ.) ਸਮੇਤ ਸਮਾਜ ਦੇ ਹੋਰ ਵਾਂਝੇ ਵਰਗਾਂ ਦੇ ਹੱਕਾਂ ਅਤੇ ਇੱਜ਼ਤ ਦੀ ਰੱਖਿਆ ਲਈ ਆਪਣੀ ਵਚਨਬੱਧਤਾ ਦੁਹਰਾਈ।

ਪਾਰਟੀ ਨੇ ਕਿਹਾ ਕਿ ਜਾਤੀ ਭੇਦਭਾਵ, ਬੇਇਨਸਾਫ਼ੀ ਅਤੇ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਦੀ ਕਿਸੇ ਵੀ ਕੋਸ਼ਿਸ਼ ਖ਼ਿਲਾਫ਼ ਉਹ ਸੜਕਾਂ ’ਤੇ ਅਤੇ ਲੋਕਤੰਤਰਿਕ ਸੰਸਥਾਵਾਂ ਦੇ ਅੰਦਰ ਆਪਣਾ ਸੰਘਰਸ਼ ਜਾਰੀ ਰੱਖੇਗੀ।

ਕਾਂਗਰਸ ਆਗੂਆਂ ਨੇ ਮੰਗ ਕੀਤੀ ਕਿ ਸ੍ਰੀ ਰਾਹੁਲ ਗਾਂਧੀ ਖ਼ਿਲਾਫ਼ ਦਰਜ ਕੀਤੀ ਗਈ ਐਫ.ਆਈ.ਆਰ. ਵਾਪਸ ਲਈ ਜਾਵੇ ਅਤੇ ਜਾਤੀ ਭੇਦਭਾਵ ਕਰਨ ਜਾਂ ਅਨੁਸੂਚਿਤ ਜਾਤੀ ਭਾਈਚਾਰੇ ਦੀ ਇੱਜ਼ਤ ਨੂੰ ਠੇਸ ਪਹੁੰਚਾਉਣ ਵਾਲੇ ਕਿਸੇ ਵੀ ਕੰਮ ਲਈ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।