BREAKING- ਬਲਵੰਤ ਸਿੰਘ ਰਾਜੋਆਣਾ ਬਾਰੇ ਹਾਈਕੋਰਟ ਦਾ ਵੱਡਾ ਫ਼ੈਸਲਾ; ਇਲਾਜ PGI ਚੰਡੀਗੜ੍ਹ ਤੋਂ ਕਰਵਾਉਣ ਦੇ ਹੁਕਮ
ਚੰਡੀਗੜ੍ਹ, 2 ਸਤੰਬਰ 2026: ਪੰਜਾਬ-ਹਰਿਆਣਾ ਹਾਈਕੋਰਟ ਨੇ ਬਲਵੰਤ ਸਿੰਘ ਰਾਜੋਆਣਾ ਦੀ ਸਿਹਤ ਨਾਲ ਸਬੰਧਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਉਨ੍ਹਾਂ ਦਾ ਇਲਾਜ ਚੰਡੀਗੜ੍ਹ ਸਥਿਤ ਪੋਸਟਗ੍ਰੈਜੂਏਟ ਇੰਸਟੀਚਿਊਟ ਆਫ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ (PGI) ਵਿੱਚ ਹੀ ਕਰਵਾਉਣ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਇਹ ਹੁਕਮ ਰਾਜੋਆਣਾ ਵੱਲੋਂ ਪਟਿਆਲਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਕਰਵਾਉਣ ਦੀ ਇਜਾਜ਼ਤ ਸਬੰਧੀ ਦਾਇਰ ਕੀਤੀ ਪਟੀਸ਼ਨ ਦਾ ਨਿਪਟਾਰਾ ਕਰਦਿਆਂ ਸੁਣਾਇਆ।
ਜਾਣਕਾਰੀ ਅਨੁਸਾਰ ਬਲਵੰਤ ਸਿੰਘ ਰਾਜੋਆਣਾ ਨੇ ਆਪਣੀਆਂ ਅੱਖਾਂ ਸਬੰਧੀ ਸਮੱਸਿਆ ਦੀ ਸ਼ਿਕਾਇਤ ਕੀਤੀ ਸੀ। ਉਨ੍ਹਾਂ ਵੱਲੋਂ ਦੱਸਿਆ ਗਿਆ ਸੀ ਕਿ ਦੋਵੇਂ ਅੱਖਾਂ ਵਿੱਚ ਮੋਤੀਆਬਿੰਦ ਹੋਣ ਕਾਰਨ ਦਰਦ ਅਤੇ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਇਸ ਲਈ ਸਰਜਰੀ ਦੀ ਲੋੜ ਹੈ। ਇਸ ਤੋਂ ਪਹਿਲਾਂ ਜਨਵਰੀ ਮਹੀਨੇ ਵਿੱਚ ਉਨ੍ਹਾਂ ਦੀਆਂ ਅੱਖਾਂ ਦੀ ਜਾਂਚ ਚੰਡੀਗੜ੍ਹ ਸਥਿਤ PGI ਵਿੱਚ ਵੀ ਹੋ ਚੁੱਕੀ ਹੈ।
ਰਾਜੋਆਣਾ ਨੇ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਸੀ ਕਿ ਉਨ੍ਹਾਂ ਨੂੰ ਪਟਿਆਲਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਅੱਖਾਂ ਦਾ ਇਲਾਜ ਅਤੇ ਸਰਜਰੀ ਕਰਵਾਉਣ ਦੀ ਇਜਾਜ਼ਤ ਦਿੱਤੀ ਜਾਵੇ। ਪਟੀਸ਼ਨ ਵਿੱਚ ਉਨ੍ਹਾਂ ਨੇ ਇਹ ਵੀ ਕਿਹਾ ਸੀ ਕਿ ਉਹ ਲੰਬੇ ਸਮੇਂ ਤੋਂ ਪਟਿਆਲਾ ਜੇਲ੍ਹ ਵਿੱਚ ਬੰਦ ਹਨ ਅਤੇ ਕਰੀਬ 30 ਸਾਲਾਂ ਤੋਂ ਜੇਲ੍ਹ ਵਿੱਚ ਰਹਿ ਰਹੇ ਹਨ।
ਸੁਣਵਾਈ ਦੌਰਾਨ ਹਾਈਕੋਰਟ ਨੇ ਸਵਾਲ ਕੀਤਾ ਕਿ ਜਦੋਂ ਜਨਵਰੀ ਵਿੱਚ PGI ਚੰਡੀਗੜ੍ਹ ਵਿਖੇ ਰਾਜੋਆਣਾ ਦੀਆਂ ਅੱਖਾਂ ਦੀ ਜਾਂਚ ਹੋ ਚੁੱਕੀ ਹੈ ਤਾਂ ਪਟਿਆਲਾ ਦੇ ਕਿਸੇ ਨਿੱਜੀ ਹਸਪਤਾਲ ਵਿੱਚ ਇਲਾਜ ਕਰਵਾਉਣ ਦੀ ਲੋੜ ਕਿਉਂ ਹੈ। ਅਦਾਲਤ ਨੇ ਇਸ ਮਾਮਲੇ ’ਤੇ ਵਿਚਾਰ ਕਰਨ ਤੋਂ ਬਾਅਦ ਰਾਜੋਆਣਾ ਦੀ ਪਟੀਸ਼ਨ ਦਾ ਨਿਪਟਾਰਾ ਕਰਦਿਆਂ ਸਪੱਸ਼ਟ ਹੁਕਮ ਦਿੱਤਾ ਕਿ ਉਨ੍ਹਾਂ ਦੀਆਂ ਅੱਖਾਂ ਦਾ ਇਲਾਜ PGI ਚੰਡੀਗੜ੍ਹ ਵਿੱਚ ਹੀ ਕਰਵਾਇਆ ਜਾਵੇ।
ਇਸ ਤਰ੍ਹਾਂ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਰਾਜੋਆਣਾ ਦੀ ਅੱਖਾਂ ਨਾਲ ਸਬੰਧਤ ਡਾਕਟਰੀ ਜਾਂਚ ਅਤੇ ਲੋੜੀਂਦਾ ਇਲਾਜ PGI ਚੰਡੀਗੜ੍ਹ ਵਿੱਚ ਹੀ ਹੋਵੇਗਾ।







