ਪੰਜਾਬ ਕਾਂਗਰਸ ਦੀਆਂ ਸਰਗਰਮੀਆਂ ਤੇਜ਼! ਪ੍ਰਗਟ ਸਿੰਘ ਨੇ ਕੇ.ਸੀ. ਵੇਣੂਗੋਪਾਲ ਨਾਲ ਕੀਤੀ ਮੁਲਾਕਾਤ; ਰਾਹੁਲ ਗਾਂਧੀ ਜਲਦ ਕਰਨਗੇ ਪੰਜਾਬ ਦਾ ਦੌਰਾ
ਚੰਡੀਗੜ੍ਹ, 2 ਸਤੰਬਰ 2026: ਕਾਂਗਰਸ ਦੇ ਵਿਧਾਇਕ ਪ੍ਰਗਟ ਸਿੰਘ ਨੇ ਦਿੱਲੀ ਵਿਖੇ ਕਾਂਗਰਸ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਪੰਜਾਬ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਦੇ ਨਾਲ-ਨਾਲ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਮੁਲਾਕਾਤ ਤੋਂ ਬਾਅਦ ਪ੍ਰਗਟ ਸਿੰਘ ਨੇ ਦੱਸਿਆ ਕਿ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ ਅਤੇ ਲੋਕਾਂ ਨਾਲ ਜੁੜੇ ਮੁੱਦੇ ਮੀਟਿੰਗ ਦੌਰਾਨ ਵਿਚਾਰ ਅਧੀਨ ਰਹੇ। ਉਨ੍ਹਾਂ ਕਿਹਾ ਕਿ ਕਾਂਗਰਸ ਵੱਲੋਂ ਸੂਬੇ ਵਿੱਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਜਥੇਬੰਦਕ ਪੱਧਰ ’ਤੇ ਤਿਆਰੀਆਂ ਨੂੰ ਤੇਜ਼ ਕਰਨ ’ਤੇ ਵੀ ਚਰਚਾ ਹੋਈ।
ਪ੍ਰਗਟ ਸਿੰਘ ਨੇ ਕਿਹਾ ਕਿ ਕਾਂਗਰਸ ਆਗੂ ਰਾਹੁਲ ਗਾਂਧੀ ਜਲਦ ਹੀ ਪੰਜਾਬ ਦਾ ਦੌਰਾ ਕਰਨਗੇ। ਉਨ੍ਹਾਂ ਮੁਤਾਬਕ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਦੌਰਾਨ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਯਾਤਰਾ ਕੀਤੀ ਜਾਵੇਗੀ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਤੇ ਵਰਕਰਾਂ ਨਾਲ ਮੁਲਾਕਾਤਾਂ ਕੀਤੀਆਂ ਜਾਣਗੀਆਂ।
ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦੇ ਦੌਰੇ ਦਾ ਮੁੱਖ ਮਕਸਦ ਪੰਜਾਬ ਦੇ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣਾ ਅਤੇ ਸੂਬੇ ਨਾਲ ਸਬੰਧਤ ਅਹਿਮ ਮੁੱਦਿਆਂ ਨੂੰ ਸਮਝਣਾ ਹੋਵੇਗਾ। ਇਸ ਦੌਰੇ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵੀ ਅਹਿਮ ਮੰਨਿਆ ਜਾ ਰਿਹਾ ਹੈ।
ਪ੍ਰਗਟ ਸਿੰਘ ਨੇ ਦੱਸਿਆ ਕਿ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਦੀਆਂ ਤਰੀਕਾਂ ਬਾਰੇ ਜਲਦ ਹੀ ਅਧਿਕਾਰਤ ਐਲਾਨ ਕੀਤਾ ਜਾਵੇਗਾ। ਦੌਰੇ ਦੀਆਂ ਤਰੀਕਾਂ ਤੈਅ ਹੋਣ ਤੋਂ ਬਾਅਦ ਪਾਰਟੀ ਵੱਲੋਂ ਇਸ ਸਬੰਧੀ ਵਿਸਥਾਰਤ ਪ੍ਰੋਗਰਾਮ ਵੀ ਜਾਰੀ ਕੀਤੇ ਜਾਣ ਦੀ ਸੰਭਾਵਨਾ ਹੈ।







