- AAP ਦੇ ਸਾਬਕਾ ਹਲਕਾ ਇੰਚਾਰਜ ਦਿਨੇਸ਼ ਢੱਲ ਭਾਜਪਾ ’ਚ ਸ਼ਾਮਲ
- ਕੇਵਲ ਢਿੱਲੋਂ ਦੀ ਅਗਵਾਈ ’ਚ ਹੋਇਆ ਪਾਰਟੀ ’ਚ ਸਵਾਗਤ, 2027 ’ਚ ਟਿਕਟ ਮਿਲਣ ਦੀਆਂ ਚਰਚਾਵਾਂ
ਜਲੰਧਰ, 2 ਸਤੰਬਰ (ਦੇਸ਼ ਕਲਿੱਕ ਬਿਊਰੋ): ਆਮ ਆਦਮੀ ਪਾਰਟੀ (AAP) ਦੇ ਸਾਬਕਾ ਹਲਕਾ ਇੰਚਾਰਜ ਦਿਨੇਸ਼ ਢੱਲ ਨੇ ਭਾਜਪਾ ਦਾ ਪੱਲਾ ਫੜ ਲਿਆ ਹੈ। ਇੱਕ ਨਿੱਜੀ ਹੋਟਲ ਵਿੱਚ ਪੰਜਾਬ ਭਾਜਪਾ ਪ੍ਰਧਾਨ ਕੇਵਲ ਢਿੱਲੋਂ ਦੀ ਅਗਵਾਈ ਹੇਠ ਕਰਵਾਏ ਗਏ ਪ੍ਰੋਗਰਾਮ ਦੌਰਾਨ ਦਿਨੇਸ਼ ਢੱਲ ਨੇ ਭਾਰਤੀ ਜਨਤਾ ਪਾਰਟੀ ਦੀ ਮੈਂਬਰਸ਼ਿਪ ਹਾਸਲ ਕੀਤੀ। ਭਾਜਪਾ ਆਗੂਆਂ ਅਤੇ ਵਰਕਰਾਂ ਨੇ ਪਾਰਟੀ ਵਿੱਚ ਸ਼ਾਮਲ ਹੋਣ ’ਤੇ ਦਿਨੇਸ਼ ਢੱਲ ਦਾ ਸਵਾਗਤ ਕੀਤਾ। ਇਸ ਮੌਕੇ ਉਹ ਨਾਰਥ ਹਲਕੇ ਦੇ ਸਾਬਕਾ ਵਿਧਾਇਕ ਕੇ.ਡੀ. ਭੰਡਾਰੀ ਨੂੰ ਵੀ ਮਿਲੇ। ਦਿਨੇਸ਼ ਢੱਲ ਦੇ ਨਾਲ ਉਨ੍ਹਾਂ ਦੇ ਭਰਾ ਵੀ ਮੌਜੂਦ ਸਨ। ਪ੍ਰੋਗਰਾਮ ਦੌਰਾਨ ਭਾਜਪਾ ਵਰਕਰਾਂ ਵੱਲੋਂ ‘ਭਾਰਤ ਮਾਤਾ ਦੀ ਜੈ’ ਦੇ ਨਾਅਰੇ ਵੀ ਲਗਾਏ ਗਏ।
2027 ਦੀਆਂ ਚੋਣਾਂ ਇਕੱਲਿਆਂ ਲੜਨ ਦਾ ਐਲਾਨ
ਕੇਵਲ ਢਿੱਲੋਂ ਨੇ ਕਿਹਾ ਕਿ ਭਾਜਪਾ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਇਕੱਲਿਆਂ ਲੜੇਗੀ। ਉਨ੍ਹਾਂ ਦਿਨੇਸ਼ ਢੱਲ ਦੇ ਪਾਰਟੀ ਵਿੱਚ ਸ਼ਾਮਲ ਹੋਣ ਦਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਆਉਣ ਨਾਲ ਪਾਰਟੀ ਨੂੰ ਮਜ਼ਬੂਤੀ ਮਿਲੇਗੀ। ਉੱਧਰ, ਪਾਰਟੀ ਵਿੱਚ ਸ਼ਾਮਲ ਹੋਣ ’ਤੇ ਦਿਨੇਸ਼ ਢੱਲ ਨੇ ਵੀ ਕੇਵਲ ਢਿੱਲੋਂ ਦਾ ਧੰਨਵਾਦ ਕੀਤਾ। ਸਿਆਸੀ ਹਲਕਿਆਂ ਵਿੱਚ ਚਰਚਾ ਹੈ ਕਿ ਭਾਜਪਾ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਦਿਨੇਸ਼ ਢੱਲ ਨੂੰ ਟਿਕਟ ਦੇ ਕੇ ਮੈਦਾਨ ਵਿੱਚ ਉਤਾਰ ਸਕਦੀ ਹੈ। ਹਾਲਾਂਕਿ ਇਸ ਸਬੰਧੀ ਪਾਰਟੀ ਵੱਲੋਂ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ।
ਭਾਜਪਾ ਨੇ ਅਰਵਿੰਦ ਮਿਸ਼ਰਾ ਨੂੰ ਕੀਤਾ ਮੁਅੱਤਲ
ਇਸੇ ਦੌਰਾਨ ਭਾਜਪਾ ਜਲੰਧਰ ਸ਼ਹਿਰੀ ਵੱਲੋਂ ਅਰਵਿੰਦ ਮਿਸ਼ਰਾ ਨੂੰ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਜਲੰਧਰ ਸ਼ਹਿਰੀ ਭਾਜਪਾ ਦੇ ਜਨਰਲ ਸਕੱਤਰ ਅਮਰਜੀਤ ਸਿੰਘ ਗੋਲਡੀ ਵੱਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਅਰਵਿੰਦ ਮਿਸ਼ਰਾ ਵੱਲੋਂ ਲਗਾਤਾਰ ਪਾਰਟੀ ਦੀ ਛਵੀ ਨੂੰ ਨੁਕਸਾਨ ਪਹੁੰਚਾਉਣ ਵਾਲੀਆਂ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਸਨ। ਪੱਤਰ ਮੁਤਾਬਕ ਉਨ੍ਹਾਂ ਨੂੰ ਤੁਰੰਤ ਪ੍ਰਭਾਵ ਨਾਲ ਪਾਰਟੀ ਤੋਂ ਸਸਪੈਂਡ ਕੀਤਾ ਗਿਆ ਹੈ। ਨਾਲ ਹੀ ਸਪੱਸ਼ਟ ਕੀਤਾ ਗਿਆ ਹੈ ਕਿ ਹੁਣ ਅਰਵਿੰਦ ਮਿਸ਼ਰਾ ਵੱਲੋਂ ਕੀਤੀ ਜਾਣ ਵਾਲੀ ਕਿਸੇ ਵੀ ਕਾਰਵਾਈ ਨਾਲ ਭਾਜਪਾ ਦਾ ਕੋਈ ਸਬੰਧ ਨਹੀਂ ਹੋਵੇਗਾ।







