- ਮਜੀਠਾ ‘ਚ ਵੱਡੀ ਵਾਰਦਾਤ: ਪਿਤਾ ’ਤੇ 19 ਸਾਲਾ ਧੀ ਦਾ ਗਲਾ ਘੁੱਟ ਕੇ ਕਤਲ ਕਰਨ ਦਾ ਦੋਸ਼
- ਲਾਸ਼ ਘਰ ਪਿੱਛੇ ਦਫ਼ਨਾਈ
ਮਜੀਠਾ: 2 ਸਤੰਬਰ (ਦੇਸ਼ ਕਲਿੱਕ ਬਿਊਰੋ): ਹਲਕਾ ਮਜੀਠਾ ਦੇ ਪਿੰਡ ਮੱਤੇਵਾਲ ਤੋਂ ਇੱਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਪਿਤਾ ’ਤੇ ਆਪਣੀ 19 ਸਾਲਾ ਧੀ ਦਾ ਗਲਾ ਘੁੱਟ ਕੇ ਕਤਲ ਕਰਨ ਦੇ ਦੋਸ਼ ਲੱਗੇ ਹਨ। ਮੁੱਢਲੀ ਜਾਣਕਾਰੀ ਮੁਤਾਬਕ ਪਿਤਾ ਨੂੰ ਸ਼ੱਕ ਸੀ ਕਿ ਉਸ ਦੀ ਧੀ ਦਾ ਕਿਸੇ ਨੌਜਵਾਨ ਨਾਲ ਪ੍ਰੇਮ ਸਬੰਧ ਸੀ ਅਤੇ ਉਹ ਲਵ ਮੈਰਿਜ ਕਰਨਾ ਚਾਹੁੰਦੀ ਸੀ। ਦੱਸਿਆ ਜਾ ਰਿਹਾ ਹੈ ਕਿ ਪਰਿਵਾਰ ਦੀ ਵੱਡੀ ਧੀ ਪਹਿਲਾਂ ਹੀ ਲਵ ਮੈਰਿਜ ਕਰ ਚੁੱਕੀ ਹੈ। ਇਸੇ ਦੌਰਾਨ ਛੋਟੀ ਧੀ ਨੂੰ ਲੈ ਕੇ ਪਿਤਾ ਵੱਲੋਂ ਸ਼ੱਕ ਜਤਾਇਆ ਜਾ ਰਿਹਾ ਸੀ।
ਕਤਲ ਤੋਂ ਬਾਅਦ ਘਰ ਪਿੱਛੇ ਦਫ਼ਨਾਈ ਲਾਸ਼
ਦੋਸ਼ ਹੈ ਕਿ ਪਿਤਾ ਨੇ ਧੀ ਦਾ ਕਤਲ ਕਰਨ ਤੋਂ ਬਾਅਦ ਉਸ ਦੀ ਲਾਸ਼ ਨੂੰ ਘਰ ਦੇ ਪਿਛਲੇ ਪਾਸੇ ਦਫ਼ਨਾ ਦਿੱਤਾ। ਮਾਮਲੇ ਦਾ ਖੁਲਾਸਾ ਉਸ ਸਮੇਂ ਹੋਇਆ ਜਦੋਂ ਲੜਕੀ ਦੀ ਮਾਂ ਵੱਲੋਂ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ। ਮਾਂ ਦੇ ਬਿਆਨਾਂ ਦੇ ਆਧਾਰ ’ਤੇ ਪੁਲਿਸ ਨੇ FIR ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਘਟਨਾ ਦੇ ਹਾਲਾਤ ਅਤੇ ਲਾਸ਼ ਨੂੰ ਦਫ਼ਨਾਉਣ ਸਬੰਧੀ ਤੱਥਾਂ ਦੀ ਜਾਂਚ ਕੀਤੀ ਜਾ ਰਹੀ ਹੈ। ਮਾਮਲੇ ਵਿੱਚ ਲੱਗੇ ਦੋਸ਼ਾਂ ਦੀ ਪੁਲਿਸ ਜਾਂਚ ਤੋਂ ਬਾਅਦ ਹੀ ਪੂਰੀ ਤਸਵੀਰ ਸਪੱਸ਼ਟ ਹੋਵੇਗੀ।







