ਮੋਹਾਲੀ-ਚੰਡੀਗੜ੍ਹ ਬਾਰਡਰ ’ਤੇ ਕਿਸਾਨ ਮੋਰਚਾ ਦੂਜੇ ਦਿਨ ਵੀ ਜਾਰੀ, ਪੰਜਾਬ ਭਰ ਤੋਂ ਵੱਡੀ ਗਿਣਤੀ ’ਚ ਕਿਸਾਨਾਂ ਦੀ ਸ਼ਮੂਲੀਅਤ

Top Trending News ਪੰਜਾਬ

  • ਮੋਹਾਲੀ-ਚੰਡੀਗੜ੍ਹ ਬਾਰਡਰ ’ਤੇ ਕਿਸਾਨ ਮੋਰਚਾ ਦੂਜੇ ਦਿਨ ਵੀ ਜਾਰੀ, ਪੰਜਾਬ ਭਰ ਤੋਂ ਵੱਡੀ ਗਿਣਤੀ ’ਚ ਕਿਸਾਨਾਂ ਦੀ ਸ਼ਮੂਲੀਅਤ

ਐਸ ਏ ਐਸ ਨਗਰ, 2 ਸਤੰਬਰ (ਦੇਸ਼ ਕਲਿੱਕ ਬਿਊਰੋ): ਸੰਯੁਕਤ ਕਿਸਾਨ ਮੋਰਚਾ (SKM) ਵੱਲੋਂ ਮੁਹਾਲੀ-ਚੰਡੀਗੜ੍ਹ ਸਰਹੱਦ ’ਤੇ ਲਾਇਆ ਗਿਆ ਪੱਕਾ ਧਰਨਾ ਬੁੱਧਵਾਰ ਨੂੰ ਦੂਜੇ ਦਿਨ ਵਿੱਚ ਦਾਖਲ ਹੋ ਗਿਆ। ਪੰਜਾਬ ਦੇ ਵੱਖ-ਵੱਖ ਇਲਾਕਿਆਂ ਤੋਂ ਕਿਸਾਨ, ਮਜ਼ਦੂਰ, ਨੌਜਵਾਨ ਅਤੇ ਔਰਤਾਂ ਕਾਫਲਿਆਂ ਦੇ ਰੂਪ ਵਿੱਚ ਮੋਰਚੇ ’ਚ ਪਹੁੰਚਦੇ ਰਹੇ। ਦੁਪਹਿਰ ਤੱਕ ਧਰਨੇ ਵਾਲੀ ਥਾਂ ’ਤੇ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋ ਗਏ। ਕਿਸਾਨਾਂ ਦੇ ਧਰਨੇ ਕਾਰਨ ਮੁਹਾਲੀ ਤੋਂ ਚੰਡੀਗੜ੍ਹ ਨੂੰ ਜਾਣ ਵਾਲੀ ਮੁੱਖ ਸੜਕ ’ਤੇ ਆਵਾਜਾਈ ਪ੍ਰਭਾਵਿਤ ਰਹੀ ਅਤੇ ਰਸਤਾ ਬੰਦ ਰਿਹਾ।

ਮੋਰਚੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਦੇਸ਼ ਦੇ ਅਨਾਜ ਭੰਡਾਰ ਦੀ ਵੱਡੀ ਲੋੜ ਪੂਰੀ ਕਰਨ ਵਾਲਾ ਕਿਸਾਨ ਅੱਜ ਆਪਣੇ ਹੱਕਾਂ ਲਈ ਸੜਕਾਂ ’ਤੇ ਸੰਘਰਸ਼ ਕਰਨ ਲਈ ਮਜਬੂਰ ਹੈ। ਉਨ੍ਹਾਂ ਕਿਸਾਨਾਂ ਸਮੇਤ ਸਮਾਜ ਦੇ ਸਾਰੇ ਵਰਗਾਂ ਨੂੰ ਆਪਣੇ ਹੱਕਾਂ ਲਈ ਇਕਜੁੱਟ ਹੋਣ ਦੀ ਅਪੀਲ ਕੀਤੀ। ਰਾਜੇਵਾਲ ਨੇ ਗੰਨੇ ਦਾ ਘੱਟੋ-ਘੱਟ ਭਾਅ 500 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਮੰਗ ਰੱਖਦਿਆਂ ਕਿਹਾ ਕਿ ਗੰਨਾ ਉਤਪਾਦਕਾਂ ਦੀਆਂ ਬਕਾਇਆ ਅਦਾਇਗੀਆਂ, ਕਿਸਾਨਾਂ ਦੀ ਕਰਜ਼ਾ ਮੁਆਫ਼ੀ ਅਤੇ ਹੋਰ ਲੰਬਿਤ ਮਸਲਿਆਂ ਦਾ ਤੁਰੰਤ ਹੱਲ ਕੀਤਾ ਜਾਣਾ ਚਾਹੀਦਾ ਹੈ।

ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ ਨੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਅਤੇ ਗੰਨਾ ਕਿਸਾਨਾਂ ਦੀਆਂ ਰੁਕੀਆਂ ਹੋਈਆਂ ਅਦਾਇਗੀਆਂ ਜਲਦ ਜਾਰੀ ਕਰਨ ਦੀ ਮੰਗ ਕੀਤੀ। ਉਨ੍ਹਾਂ ਪੁਰਾਣੇ ਜਲ-ਵੰਡ ਸਮਝੌਤਿਆਂ ਨੂੰ ਰੱਦ ਕਰਨ ਦੀ ਵੀ ਮੰਗ ਕੀਤੀ। ਮਨਜੀਤ ਸਿੰਘ ਪੰਧੇਰ ਨੇ ਸਰਕਾਰ ਨੂੰ ਕਿਸਾਨਾਂ ਦੇ ਸਬਰ ਦੀ ਹੋਰ ਪ੍ਰੀਖਿਆ ਨਾ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਮੰਗਾਂ ਦੇ ਹੱਲ ਵੱਲ ਠੋਸ ਕਦਮ ਚੁੱਕੇ ਜਾਣ। ਰਮਿੰਦਰ ਸਿੰਘ ਪਟਿਆਲਾ ਨੇ ਕਿਹਾ ਕਿ ਪੰਜਾਬ ਦਾ ਕਿਸਾਨ ਆਪਣੇ ਹੱਕ ਲੈਣ ਤੋਂ ਬਾਅਦ ਹੀ ਵਾਪਸ ਜਾਵੇਗਾ।

ਬੂਟਾ ਸਿੰਘ ਸ਼ਾਦੀਪੁਰ ਨੇ ਚੇਤਾਵਨੀ ਦਿੱਤੀ ਕਿ ਜੇਕਰ ਪੰਜਾਬ ਅਤੇ ਕੇਂਦਰ ਸਰਕਾਰ ਨੇ ਆਪਣੇ ਪੱਧਰ ’ਤੇ ਆਉਂਦੇ ਮਸਲਿਆਂ ਦਾ ਹੱਲ ਨਾ ਕੀਤਾ ਤਾਂ ਕਿਸਾਨ ਅੰਦੋਲਨ ਨੂੰ ਹੋਰ ਤੇਜ਼ ਕਰਨ ਲਈ ਮਜਬੂਰ ਹੋਣਗੇ। ਉਨ੍ਹਾਂ ਕਿਹਾ ਕਿ ਲੋੜ ਪਈ ਤਾਂ ਮੋਰਚੇ ਦੀ ਮਿਆਦ 7 ਸਤੰਬਰ ਤੋਂ ਅੱਗੇ ਵੀ ਵਧਾਈ ਜਾ ਸਕਦੀ ਹੈ। ਇਸ ਦੌਰਾਨ ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਅਤੇ ਚੰਡੀਗੜ੍ਹ ਪ੍ਰਸ਼ਾਸਨ ’ਤੇ ਧਰਨਾਕਾਰੀਆਂ ਲਈ ਬਿਜਲੀ, ਪਾਣੀ, ਮੋਬਾਈਲ ਟਾਇਲਟ ਅਤੇ ਸਫਾਈ ਵਰਗੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਨਾ ਕਰਵਾਉਣ ਦੇ ਦੋਸ਼ ਲਗਾਉਂਦਿਆਂ ਨਾਰਾਜ਼ਗੀ ਜ਼ਾਹਰ ਕੀਤੀ।

ਕਿਸਾਨ ਆਗੂਆਂ ਨੇ ਸਪੱਸ਼ਟ ਕੀਤਾ ਕਿ ਉਹ ਸਿਰਫ਼ ਸੱਤ ਦਿਨਾਂ ਲਈ ਇੱਥੇ ਬੈਠਣ ਨਹੀਂ ਆਏ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਮੰਗਾਂ ਸਬੰਧੀ ਕੋਈ ਠੋਸ ਫੈਸਲਾ ਨਾ ਲਿਆ ਗਿਆ ਤਾਂ ਅੰਦੋਲਨ ਨੂੰ ਹੋਰ ਅੱਗੇ ਵਧਾਇਆ ਜਾਵੇਗਾ ਅਤੇ ਆਉਣ ਵਾਲੇ ਦਿਨਾਂ ਵਿੱਚ ਅਗਲੀ ਰਣਨੀਤੀ ਦਾ ਐਲਾਨ ਕੀਤਾ ਜਾ ਸਕਦਾ ਹੈ।