CM ਮਾਨ DA ਦੇ ਬਕਾਏ ’ਤੇ ਮੁਲਾਜ਼ਮਾਂ ਨਾਲ ਗੱਲਬਾਤ ਲਈ ਤਿਆਰ

Top Trending News ਪੰਜਾਬ

 

CM ਮਾਨ DA ਦੇ ਬਕਾਏ ’ਤੇ ਮੁਲਾਜ਼ਮਾਂ ਨਾਲ ਗੱਲਬਾਤ ਲਈ ਤਿਆਰ

ਪਟਿਆਲਾ 3 ਸਤੰਬਰ 2026

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੀਆਂ ਸੰਘਰਸ਼ਸ਼ੀਲ ਮੁਲਾਜ਼ਮ ਜਥੇਬੰਦੀਆਂ ਨਾਲ ਡੀਏ (ਮਹਿੰਗਾਈ ਭੱਤਾ) ਦੇ ਮੁੱਦੇ ’ਤੇ ਗੱਲਬਾਤ ਕਰਨ ਲਈ ਤਿਆਰ ਹਨ। ਆਮ ਆਦਮੀ ਪਾਰਟੀ ਦੇ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਬਲਤੇਜ ਸਿੰਘ ਪੰਨੂ ਨੇ ਇਹ ਦਾਅਵਾ ਕੀਤਾ ਹੈ। ਉਹ ਇੱਥੇ ਸ੍ਰੀ ਕਾਲੀ ਦੇਵੀ ਮੰਦਰ ਵਿਖੇ ਚੱਲ ਰਹੇ ਨਿਰਮਾਣ ਕਾਰਜਾਂ ਦਾ ਨਿਰੀਖਣ ਕਰਨ ਪਹੁੰਚੇ ਸਨ।

ਪੰਨੂ ਨੇ ਕਿਹਾ ਕਿ ਜਦੋਂ ਵੀ ਮੁਲਾਜ਼ਮ ਜਥੇਬੰਦੀਆਂ ਮੁੱਖ ਮੰਤਰੀ ਨਾਲ ਮੀਟਿੰਗ ਕਰਨਾ ਚਾਹੁਣਗੀਆਂ, ਸਰਕਾਰ ਵੱਲੋਂ ਗੱਲਬਾਤ ਲਈ ਸਮਾਂ ਦਿੱਤਾ ਜਾਵੇਗਾ। ਉਨ੍ਹਾਂ ਦੇ ਇਸ ਬਿਆਨ ਨਾਲ ਡੀਏ ਦੇ ਬਕਾਏ ਅਤੇ ਹੋਰ ਮੰਗਾਂ ਨੂੰ ਲੈ ਕੇ ਸਰਕਾਰ ਤੇ ਮੁਲਾਜ਼ਮ ਜਥੇਬੰਦੀਆਂ ਵਿਚਾਲੇ ਬਣੀ ਖੜੋਤ ਦੂਰ ਹੋਣ ਦੀ ਉਮੀਦ ਜਾਗੀ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (ਡੀਏ) ਅਤੇ ਮਹਿੰਗਾਈ ਰਾਹਤ (ਡੀਆਰ) ਸਮੇਤ ਬਕਾਏ ਦੇ ਮਾਮਲੇ ’ਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 3 ਅਗਸਤ ਦੇ ਫ਼ੈਸਲੇ ਵਿਰੁੱਧ ਸੁਪਰੀਮ ਕੋਰਟ ਦਾ ਰੁਖ਼ ਕੀਤਾ ਹੈ। ਇਸ ਦੇ ਵਿਰੋਧ ’ਚ ਮੁਲਾਜ਼ਮਾਂ ਨੇ 27 ਅਗਸਤ ਨੂੰ ਸਮੂਹਿਕ ਛੁੱਟੀ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਸੀ। ਇਸੇ ਦਿਨ ਮੁੱਖ ਮੰਤਰੀ ਨਾਲ ਮੁਲਾਜ਼ਮ ਆਗੂਆਂ ਦੀ ਪ੍ਰਸਤਾਵਿਤ ਮੀਟਿੰਗ ਵੀ ਆਖ਼ਰੀ ਮੌਕੇ ’ਤੇ ਮੁਲਤਵੀ ਹੋ ਗਈ ਸੀ।

ਹੁਣ ਪੰਨੂ ਦੇ ਬਿਆਨ ਨੂੰ ਦੋਵੇਂ ਧਿਰਾਂ ਵਿਚਾਲੇ ਗੱਲਬਾਤ ਮੁੜ ਸ਼ੁਰੂ ਹੋਣ ਦੀ ਸੰਭਾਵਨਾ ਵਜੋਂ ਦੇਖਿਆ ਜਾ ਰਿਹਾ ਹੈ।